ਕਾਂਗਰਸ ਸਰਕਾਰ ਨੇ ਪਿਛਲੇ 5 ਸਾਲਾਂ ’ਚ ਪੰਜਾਬ ਨੂੰ ਜੰਮ ਕੇ ਲੁੱਟਿਆ : ਸੁਖਬੀਰ ਬਾਦਲ

Friday, Feb 11, 2022 - 10:16 PM (IST)

ਫਿਰੋਜ਼ਪੁਰ (ਕੁਮਾਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਰੋਹਿਤ ਕੁਮਾਰ ਮੌਂਟੂ ਵੋਹਰਾ ਅਤੇ ਫਿਰੋਜ਼ਪੁਰ ਦਿਹਾਤੀ ਹਲਕਾ ਦੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਦੀਆਂ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਨੂੰ ਸੱਤਾ ਵਿੱਚ ਲਿਆ ਕੇ ਪੰਜਾਬ ਨੂੰ ਬਚਾਉਣ ਲਈ ਲੋਕ ਅੱਗੇ ਆਉਣ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ 5 ਸਾਲਾਂ ’ਚ ਪੰਜਾਬ ਨੂੰ ਜੰਮ ਕੇ ਲੁੱਟਿਆ ਹੈ ਅਤੇ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ’ਚ ਵੱਸਦੇ ਸਮੂਹ ਵਰਗ ਕਾਂਗਰਸ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਜੋ ਸਕੀਮਾਂ ਚਲਾਈਆਂ ਹੋਈਆਂ ਸਨ, ਸੱਤਾ ’ਚ ਆਉਂਦੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਉਨ੍ਹਾਂ ਸਕੀਮਾਂ ਨੂੰ ਬੰਦ ਕਰ ਦਿੱਤਾ ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਰੋਕ ਦਿੱਤਾ, ਜਿਸ ਕਾਰਨ ਪਿਛਲੇ ਪੰਜ ਸਾਲਾਂ ’ਚ ਪੰਜਾਬ ਦਾ ਬਿਲਕੁਲ ਵੀ ਵਿਕਾਸ ਨਹੀਂ ਹੋ ਸਕਿਆ। ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਕੇਜਰੀਵਾਲ ਦੀ ਵੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਲੋਕਾਂ ਨਾਲ ਕੀਤੇ ਚੋਣ ਵਾਅਦੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਅੱਜ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ’ਚ ਆ ਕੇ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਗੁੰਮਰਾਹ ਕਰ ਰਹੇ ਹਨ, ਜਿਸ ਤੋਂ ਪੰਜਾਬ ਦੇ ਵੋਟਰਾਂ ਨੂੰ ਸੁਚੇਤ ਹੋਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤਾਂ ਪੰਜਾਬ ਤੇਜ਼ੀ ਨਾਲ ਵਿਕਾਸ ਤੇ ਖੁਸ਼ਹਾਲੀ ਵੱਲ ਵਧ ਰਿਹਾ ਸੀ ਪਰ ਸੱਤਾ ’ਚ ਕਾਬਜ਼ ਕੈਪਟਨ ਅਮਰਿੰਦਰ ਸਿੰਘ ਅਤੇ ਚੰਨੀ ਦੀ ਸਰਕਾਰ ਨੇ ਉਸ ਵਿਕਾਸ ਨੂੰ ਰੋਕ ਦਿੱਤਾ। ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਗੁੰਡਾਰਾਜ ਦਾ ਬੋਲਬਾਲਾ ਹੈ ਅਤੇ ਲੈਂਡ ਮਾਫੀਆ, ਸ਼ਰਾਬ ਮਾਫੀਆ ਅਤੇ ਰੇਤ ਮਾਫੀਆ ਆਦਿ ਨੇ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੋਨੇ ਦੀ ਚਿੜੀ ਹੋਇਆ ਕਰਦਾ ਸੀ, ਜਿਸ ਨੂੰ ਕਾਂਗਰਸ ਦੀਆਂ ਸੱਤਾ ’ਚ ਆਈਆਂ ਸਰਕਾਰਾਂ ਨੇ ਬਰਬਾਦ ਕਰ ਦਿੱਤਾ ਹੈ ਅਤੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਆਉਣ ’ਤੇ ਪੰਜਾਬ ਦੇ ਲੋਕਾਂ ਨੂੰ ਘਰਾਂ ਲਈ 400 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ ਤੇ ਹਰ ਪੰਜਾਬ ਦੇ ਵਿਅਕਤੀ ਦਾ 10 ਲੱਖ ਦਾ ਬੀਮਾ ਕੀਤਾ ਜਾਵੇਗਾ। ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਆਉਣ ’ਤੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੱਡੀ ਪੱਧਰ ’ਤੇ ਵੱਖ-ਵੱਖ ਸਹੂਲਤਾਂ ਦੇਣ ਤੇ ਪੰਜਾਬ ਲਈ ਵਿਕਾਸ ਸਕੀਮਾਂ ਚਲਾਉਣ ਲਈ ਕਈ ਐਲਾਨ ਕੀਤੇ। 
 


Manoj

Content Editor

Related News