ਕੇਂਦਰ ਸਰਕਾਰ ’ਤੇ ਵਰ੍ਹੇ ਰਾਜ ਕੁਮਾਰ ਵੇਰਕਾ, ਪੰਜਾਬ ਪ੍ਰਤੀ ਗ਼ਲਤ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ ਕਾਂਗਰਸ

03/06/2022 6:18:14 PM

ਅੰਮ੍ਰਿਤਸਰ (ਗੁਰਿੰਦਰ ਸਾਗਰ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਪੰਜਾਬ ਦੀ ਨੁਮਾਇੰਦਗੀ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਅੰਮ੍ਰਿਤਸਰ ’ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਡਾ. ਵੇਰਕਾ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਦੇ ਪ੍ਰੋਜੈਕਟ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੀ ਇਨ੍ਹਾਂ ’ਚੋਂ ਇਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਹਰਕਤਾਂ ਤੋਂ ਬਾਜ਼ ਆਏ ਕਿਉਂਕਿ ਕਾਂਗਰਸ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਗ਼ਲਤ ਇੱਛਾ ਨੂੰ ਪੂਰਾ ਨਹੀਂ ਹੋਣ ਦੇਵੇਗੀ ਤੇ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਦੀ ਆਈ ਹੈ ਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਤੋਂ ਬੀ. ਬੀ. ਐੱਮ. ਬੀ. ਮਾਮਲੇ ਨੂੰ ਲੈ ਕੇ ਸਮਾਂ ਮੰਗਿਆ ਹੈ ਪਰ ਅਜੇ ਤੱਕ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬੀ. ਬੀ. ਐੱਮ. ਬੀ. ਦੇ ਨਿਯਮਾਂ ’ਚ ਬਦਲਾਅ ਕਰਕੇ ਅਜਿਹੇ ਨਿਯਮ ਲਿਆਂਦੇ ਜਾ ਰਹੇ ਹਨ ਤਾਂ ਕਿ ਇਸ ’ਚ ਪੰਜਾਬ ਦਾ ਕੋਈ ਵੀ ਨੁਮਾਇੰਦਾ ਫਿੱਟ ਨਾ ਬੈਠ ਸਕੇ। ਇਸ ਤੋਂ ਸਾਫ਼ ਹੁੰਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਵਿਰੋਧੀ ਨੀਤੀਆਂ ਦੇ ਤਹਿਤ ਕੰਮ ਕਰ ਰਹੀ ਹੈ ਅਤੇ ਆਪਣੀ ਦੁਸ਼ਮਣੀ ਤੇ ਨਫ਼ਰਤ ਕੱਢ ਰਹੀ ਹੈ।

ਇਹ ਵੀ ਪੜ੍ਹੋ : ਰੂਸੀ ਫ਼ੌਜ ਵੱਲੋਂ ਬੰਧਕ ਬਣਾਏ ਆਦਮਪੁਰ ਦੇ ਵਿਦਿਆਰਥੀਆਂ ਦੇ ਆਏ ਫੋਨ, ਦੱਸੀਆਂ ਦਿਲ ਹਲੂਣ ਦੇਣ ਵਾਲੀਆਂ ਗੱਲਾਂ

ਉਨ੍ਹਾਂ ਕਿਹਾ ਕਿ ਕਈ ਸਿਆਸੀ ਪਾਰਟੀਆਂ ਪੰਜਾਬ ਦੇ ਅਸਲੀ ਮੁੱਦਿਆਂ ਤੋਂ ਧਿਆਨ ਭਟਕਾ ਕੇ ਕੇਂਦਰ ਸਰਕਾਰ ਦੀ ਵਕਾਲਤ ਕਰਨ ’ਚ ਲੱਗੀਆਂ ਹੋਈਆਂ ਹਨ। ਡਾ. ਵੇਰਕਾ ਨੇ ਇਲਜ਼ਾਮ ਲਗਾਇਆ ਕਿ ਸੁਖਬੀਰ ਬਾਦਲ ਕੇਂਦਰ ਸਰਕਾਰ ਦੇ ਨਾਲ ਗੱਠਜੋੜ ਕਰਨ ਲਈ ਚਾਪਲੂਸੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਹਮੇਸ਼ਾ ਅਤੇ ਵਾਰ-ਵਾਰ ਕਈ ਮੁੱਦੇ ਚੁੱਕੇ ਹਨ, ਜਿਨ੍ਹਾਂ ’ਚ ਹਾਲ ਹੀ ’ਚ ਸਿਡਕੋ, ਬੀ. ਬੀ. ਐੱਮ. ਬੀ. ਅਤੇ ਯੂਕ੍ਰੇਨ ’ਚ ਫਸੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਮੁੱਖ ਹਨ।   ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਦੀ ਆਈ ਹੈ ਅਤੇ ਕਰਦੀ ਰਹੇਗੀ। ਆਮ ਆਦਮੀ ਪਾਰਟੀ  ਦੇ ਨਾਲ ਕਾਂਗਰਸ ਦੇ ਗੱਠਜੋੜ ਦੀ ਚਰਚਾ ਦੇ ਸਵਾਲ ਦੇ ਜਵਾਬ ’ਚ ਡਾ. ਵੇਰਕਾ ਨੇ ਕਿਹਾ ਕਿ ਇਹ ਸਭ ਝੂਠ ਹੈ ਅਤੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ’ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ।  


Manoj

Content Editor

Related News