ਕਾਂਗਰਸੀ ਮੁੱਖ ਮੰਤਰੀਆਂ ਨੇ ਕੇਂਦਰ ਤੋਂ ਮੰਗੀ ਵਿੱਤ ਸਹਾਇਤਾ
Thursday, Apr 23, 2020 - 10:01 PM (IST)

ਨਵੀਂ ਦਿੱਲੀ - ਕਾਂਗਰਸ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਕੇਂਦਰ ਤੋਂ ਵਿੱਤ ਪੈਕੇਜ ਦੀ ਮੰਗ ਕਰਦੇ ਹੋਏ ਵੀਰਵਾਰ ਨੂੰ ਆਖਿਆ ਕਿ ਜੇਕਰ ਮੋਦੀ ਸਰਕਾਰ ਰਾਜਾਂ ਦਾ ਸਹਿਯੋਗ ਨਹੀਂ ਕਰਦੀ ਤਾਂ ਕੋਰੋਨਾਵਾਇਰਸ ਖਿਲਾਫ ਲੜਾਈ ਕਮਜ਼ੋਰ ਹੋ ਜਾਵੇਗੀ। ਕਾਂਗਰਸ ਕਾਰਜ ਕਮੇਟੀ (ਸੀ. ਡਬਲਯੂ. ਸੀ.) ਦੀ ਵੀਡੀਓ ਕਾਨਫਰੈਸਿੰਗ ਦੇ ਜ਼ਰੀਏ ਹੋਈ ਬੈਠਕ ਵਿਚ ਸ਼ਾਮਲ ਕਾਂਗਰਸ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਨੇ ਕੇਂਦਰ ਵੱਲੋਂ ਜੀ. ਐਸ. ਟੀ. ਦਾ ਬਕਾਇਆ ਨਾ ਮਿਲਣ ਅਤੇ ਆਪਣੀ ਸਰਕਾਰ ਵੱਲੋਂ ਕੋਰੋਨਾਵਾਇਰਸ ਖਿਲਾਫ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕੀਤਾ।
ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਮੁਤਾਬਕ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਖਿਆ ਕਿ, ਅਜੇ ਕੇਂਦਰ ਵੱਲੋਂ ਉਨ੍ਹਾਂ ਦੇ ਰਾਜਾਂ ਲਈ ਜੀ. ਸੀ. ਟੀ. ਦਾ 4400 ਕਰੋੜ ਰੁਪਏ ਦਾ ਬਕਾਇਆ ਜਾਰੀ ਨਹੀਂ ਕੀਤਾ ਗਿਆ। ਅਮਰਿੰਦਰ ਇਸ ਤੋਂ ਪਹਿਲਾਂ ਵੀ ਇਹ ਮੰਗ ਕਰ ਚੁੱਕੇ ਹਨ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੇਂਦਰ ਤੋਂ ਵੱਡੇ ਵਿੱਤ ਪੈਕੇਜ ਦੀ ਮੰਗ ਕੀਤੀ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਖਿਆ ਕਿ ਵੱਖ-ਵੱਖ ਰਾਜਾਂ ਵਿਚ ਫਸੇ ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਕੇਂਦਰ ਨੂੰ ਨੀਤੀ ਬਣਾਉਣ ਦੀ ਜ਼ਰੂਰਤ ਹੈ ਪਰ ਕੇਂਦਰ ਸਰਕਾਰ ਇਸ ਮੁੱਦੇ 'ਤੇ ਚੁੱਪ ਹੈ। ਪੁਡੁਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਆਖਿਆ ਹੈ ਕਿ ਕੇਂਦਰ ਵੱਲੋਂ ਉਨ੍ਹਾਂ ਦੇ ਇਸ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਜੀ. ਸੀ. ਟੀ. ਦਾ 600 ਕਰੋੜ ਰੁਪਏ ਦਾ ਬਕਾਇਆ ਨਹੀਂ ਮਿਲਿਆ ਹੈ।