ਕੈਪਟਨ ਦੇ ਪੱਖ 'ਚ ਆਏ ਕਾਂਗਰਸੀ ਸਾਂਸਦ, ਕਿਸਾਨ ਅੰਦੋਲਨ 'ਚ ਕੇਜਰੀਵਾਲ 'ਤੇ ਮੜ੍ਹੇ ਵੱਡੇ ਦੋਸ਼
Tuesday, Dec 15, 2020 - 08:36 PM (IST)
ਜਲੰਧਰ (ਧਵਨ) : ਆਮ ਆਦਮੀ ਪਾਰਟੀ ਨੂੰ ਭਾਜਪਾ ਦੀ 'ਬੀ' ਟੀਮ ਕਰਾਰ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਸਦ ਮੈਂਬਰਾਂ ਨੇ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਉਹ ਕੇਂਦਰ ਦੇ ਨਾਲ ਮਿਲੇ ਹੋਏ ਹਨ ਅਤੇ ਕਾਂਗਰਸ ਦੇ ਅਕਸ ਨੂੰ ਖਰਾਬ ਕਰਨ ਲਈ ਉਨ੍ਹਾਂ ਤੋਂ ਦਿਸ਼ਾ-ਨਿਰਦੇਸ਼ ਲੈ ਰਹੇ ਹਨ। ਕਾਂਗਰਸੀ ਸੰਸਦ ਮੈਂਬਰਾਂ ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ ਅਤੇ ਜਸਬੀਰ ਸਿੰਘ ਡਿੰਪਾ ਨੇ ਇਕ ਸਾਂਝੇ ਬਿਆਨ 'ਚ ਕਿਹਾ ਕਿ ਕੇਜਰੀਵਾਲ ਨੇ ਕੇਂਦਰ ਦੇ ਖ਼ਤਰਨਾਕ ਖੇਤੀ ਕਾਨੂੰਨਾਂ ਨੂੰ ਦਿੱਲੀ 'ਚ ਲਾਗੂ ਕਰਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਝੂਠਾ ਪ੍ਰਚਾਰ ਕਰ ਰਹੀ ਹੈ ਜਿਸ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੁਰਾਣੀ ਤਸਵੀਰ ਅੰਬਾਨੀਆਂ ਦੇ ਨਾਲ ਵਿਖਾਈ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਕੈਪਟਨ ਅੰਬਾਨੀਆਂ ਦੇ ਨਾਲ ਹੈ, ਜਦਕਿ ਅਸਲੀਅਤ ਇਹ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਪਹਿਲੇ ਦਿਨ ਤੋਂ ਹੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਨਾਲ ਖੜ੍ਹੇ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਆਈ ਮਾੜੀ ਖ਼ਬਰ, ਭਿਆਨਕ ਹਾਦਸੇ 'ਚ ਦੋ ਕਿਸਾਨਾਂ ਦੀ ਮੌਤ
ਉਨ੍ਹਾਂ ਕਿਹਾ ਕਿ 'ਆਪ' ਲੀਡਰਸ਼ਿਪ ਨੇ ਸ਼ਰਮਨਾਕ ਢੰਗ ਨਾਲ ਝੂਠੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਦੇ ਝੂਠੇ ਅਤੇ ਖ਼ਤਰਨਾਕ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਣਗੇ, ਜੋ ਕਿਸਾਨਾਂ ਦੇ ਅੰਦੋਲਨ ਨੂੰ ਤਾਰਪੀਡੋ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਜਾਣਦਾ ਹੈ ਕਿ ਕੇਜਰੀਵਾਲ ਭਾਜਪਾ ਦੀ ਦੇਣ ਹੈ ਅਤੇ ਦਿੱਲੀ 'ਚ ਵਿਰੋਧੀ ਧਿਰ ਨੂੰ ਕਮਜ਼ੋਰ ਕਰਨ ਲਈ ਧਰਨਾ ਮਾਹਿਰ ਰਾਜਨੀਤੀ ਨੂੰ ਉਸ ਨੇ ਅੱਗੇ ਕੀਤਾ ਸੀ। ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਸਰਕਾਰ ਦੇ ਇਸ਼ਾਰਿਆਂ 'ਤੇ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਬਣਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੇ ਭਾਜਪਾ 'ਚ ਲਵਾਈ ਅਸਤੀਫ਼ਿਆਂ ਦੀ ਝੜੀ, ਲੱਗਾ ਇਕ ਹੋਰ ਵੱਡਾ ਝਟਕਾ
ਉਨ੍ਹਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਲਏ ਗਏ ਯੂ-ਟਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਰਾਜ ਵਿਧਾਨ ਸਭਾ 'ਚ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਲਾਏ ਗਏ ਖੇਤੀ ਸੋਧ ਬਿੱਲਾਂ ਦਾ ਸਮਰਥਨ ਕੀਤਾ ਪਰ ਬਾਹਰ ਆ ਕੇ 'ਆਪ' ਨੇਤਾਵਾਂ ਨੇ ਯੂ-ਟਰਨ ਲੈ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ 'ਚ ਸਰਕਾਰ ਅੰਬਾਨੀ ਦੀਆਂ ਬਿਜਲੀ ਕੰਪਨੀਆਂ ਦੀ ਸ਼ਲਾਘਾ ਕਰਦੀ ਰਹੀ ਹੈ। ਹੁਣ ਕੇਜਰੀਵਾਲ ਦੀ ਪਾਰਟੀ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।
ਇਹ ਵੀ ਪੜ੍ਹੋ : ਅੰਦੋਲਨ ਦੌਰਾਨ ਸਿੰਘੂ ਬਾਰਡਰ 'ਤੇ ਭਿੰਡਰ ਕਲਾਂ ਦੇ ਕਿਸਾਨ ਦੀ ਮੌਤ