ਕਾਂਗਰਸ ਸਰਕਾਰ ਹਰੀਕੇ ''ਤੇ ਪਾਣੀ ਦੀ ਸਪਲਾਈ ਵਧਾਏ: ਸੁਖਬੀਰ ਬਾਦਲ
Sunday, Jun 09, 2019 - 09:50 AM (IST)

ਚੰਡੀਗੜ੍ਹ (ਅਸ਼ਵਨੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੀਣ ਤੇ ਸਿੰਚਾਈ ਵਾਸਤੇ ਨਹਿਰੀ ਪਾਣੀ 'ਤੇ ਨਿਰਭਰ ਮਾਲਵਾ ਖੇਤਰ ਦੇ ਹਜ਼ਾਰਾਂ ਕਿਸਾਨਾਂ ਦੀ ਹਾਲਤ ਬਹੁਤ ਬੁਰੀ ਹੈ, ਕਿਉਂਕਿ ਕਾਂਗਰਸ ਸਰਕਾਰ ਹਰੀਕੇ ਹੈਡਵਰਕਸ 'ਤੇ ਪਾਣੀ ਦੀ ਸਪਲਾਈ ਵਧਾਉਣ ਲਈ ਕੋਈ ਯਤਨ ਨਹੀਂ ਕਰ ਰਹੀ। ਪ੍ਰੈੱਸ ਬਿਆਨ ਜਾਰੀ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ ਅਤੇ ਫਰੀਦਕੋਟ ਦੇ ਪਿੰਡਾਂ 'ਚ ਪੀਣ ਵਾਲੇ ਪਾਣੀ ਦੀ ਬਹੁਤ ਜ਼ਿਆਦਾ ਕਮੀ ਹੈ। ਨਹਿਰੀ ਪਾਣੀ ਦੀ ਲੋੜੀਂਦੀ ਸਪਲਾਈ ਨਾ ਹੋਣ ਕਰਕੇ ਇਨ੍ਹਾਂ ਜ਼ਿਲ੍ਹਿਆਂ 'ਚ ਨਰਮੇ ਦੀ ਫਸਲ ਸੁਕਣੀ ਸ਼ੁਰੂ ਹੋ ਗਈ ਹੈ। ਝੋਨੇ ਦੀ ਫਸਲ ਦੀ ਬਿਜਾਈ ਦਾ ਸਮਾਂ ਵੀ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ 'ਚ ਧਰਤੀ ਹੇਠਲਾ ਪਾਣੀ ਪੀਣ ਯੋਗ ਨਾ ਹੋਣ ਕਰਕੇ ਲੋਕਾਂ ਨੂੰ ਪੀਣ ਵਾਲਾ ਪਾਣੀ ਹਾਸਲ ਕਰਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਦੀ ਕਮੀ ਕਰਕੇ ਬਹੁਤ ਸਾਰੀਆਂ ਥਾਂਵਾਂ 'ਤੇ ਨਰਮੇ ਦੀ ਫਸਲ ਮੁਰਝਾਉਣੀ ਸ਼ੁਰੂ ਹੋ ਗਈ ਹੈ।
ਇਸ ਨੂੰ ਬੰਦੇ ਦੀ ਸਹੇੜੀ ਸਮਸਿਆ ਕਰਾਰ ਦਿੰਦਿਆਂ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਘੂਕ ਨੀਂਦ ਸੁੱਤੀ ਪਈ ਹੈ ਅਤੇ ਇਸ ਨੇ ਇਨ੍ਹਾਂ ਜ਼ਿਲ੍ਹਿਆਂ ਵਾਸਤੇ ਭਾਖੜਾ ਡੈਮ ਤੋਂ ਪਾਣੀ ਨਹੀਂ ਛੱਡਿਆ ਹੈ। ਬਾਦਲ ਨੇ ਤੁਰੰਤ ਇਨ੍ਹਾਂ ਜ਼ਿਲ੍ਹਿਆਂ ਅੰਦਰ ਪਾਣੀ ਦੀ ਸਪਲਾਈ ਵਧਾਉਣ ਦੀ ਮੰਗ ਕੀਤੀ।