ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜ ਰਹੀ ਕਾਂਗਰਸ ਸਰਕਾਰ : ਅਰੋੜਾ

09/03/2021 2:24:27 AM

ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਾਰੂ ਸਮਝੌਤਿਆਂ ਨੂੰ ਰੱਦ ਕਰਨ ਤੋਂ ਭੱਜ ਚੁੱਕੀ ਹੈ ਅਤੇ ਇਸ ਮੁੱਦੇ ਤੋਂ ਨਵਜੋਤ ਸਿੰਘ ਸਿੱਧੂ ਐਂਡ ਕੰਪਨੀ ਹੁਣ ਲੰਘੇ ਸੱਪ ਦੀ ਲੀਕ ਕੁੱਟ ਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ।

ਇਹ ਵੀ ਪੜ੍ਹੋ- 12 ਲੱਖ ਟ੍ਰਾਮਾਡੋਲ ਗੋਲੀਆਂ ਦੇ ਮਾਮਲੇ ’ਚ CBI ਨੇ ਜ਼ੋਨਲ ਲਾਇਸੈਂਸ ਅਥਾਰਿਟੀ ਨੂੰ ਦਿੱਲੀ ’ਚ ਕੀਤਾ ਤਲਬ
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਟਿੱਪਣੀ, ‘‘ਸਾਰੇ 122 ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਜਾ ਸਕਦੇ ਕਿਉਂਕਿ ਅਜਿਹਾ ਕਰਨ ਨਾਲ ਬਿਜਲੀ ਸੰਕਟ ਪੈਦਾ ਹੋ ਜਾਵੇਗਾ’’ ਨੇ ਸਾਫ਼ ਕਰ ਦਿੱਤਾ ਹੈ ਕਿ ਸੱਤਾਧਾਰੀ ਕਾਂਗਰਸੀ ਵੀ ਬਾਦਲਾਂ ਵਾਂਗ ਨਿੱਜੀ ਬਿਜਲੀ ਕੰਪਨੀਆਂ ਦੀ ‘ਦਲਾਲੀ’ ਛੱਡਣਾ ਨਹੀਂ ਚਾਹੁੰਦੀ, ਇਸੇ ਕਰਕੇ ਹੀ ਬਿਜਲੀ ਸਮਝੌਤਿਆਂ ਬਾਰੇ ਕੁੱਝ ਦਿਨ ਪਹਿਲਾਂ ਜੋ ਸੁਖਬੀਰ ਸਿੰਘ ਬਾਦਲ ਕਹਿ ਰਹੇ ਸਨ, ਬੁੱਧਵਾਰ ਨੂੰ ਮੁੱਖ ਮੰਤਰੀ ਨੇ ਇੰਨ-ਬਿੰਨ ਦੁਹਰਾ ਦਿੱਤਾ ਹੈ।

ਇਹ ਵੀ ਪੜ੍ਹੋ- ਐਕਵਾਇਰ ਕੀਤੀ ਜ਼ਮੀਨ ’ਤੇ ਪ੍ਰਾਜੈਕਟ ਜਾਂ ਇੰਡਸਟਰੀ ਲਗਾਉਣ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਅਰੋੜਾ ਨੇ ਕਿਹਾ ਕਿ ਮਾਰੂ ਬਿਜਲੀ ਸਮਝੌਤੇ ਬੇਸ਼ੱਕ ਲੋਕਾਂ ਦੀਆਂ ਜੇਬਾਂ ਅਤੇ ਪੰਜਾਬ ਦੇ ਖ਼ਜ਼ਾਨੇ ਨੂੰ ਜੋਕਾਂ ਵਾਂਗ ਚੂਸ ਰਹੇ ਹਨ ਪਰ ਕੈਪਟਨ ਅਤੇ ਬਾਦਲਾਂ ਲਈ ਇਹ ‘ਸੋਨੇ ਦੀ ਖਾਣ’ ਵਰਗੇ ਹਨ। ਇਸ ਲਈ ਕਾਂਗਰਸ ਕੋਲੋਂ ਹੁਣ ਕੋਈ ਆਸ ਨਹੀਂ ਬਚੀ। ਅਰੋੜਾ ਨੇ ਦੋਸ਼ ਲਾਇਆ ਕਿ ਕਾਂਗਰਸੀ ਬਿਜਲੀ ਖ਼ਰੀਦ ਸਮਝੌਤਿਆਂ ਬਾਰੇ ਬਹਿਸ ਤੋਂ ਵੀ ਭੱਜ ਰਹੇ ਹਨ। ਇਨ੍ਹਾਂ ਨੂੰ ਰੱਦ ਕਰਨਾ ਤਾਂ ਬੜਾ ਵੱਡਾ ਕਦਮ ਹੈ।

Bharat Thapa

This news is Content Editor Bharat Thapa