ਟਰਾਂਸਪੋਰਟ ਮਾਫੀਆ ਅੱਗੇ ਗੋਡੇ ਟੇਕ ਕੇ ਸਰਕਾਰੀ ਬੱਸ ਸੇਵਾ ਦੀ ਬਲੀ ਲੈ ਰਹੀ ਹੈ ਕਾਂਗਰਸ ਸਰਕਾਰ : ਸਰਬਜੀਤ ਮਾਣੂੰਕੇ
Monday, Sep 06, 2021 - 07:49 PM (IST)
 
            
            ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਨਬੱਸ, ਪੀ. ਆਰ. ਟੀ. ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਨਰੈਕਟ ਵਰਕਰਾਂ ਅਤੇ ਆਊਟ ਸੋਰਸ ਵਰਕਰਾਂ ਵੱਲੋਂ ਕੀਤੇ ਚੱਕਾ ਜਾਮ ਦਾ ਸਮਰਥਨ ਕੀਤਾ ਹੈ। ਇਸ ਸਮਰਥਨ ਦਾ ਐਲਾਨ ਕਰਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਟਰਾਂਸਪੋਰਟ ਮਾਫ਼ੀਆ ਅੱਗੇ ਗੋਡੇ ਟੇਕ ਕੇ ਸਰਕਾਰੀ ਬੱਸ ਸੇਵਾ ਦੀ ਬਲੀ ਲੈ ਰਹੀ ਹੈ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸਰਬਜੀਤ ਕੌਰ ਮਾਣੂੰਕੇ ਨੇ ਦੋਸ਼ ਲਾਇਆ ਹੈ, ''ਪੰਜਾਬ ਵਿੱਚ ਨਿੱਜੀ ਟਰਾਂਸਪੋਰਟ ਮਾਫੀਆ ਨੂੰ ਪ੍ਰਫ਼ੁੱਲਤ ਕਰਨ ਲਈ ਕਾਂਗਰਸ ਸਰਕਾਰ ਉਸੇ ਤਰ੍ਹਾਂ ਸਰਕਾਰੀ ਟਰਾਂਸਪੋਰਟ ਦਾ ਬੇੜਾ ਡੋਬ ਰਹੀ ਹੈ, ਜਿਵੇਂ ਪਿਛਲੀ ਬਾਦਲ ਸਰਕਾਰ ਨੇ ਡੋਬਿਆ ਸੀ।'' ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨਾਲ ਮਿਲ ਕੇ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਨੂੰ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਸੂਬੇ ਦੇ ਹਜ਼ਾਰਾਂ ਨੌਜਵਾਨ ਸਰਕਾਰੀ ਨੌਕਰੀਆਂ ਤੋਂ ਵਾਂਝੇ ਹੋ ਗਏ ਹਨ। ਵਿਧਾਇਕਾ ਮਾਣੂੰਕੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਜਿਹੇ ਅਦਾਰੇ ਕਿਸੇ ਸਮੇਂ ਪੰਜਾਬ ਦਾ ਮਾਣ ਤੇ ਸ਼ਾਨ ਹੋਇਆ ਕਰਦੇ ਸਨ। ਇਹ ਅਦਾਰੇ ਪੰਜਾਬ ਦੇ ਦੂਰ- ਦੁਰਾਡੇ ਅਤੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਦੀ ਸੇਵਾ ਦਿੰਦੇ ਸਨ। ਜਿਨ੍ਹਾਂ ਰੂਟਾਂ ਰਾਹਾਂ ਨੂੰ ਘਾਟੇ ਵਾਲੇ ਰੂਟ ਮੰਨਿਆਂ ਜਾਂਦਾ ਸੀ, ਉਨ੍ਹਾਂ 'ਤੇ ਵੀ ਇਹ ਅਦਾਰੇ ਬੱਸਾਂ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਅੱਜ ਭਾਂਵੇ ਅਸੀਂ 21ਵੀ ਸਦੀ 'ਚ ਸ਼ਾਮਲ ਹੋ ਗਏ ਹਾਂ ਪਰ ਆਵਾਜਾਈ ਸਹੂਲਤਾਂ ਦੀ ਹਾਲਤ ਇਹ ਹੈ ਕਿ ਘਾਟੇ ਵਾਲੇ ਰਾਹਾਂ 'ਤੇ ਨਿੱਜੀ ਬੱਸ ਮਾਲਕ ਬੱਸਾਂ ਨਹੀਂ ਚਲਾਉਂਦੇ ਅਤੇ ਸਰਕਾਰੀ ਬੱਸਾਂ ਸੇਵਾਵਾਂ ਦੇਣ ਜੋਗੀਆਂ ਹੀ ਨਹੀਂ ਹਨ। ਇਸ ਕਾਰਨ ਸੂਬੇ ਲੋਕਾਂ ਨੂੰ ਆਵਾਜਾਈ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਕਾਂਗਰਸ ਅਤੇ ‘ਆਪ’ ਕਿਸਾਨਾਂ ਦੇ ਮੋਢੇ ’ਤੇ ਬੰਦੂਕ ਰੱਖ ਕੇ ਰਾਜਸੀ ਰੋਟੀਆਂ ਸੇਕ ਰਹੀਆਂ : ਚੰਦੂਮਾਜਰਾ
ਸਰਬਜੀਤ ਕੌਰ ਮਾਣੂੰਕੇ ਨੇ ਕਿਹਾ, ''ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਹੜਤਾਲੀ ਵਰਕਰਾਂ ਵੱਲੋਂ ਕੀਤੀਆਂ ਜਾਦੀਆਂ ਰੈਗੂਲਰ ਕਰਨ, ਸਰਕਾਰੀ ਬੇੜੇ ਵਿੱਚ 10 ਹਜ਼ਾਰ ਨਵੀਆਂ ਬੱਸਾਂ ਸ਼ਾਮਲ ਕਰਨਾ ਅਤੇ ਮਾਮੂਲੀ ਕੇਸਾਂ 'ਚ ਬਰਖਾਸਤ ਕੀਤੇ ਵਰਕਰਾਂ ਨੂੰ ਮੁੜ ਨੌਕਰੀ 'ਤੇ ਬਹਾਲ ਕਰਨ ਜਿਹੀਆਂ ਮੰਗਾਂ ਬਿਲਕੁੱਲ ਜਾਇਜ਼ ਹਨ। ਕਾਂਗਰਸ ਸਰਕਾਰ ਨੂੰ ਇਹ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ।'' ਉਨ੍ਹਾਂ ਕਾਂਗਰਸ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਵੇਲੇ ਕਾਂਗਰਸੀਆਂ ਨੇ ਲੋਕਾਂ ਕੋਲੋਂ ਨੌਕਰੀਆਂ ਦੇਣ ਦੇ ਫ਼ਾਰਮ ਭਰਵਾਏ ਸਨ ਪਰ ਕੁਰਸੀ ਮਿਲਦਿਆਂ ਸਾਰੇ ਵਾਅਦੇ ਵਿਸਾਰ ਦਿੱਤੇ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤਾਂ ਕੀ ਦੇਣੀਆਂ ਸਨ, ਕੰਟਰੈਕਟ 'ਤੇ ਰੱਖੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਨਹੀਂ ਕੀਤਾ। ਸਰਕਾਰ ਕੰਟਰੈਕਟ ਅਤੇ ਆਊਟ ਰਿਸੋਰਸ ਵਰਕਰਾਂ ਨੂੰ ਤੁਰੰਤ ਰੈਗੂਲਰ ਕਰੇ ਜੋ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਆ ਰਹੇ ਹਨ। ਬੀਬਾ ਮਾਣੂੰਕੇ ਨੇ ਕਿਹਾ ਕਾਂਗਰਸ ਸਰਕਾਰ ਨੇ ਦਿੱਲੀ ਵਿਚਲੀ 'ਆਪ' ਸਰਕਾਰ ਦੀ ਤਰਜ 'ਤੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਸਹੂਲਤ ਦੇਣ ਦਾ ਫ਼ੈਸਲਾ ਤਾਂ ਕੀਤਾ ਪਰ ਸਰਕਾਰੀ ਬੱਸਾਂ ਨਾ ਹੋਣ ਕਾਰਨ ਇਹ ਸਹੂਲਤ ਵੀ ਮਜ਼ਾਕ ਬਣ ਕੇ ਰਹਿ ਗਈ ਹੈ। ਇਸ ਲਈ ਸਰਕਾਰੀ ਬੇੜੇ ਵਿੱਚ 10 ਹਜ਼ਾਰ ਬੱਸਾਂ ਪਾਉਣ ਦੀ ਮੰਗ ਲੋਕ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਚੱਕਾ ਜਾਮ ਕਾਰਨ ਭਾਂਵੇ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹਨ ਕਿਉਂਕਿ ਇਹ ਵਰਕਰ ਚੱਕਾ ਜਾਮ ਕਰਨ ਅਤੇ ਹੜਤਾਲ 'ਤੇ ਜਾਣ ਲਈ ਮਜ਼ਬੂਰ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 116 ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਤਿੰਨ ਕਰੋੜ ਰੁਪਏ ਜਾਰੀ
'ਆਪ' ਆਗੂ ਨੇ ਕਿਹਾ ਕਿ ਪੜਤਾਲਾਂ, ਧਰਨਿਆਂ ਕਾਰਨ ਪੰਜਾਬ ਦੇ ਖ਼ਜ਼ਾਨੇ ਨੂੰ ਘਾਟਾ ਪੈ ਰਿਹਾ ਪਰ ਕਾਂਗਰਸ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕਦੀ ਕਿਉਂਕਿ ਇਸ ਸਰਕਾਰ ਨੇ ਟਰਾਂਸਪੋਰਟ ਮਾਫੀਆ ਅੱਗੇ ਗੋਡੇ ਟੇਕੇ ਹੋਏ ਹਨ। ਉਨ੍ਹਾਂ ਸਵਾਲ ਕੀਤਾ, '' ਇੱਕ ਪਾਸੇ ਸਰਕਾਰੀ ਬੱਸਾਂ ਘਾਟੇ ਵਿੱਚ ਹਨ ਪਰ ਦੂਜੇ ਪਾਸੇ ਕਾਂਗਰਸ ਦੇ ਰਾਜ 'ਚ ਬਾਦਲਾਂ ਅਤੇ ਮਜੀਠੀਆ ਦੀਆਂ ਬੱਸਾਂ ਕਿਉਂ ਹੋਰ ਵੱਧ ਗਈਆਂ ਹਨ?'' ਉਨਾਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੇ ਵੱਡੇ ਆਗੂ ਵੀ ਟਰਾਂਸਪੋਰਟ ਮਾਫੀਆ ਵਿੱਚ ਹੱਥ ਰੰਗ ਰਹੇ ਹਨ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਦਿੱਲੀ ਸਰਕਾਰ ਦੀ ਤਰਜ 'ਤੇ ਸਰਕਾਰੀ ਟਰਾਂਸਪੋਰਟ ਦੀ ਕਾਇਆ ਕਲਪ ਕੀਤੀ ਜਾਵੇਗੀ। ਠੇਕੇਦਾਰੀ ਭਰਤੀ ਬੰਦ ਕਰਕੇ ਰੈਗੂਲਰ ਭਰਤੀ ਦਾ ਪ੍ਰਬੰਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            