ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ: ‘ਆਪ’

Thursday, Dec 23, 2021 - 06:08 PM (IST)

ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ: ‘ਆਪ’

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਅਦਾਲਤੀ ਇਮਾਰਤ (ਡਿਸਟ੍ਰਿਕਟ ਕੋਰਟ ਕੰਪਲੈਕਸ) ਵਿੱਚ ਹੋਏ ਧਮਾਕੇ ਦੀ ਸਖ਼ਤ ਨਿਖੇਧੀ ਕਰਦਿਆਂ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਬਾਰੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਸਹਿ- ਇੰਚਾਰਜ ਰਾਘਵ ਚੱਢਾ ਅਤੇ ਵਿਧਾਇਕ ਅਮਨ ਅਰੋੜਾ ਨੇ ਧਮਾਕੇ ਵਿੱਚ ਮਰਨ ਵਾਲੇ ਵਿਅਕਤੀਆਂ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਇਸ ਮਾਮਲੇ ਦੀ ਉੱਚ ਪੱਧਰੀ ਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। 

ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਬਦਲੇਗਾ ਪੰਜਾਬ ਦਾ ਚੋਣ ਅਖਾੜਾ, PM ਮੋਦੀ ਕਰ ਸਕਦੇ ਨੇ ਵੱਡੇ ਐਲਾਨ

‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਜਾਰੀ ਕੀਤੀ ਵੀਡੀਓ ’ਚ ਕਿਹਾ ਕਿ ਪੰਜਾਬ ’ਚ ਵਾਪਰ ਰਹੀਆਂ ਘਟਨਾਵਾਂ ਸੂਬੇ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਝੀ ਸਾਜ਼ਿਸ਼ ਪ੍ਰਤੀਤ ਹੁੰਦੀਆਂ ਹਨ। ਬੇਅਦਬੀ ਅਤੇ ਧਮਾਕਾ ਮਾਮਲਿਆਂ ਦੀ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਨ੍ਹਾਂ ਮਾਮਲਿਆਂ ਦੇ ਸਾਜ਼ਿਸ਼ਕਾਰਾਂ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਪੰਜਾਬ ਦੇ ਲੋਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਣਗੇ।  ਮਾਨ ਨੇ ਧਮਾਕੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕੀਤੀ। 

‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਦੇ ਰਾਹੀਂ ਲੁਧਿਆਣਾ ਧਮਾਕੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬੇਅਦਬੀ, ਹੁਣ ਧਮਾਕਾ। ਕੁੱਝ ਲੋਕ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਦੇ 3 ਕਰੋੜ ਲੋਕ ਸਮਾਜ ਵਿਰੋਧੀ ਤੱਤਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਆਪਾਂ ਨੇ ਇੱਕ ਦੂਜੇ ਦਾ ਹੱਥ ਫੜ੍ਹ ਕੇ ਰੱਖਣਾ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਵਾਇਰਲ ਵੀਡੀਓ ਸਬੰਧੀ ਕੀਤੀ ਇਹ ਅਪੀਲ
 
ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਰਾਘਵ ਚੱਢਾ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਬਾਰੇ ਕਾਂਗਰਸ ਸਰਕਾਰ ’ਤੇ ਸਵਾਲ ਚੁੱਕੇ ਹਨ। ਚੱਢਾ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਹੁਣ ਇੱਕ ਬੰਬ ਧਮਾਕਾ ਹੋਣਾ ਪੰਜਾਬ ਦੇ ਚੋਣਾਵੀਂ ਮਾਹੌਲ ਨੂੰ ਵਿਗਾੜਨ ਦੀ ਡੂੰਘੀ ਸਾਜ਼ਿਸ਼ ਹੈ। ਚੰਨੀ ਸਰਕਾਰ ਸੂਬੇ ’ਚ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਵਿਧਾਇਕ ਅਮਨ ਅਰੋੜਾ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ’ਚ ਵਾਪਰ ਰਹੀਆਂ ਘਟਨਾਵਾਂ ਤੋਂ ਪ੍ਰਤੀਤ ਹੁੰਦਾ ਹੈ ਕਿ ਸੂਬੇ ਵਿੱਚ ਪੰਜ ਸਾਲ ਪਹਿਲਾਂ ਵਾਲਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਂਗਰਸ ਸਰਕਾਰ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਸਮਾਨ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ।

ਨੋਟ ਇਸ ਖਬਰ ਸਬੰਧੀ ਕੀ ਹੈ ਤੁਹਾਡੀ ਰਾਏ?


author

Harnek Seechewal

Content Editor

Related News