ਵਿਧਾਨ ਸਭਾ ''ਚ ਗਿੱਲ ਨੂੰ ਸ਼ਰਧਾਂਜਲੀ ਦੇ ਕੇ ਕਾਂਗਰਸ ਨੇ ਸਿੱਖ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਈ
Thursday, Jun 15, 2017 - 06:46 AM (IST)
ਅੰਮ੍ਰਿਤਸਰ (ਪ੍ਰਵੀਨ ਪੁਰੀ) - ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਵਿਧਾਨ ਸਭਾ 'ਚ ਸਾਬਕਾ ਪੁਲਸ ਮੁਖੀ ਕੇ. ਪੀ. ਐੱਸ. ਗਿੱਲ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਕਤ ਕਦਮ ਨੂੰ ਕਾਂਗਰਸ ਦਾ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਉਣ ਵਾਲਾ ਕਦਮ ਕਰਾਰ ਦਿੱਤਾ। ਦਮਦਮੀ ਟਕਸਾਲ ਜਥਾ ਭਿੰਡਰਾਂ ਦੇ ਮੁਖੀ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਅੱਜ ਇਹ ਫਿਰ ਸਾਬਿਤ ਕਰ ਦਿੱਤਾ ਹੈ ਕਿ ਉਹ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਲਈ ਕਿਸੇ ਵੀ ਹੱਦ ਨੂੰ ਪਾਰ ਕਰ ਸਕਦੇ ਹਨ। ਗਾਂਧੀ ਪਰਿਵਾਰ ਦੀ ਸਿੱਖਾਂ ਪ੍ਰਤੀ ਸੌੜੀ ਸੋਚ 'ਚ ਅੱਜ ਵੀ ਕੋਈ ਤਬਦੀਲੀ ਨਹੀਂ ਆਈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅਜਿਹਾ ਕਰ ਕੇ ਗਿੱਲ ਵੱਲੋਂ ਆਪਣੇ ਡੀ. ਜੀ. ਪੀ. ਕਾਰਜਕਾਲ ਦੌਰਾਨ ਪੰਜਾਬ 'ਚ ਮਨੁੱਖੀ ਅਧਿਕਾਰਾਂ ਦੇ ਕੀਤੇ ਗਏ ਘਾਣ ਨੂੰ ਸਹੀ ਠਹਿਰਾਉਣ ਦੀ ਕੋਝੀ ਹਰਕਤ ਕੀਤੀ ਹੈ। ਪੰਜਾਬ ਵਿਚ ਝੁੱਲੀ ਅੱਤਵਾਦ ਦੀ ਹਨੇਰੀ ਦੌਰਾਨ ਗਿੱਲ ਦੀ ਅਗਵਾਈ 'ਚ ਸਰਕਾਰੀ ਮਸ਼ੀਨਰੀ ਵੱਲੋਂ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਨੂੰ ਲਾਪਤਾ ਕਰ ਦਿੱਤਾ ਗਿਆ ਤੇ ਹਜ਼ਾਰਾਂ ਬੇਦੋਸ਼ਿਆਂ ਨੂੰ ਝੂਠੇ ਪੁਲਸ ਮੁਕਾਬਲਿਆਂ ਅਤੇ ਅਣਮਨੁੱਖੀ ਤਸੀਹਿਆਂ ਰਾਹੀਂ ਸ਼ਹੀਦ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਗਿੱਲ ਦੀ ਅਜਿਹੀ ਜ਼ਾਲਮਾਨਾ ਭੂਮਿਕਾ ਨੂੰ ਸਲਾਮ ਕਰ ਕੇ ਕਾਂਗਰਸ ਨੇ ਗਿੱਲ ਦੇ ਅੱਤਿਆਚਾਰ ਦਾ ਸ਼ਿਕਾਰ ਹੋਏ ਪੀੜਤ ਪਰਿਵਾਰਾਂ ਦੇ ਜ਼ਖਮਾਂ 'ਤੇ ਲੂਣ ਛਿੜਕਦਿਆਂ ਇਹ ਸਾਬਿਤ ਕਰ ਦਿੱਤਾ ਹੈ ਕਿ ਉਨ੍ਹਾਂ ਦੀਆਂ ਨਜ਼ਰਾਂ ਵਿਚ ਮਨੁੱਖੀ ਅਧਿਕਾਰਾਂ ਦੀ ਅੱਜ ਵੀ ਕੋਈ ਕਦਰ ਨਹੀਂ ਹੈ।
