ਬੱਜਰ ਪਾਪ ਕੀਤਾ ਹੈ ਕਾਂਗਰਸ ਨੇ : ਅਕਾਲੀ ਦਲ

Tuesday, Oct 30, 2018 - 09:00 AM (IST)

ਬੱਜਰ ਪਾਪ ਕੀਤਾ ਹੈ ਕਾਂਗਰਸ ਨੇ : ਅਕਾਲੀ ਦਲ

ਚੰਡੀਗੜ੍ਹ(ਅਸ਼ਵਨੀ)— ਸਿੱਖ ਇਤਿਹਾਸ ਨਾਲ ਛੇੜਛਾੜ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤਿੱਖੇ ਤੇਵਰ ਅਖਤਿਆਰ ਕਰ ਲਏ ਹਨ।

1 ਨਵੰਬਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅੰਦੋਲਨ ਕਰਨਗੇ। ਸੋਮਵਾਰ ਨੂੰ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਛੇੜਛਾੜ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਸ ਖਿਲਾਫ ਸਿੱਖ ਜਗਤ ਇਕਜੁੱਟ ਹੋ ਕੇ ਕਾਂਗਰਸ ਸਰਕਾਰ ਦੀ ਬੁਨਿਆਦ ਹਿਲਾ ਦੇਵੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ 'ਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ 'ਚ ਅਕਾਲੀ ਦਲ ਨੇ ਕਾਂਗਰਸ ਨੂੰ ਪਹਿਲਾਂ ਵੀ ਰੋਕਿਆ ਸੀ ਪਰ ਹੁਣ ਇਕ ਵਾਰ ਫਿਰ ਕਾਂਗਰਸ ਸਰਕਾਰ ਨੇ ਉਹੀ ਗਲਤੀ ਦੋਹਰਾਈ ਹੈ। ਇਹ ਬੇਹੱਦ ਨਿੰਦਣਯੋਗ ਹੈ। ਸੁਖਬੀਰ ਨੇ ਕਿਹਾ ਕਿ ਇਹ ਬੱਜਰ ਪਾਪ ਹੈ ਤੇ ਕਾਂਗਰਸ ਸਰਕਾਰ ਨੂੰ ਇਸ ਦਾ ਭੁਗਤਾਨ ਕਰਨਾ ਪਵੇਗਾ। ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ 'ਚ ਸਿੱਖ ਇਤਿਹਾਸ ਤੇ ਗੁਰੂ ਸਾਹਿਬਾਨ ਦੀ ਜੀਵਨੀ ਸਬੰਧੀ 'ਚ ਬੱਚਿਆਂ ਨੂੰ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ 'ਚ ਵਿਸਥਾਰ ਪੂਰਵਕ ਇਤਿਹਾਸ ਪੜ੍ਹਾਇਆ ਜਾਂਦਾ ਸੀ ਪਰ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੱਤਾ 'ਚ ਆਉਂਦੇ ਹੀ ਇਤਿਹਾਸ ਨੂੰ ਤੋੜ-ਮਰੋੜ ਦਿੱਤਾ।

ਉਨ੍ਹਾਂ ਕਿਹਾ ਕਿ ਜੋ ਨਵਾਂ ਇਤਿਹਾਸ ਪੇਸ਼ ਕੀਤਾ ਗਿਆ ਹੈ, ਉਹ ਨਾਕਾਰਾਤਮਕ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਇਹ ਇਤਿਹਾਸ ਦੁਸ਼ਮਣ ਦੇ ਇਤਿਹਾਸ ਵਰਗਾ ਪ੍ਰਤੀਤ ਹੁੰਦਾ ਹੈ। ਗੁਰੂ ਸਾਹਿਬਾਨ ਲਈ ਅਪਮਾਨਜਨਕ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਮਾਮਲੇ 'ਤੇ ਅਕਾਲੀ ਦਲ ਕੋਰ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੀ ਬੈਠਕ ਕਰ ਕੇ ਦੁੱਖ  ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਛੇਤੀ ਤੋਂ ਛੇਤੀ ਐੱਫ. ਆਈ. ਆਰ. ਦਰਜ ਹੋਣੀ ਚਾਹੀਦੀ ਹੈ ਤੇ ਇਤਿਹਾਸ ਨਾਲ ਛੇੜਛਾੜ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਅਕਾਲੀ ਨੇਤਾ ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਜੋ ਇਤਿਹਾਸ ਪੇਸ਼ ਕੀਤਾ ਗਿਆ ਹੈ, ਇਹ ਇੱਕ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਹੈ।


Related News