ਮਹਿਲਾ ਦਿਵਸ ''ਤੇ ਦਿੱਤੇ ਬਿਆਨ ਨੂੰ ਲੈ ਕੇ ਘਿਰੇ CM ਮਾਨ, ਕਾਂਗਰਸ ਨੇ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ

Tuesday, Mar 10, 2026 - 06:40 PM (IST)

ਮਹਿਲਾ ਦਿਵਸ ''ਤੇ ਦਿੱਤੇ ਬਿਆਨ ਨੂੰ ਲੈ ਕੇ ਘਿਰੇ CM ਮਾਨ, ਕਾਂਗਰਸ ਨੇ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ

ਚੰਡੀਗੜ੍ਹ (ਅੰਕੁਰ ਤਾਂਗੜੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਦਿੱਤੇ ਇਕ ਬਿਆਨ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਜਾਬ ਕਾਂਗਰਸ ਵਿਧਾਇਕ ਦਲ ਨੇ ਇਸ ਮਾਮਲੇ ਨੂੰ ਗੰਭੀਰ ਮੰਨਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਮੁੱਖ ਮੰਤਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਾਂਗਰਸ ਵਿਧਾਇਕ ਦਲ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਭੇਜੇ ਗਏ ਪੱਤਰ 'ਚ ਦੋਸ਼ ਲਗਾਇਆ ਗਿਆ ਹੈ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 'ਤੇ ਆਯੋਜਿਤ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨਾਲ ਜੁੜੀ ਇਕ ਕਹਾਣੀ ਸੁਣਾਉਂਦੇ ਹੋਏ ਅਜਿਹੀ ਭਾਸ਼ਾ ਵਰਤੀ, ਜਿਸ ਨਾਲ ਮਹਿਲਾਵਾਂ ਦੀ ਇੱਜ਼ਤ ਨੂੰ ਠੇਸ ਪਹੁੰਚੀ ਹੈ ਅਤੇ ਔਰਤਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਸਕਦੀ ਹੈ।

ਇਹ ਵੀ ਪੜ੍ਹੋ:  ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ

ਕਾਂਗਰਸ ਦਾ ਦੋਸ਼, ਮਹਿਲਾਵਾਂ ਪ੍ਰਤੀ ਸੌੜੀ ਸੋਚ ਦਾ ਪ੍ਰਗਟਾਵਾ
ਕਾਂਗਰਸ ਵਿਧਾਇਕ ਦਲ ਨੇ ਆਪਣੇ ਪੱਤਰ 'ਚ ਕਿਹਾ ਹੈ ਕਿ ਦੇਸ਼ ਭਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਮਹਿਲਾਵਾਂ ਦੇ ਸਨਮਾਨ ਲਈ ਸੈਮੀਨਾਰ, ਵਰਕਸ਼ਾਪਾਂ ਅਤੇ ਸਮਾਰੋਹ ਕਰਵਾਏ ਗਏ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਇਕ ਸਮਾਗਮ ਹੋਇਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹਿੱਸਾ ਲਿਆ ਅਤੇ ਵਿਦਿਆਰਥੀਆਂ ਅਤੇ ਖ਼ਾਸ ਤੌਰ 'ਤੇ ਮਹਿਲਾਵਾਂ ਨੂੰ ਸੰਬੋਧਨ ਕੀਤਾ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਆਪਣੇ ਕਾਲਜ ਸਮੇਂ ਨਾਲ ਜੁੜੀ ਇਕ ਘਟਨਾ ਦੱਸਦਿਆਂ ਕਾਲਜ 'ਚ ਪੜ੍ਹਦੀ ਇਕ ਲੜਕੀ ਬਾਰੇ ਟਿੱਪਣੀਆਂ ਕੀਤੀਆਂ। ਕਾਂਗਰਸ ਦਾ ਦਾਅਵਾ ਹੈ ਕਿ ਇਹ ਟਿੱਪਣੀਆਂ ਮਹਿਲਾਵਾਂ ਦੀ ਮਰਿਆਦਾ ਖ਼ਿਲਾਫ਼ ਹਨ ਅਤੇ ਇਕ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਵੱਲੋਂ ਅਜਿਹਾ ਕਹਿਣਾ ਅਣਉਚਿਤ ਹੈ।

ਅਜਿਹੇ ਬਿਆਨ ਮਹਿਲਾਵਾਂ ਦੇ ਸਨਮਾਨ ਦੇ ਖ਼ਿਲਾਫ਼
ਕਾਂਗਰਸ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਸੂਬੇ ਦਾ ਮੁੱਖ ਮੰਤਰੀ ਸੰਵਿਧਾਨਕ ਤੌਰ ‘ਤੇ ਰਾਜ ਦਾ ਸਿਰਮੌਰ ਹੁੰਦਾ ਹੈ ਅਤੇ ਉਸ ਦੀ ਹਰ ਗੱਲ ਦਾ ਸਮਾਜ 'ਤੇ ਡੂੰਘਾ ਪ੍ਰਭਾਵ ਪੈਂਦਾ ਹੈ। ਇਸ ਲਈ ਅਜਿਹੇ ਪਲੇਟਫਾਰਮ ਤੋਂ ਮਹਿਲਾਵਾਂ ਬਾਰੇ ਇਸ ਤਰ੍ਹਾਂ ਦੀਆਂ ਟਿੱਪਣੀਆਂ ਕਰਨਾ ਨਿੰਦਾਯੋਗ ਹੈ। ਪੱਤਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਆਪਣੀ ਕਾਲਜ ਜ਼ਿੰਦਗੀ ਦੇ ਤਜਰਬੇ ਬਿਆਨ ਕਰਦੇ ਹੋਏ ਇੱਕ ਵਿਦਿਆਰਥਣ ਬਾਰੇ ਅਜਿਹੀਆਂ ਗੱਲਾਂ ਕੀਤੀਆਂ ਗਈਆਂ ਜੋ ਮਹਿਲਾਵਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਂਦੀਆਂ ਹਨ। ਕਾਂਗਰਸ ਨੇ ਇਹ ਵੀ ਕਿਹਾ ਕਿ ਬਾਅਦ 'ਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇ ਉਸ ਸਮੇਂ ਉਹ ਲੜਕੀ ਉਨ੍ਹਾਂ ਨੂੰ ਝਿੜਕਦੀ ਨਾ ਅਤੇ ਕਾਲਜ ਤੋਂ ਕੱਢਣ ਦਾ ਡਰਾਵਾ ਨਾ ਦਿੰਦੀ ਤਾਂ ਸ਼ਾਇਦ ਅੱਜ ਉਹ ਉਨ੍ਹਾਂ ਦੇ ਨਾਲ ਕਾਰ ਦੀ ਅਗਲੀ ਸੀਟ ‘ਤੇ ਬੈਠੀ ਹੁੰਦੀ। ਕਾਂਗਰਸ ਮੁਤਾਬਕ ਇਸ ਤਰ੍ਹਾਂ ਦੀ ਗੱਲ ਕਰਨਾ ਮੁੱਖ ਮੰਤਰੀ ਦੇ ਅਹੁਦੇ ਨੂੰ ਸ਼ੋਭਾ ਨਹੀਂ ਦਿੰਦਾ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਦਾ ਹਵਾਲਾ
ਕਾਂਗਰਸ ਵਿਧਾਇਕ ਦਲ ਨੇ ਆਪਣੇ ਪੱਤਰ 'ਚ ਕਿਹਾ ਹੈ ਕਿ ਸਮਾਗਮ ਦੌਰਾਨ ਦਿੱਤਾ ਗਿਆ ਇਹ ਬਿਆਨ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਚੁੱਕਾ ਹੈ ਅਤੇ ਇਸ ਦੀ ਰਿਕਾਰਡਿੰਗ ਵੀ ਉਪਲੱਬਧ ਹੈ। ਇਸ ਕਰਕੇ ਇਸ ਮਾਮਲੇ ਦੀ ਸਚਾਈ ਦੀ ਜਾਂਚ ਕਰਨਾ ਮੁਸ਼ਕਿਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਨਾ ਸਿਰਫ਼ ਮਹਿਲਾਵਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਂਦੇ ਹਨ ਸਗੋਂ ਸਮਾਜ ਵਿੱਚ ਗਲਤ ਸੰਦੇਸ਼ ਵੀ ਭੇਜਦੇ ਹਨ।

ਮਹਿਲਾ ਕਮਿਸ਼ਨ ਕੋਲ ਸਖ਼ਤ ਕਾਰਵਾਈ ਦੀ ਮੰਗ
ਕਾਂਗਰਸ ਵਿਧਾਇਕ ਦਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਜਾਵੇ ਅਤੇ ਕਾਨੂੰਨ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਔਰਤਾਂ ਦੇ ਅਪਮਾਨ ਦੇ ਮਾਮਲੇ 'ਚ ਮੁੱਖ ਮੰਤਰੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੀ ਹਰਕਤ ਕਰਨ ਦੀ ਹਿੰਮਤ ਨਾ ਕਰੇ।

ਗੁਰਬਾਣੀ ਦਾ ਹਵਾਲਾ ਦੇ ਕੇ ਮਹਿਲਾਵਾਂ ਦੇ ਸਨਮਾਨ ਦੀ ਗੱਲ
ਕਾਂਗਰਸ ਵੱਲੋਂ ਆਪਣੇ ਪੱਤਰ ਵਿੱਚ ਗੁਰਬਾਣੀ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਇਸਤਰੀ ਦੇ ਮਹੱਤਵ ਬਾਰੇ ਕਿਹਾ ਹੈ-“ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ”। ਕਾਂਗਰਸ ਨੇ ਕਿਹਾ ਕਿ ਜਿਸ ਇਸਤਰੀ ਨੇ ਰਾਜਿਆਂ, ਯੋਧਿਆਂ ਅਤੇ ਸੰਤਾਂ ਨੂੰ ਜਨਮ ਦਿੱਤਾ ਹੈ, ਉਸ ਦਾ ਅਪਮਾਨ ਕਰਨਾ ਕਿਸੇ ਵੀ ਹਾਲਤ ਵਿੱਚ ਠੀਕ ਨਹੀਂ ਮੰਨਿਆ ਜਾ ਸਕਦਾ।

ਇਹ ਵੀ ਪੜ੍ਹੋ: ਔਰਤਾਂ ਦੇ ਸਤਿਕਾਰ ਦੀ ਗੱਲ ਕਰਨ ਵਾਲੇ ਪਹਿਲਾਂ ਖ਼ੁਦ ਬੀਬੀਆਂ ਦਾ ਸਤਿਕਾਰ ਕਰਨਾ ਸਿੱਖਣ : ਗਨੀਵ ਕੌਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News