ਕਾਂਗਰਸ ਨੇ ਪੰਜਾਬ ਦੇ ਲੋਕਾਂ ਦੀ ਇਕ ਵੀ ਸਮੱਸਿਆ ਦਾ ਨਹੀਂ ਕੀਤਾ ਹੱਲ : ਪਰਮਿੰਦਰ ਢੀਂਡਸਾ
Monday, Jan 24, 2022 - 04:00 PM (IST)
ਸ਼ੇਰਪੁਰ (ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਪੰਜਾਬ ਲੋਕ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਰਿਜ਼ਰਵ ਤੋਂ ਸਾਂਝੇ ਉਮੀਦਵਾਰ ਸੰਤ ਸੁਖਵਿੰਦਰ ਸਿੰਘ ਟਿੱਬੇ ਵਾਲੇ ਦੇ ਚੋਣ ਦਫ਼ਤਰ ਦਾ ਉਦਘਾਟਨ ਅੱਜ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪ੍ਰਮੁੱਖ ਆਗੂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਸ਼ੇਰਪੁਰ ਦੇ ਕਾਤਰੋਂ ਰੋਡ ’ਤੇ ਕੀਤਾ। ਇਸ ਮੌਕੇ ਢੀਂਡਸਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ’ਚ ਤਿੰਨਾਂ ਪਾਰਟੀਆਂ ਦੇ ਗੱਠਜੋੜ ਦੀ ਸਾਂਝੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿਉਂਕਿ ਹੁਣ ਤਕ ਪੰਜਾਬ ’ਚ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਦੀ ਇਕ ਵੀ ਸਮੱਸਿਆ ਦਾ ਹੱਲ ਨਹੀਂ ਕੀਤਾ। ਪੰਜਾਬ ਅੰਦਰ ਨਸ਼ਿਆਂ ਦਾ ਹੜ੍ਹ ਬਰਕਰਾਰ ਹੈ ਅਤੇ ਬੇਰੁਜ਼ਗਾਰੀ ਕਾਰਨ ਪੰਜਾਬ ਦੇ ਲੱਖਾਂ ਦੀ ਗਿਣਤੀ ਨੌਜਵਾਨ ਲੜਕੇ ਤੇ ਲੜਕੀਆਂ ਸੰਘਰਸ਼ ਕਰਨ ਲਈ ਮਜਬੂਰ ਹਨ। ਢੀਂਡਸਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਕੀਤੇ ਐਲਾਨਾਂ ’ਤੇ ਤੰਜ ਕੱਸਦਿਆਂ ਕਿਹਾ ਕਿ ਚੰਨੀ ਨੇ ਸਿਰਫ਼ ਪੰਜਾਬ ਦੇ ਲੋਕਾਂ ਨੂੰ ਐਲਾਨ ਤੇ ਐਲਾਨ ਕਰ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਚੰਨੀ ਵੱਲੋਂ ਕੀਤਾ ਕੋਈ ਵੀ ਵਾਅਦਾ ਜਾਂ ਐਲਾਨ ਸਿਰੇ ਨਹੀਂ ਚੜ੍ਹਿਆ ।
ਢੀਂਡਸਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਪੰਜਾਬ ਲੋਕ ਕਾਂਗਰਸ ਦਾ ਸਮਝੌਤਾ ਪੰਜਾਬ ਦੇ ਹਿੱਤਾਂ ਤੇ ਪੰਜਾਬ ਦੀ ਤਰੱਕੀ ਲਈ ਕੀਤਾ ਗਿਆ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਪਾਰਟੀ ਦੇ ਉਮੀਦਵਾਰ ਸੰਤ ਸੁਖਵਿੰਦਰ ਸਿੰਘ ਟਿੱਬਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਤੇ ਸੁਖਬੀਰ ਬਾਦਲ ਤੇ ਕਾਂਗਰਸ ਦੀ ਲੀਡਰਸ਼ਿਪ ਮੁਫ਼ਤ ਸਹੂਲਤਾਂ ਦੇਣ ਦੇ ਜੋ ਸੁਫ਼ਨੇ ਦਿਖਾ ਰਹੀ ਹੈ, ਉਨ੍ਹਾਂ ਨਾਲ ਪੰਜਾਬ ਦਾ ਭਲਾ ਨਹੀਂ ਹੋਵੇਗਾ। ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਚਾਹੀਦਾ ਹੈ ਅਤੇ ਚੰਗੀਆਂ ਸਿਹਤ ਸਹੂਲਤਾਂ ਤੇ ਮਿਆਰੀ ਸਿੱਖਿਆ ਦਾ ਪ੍ਰਬੰਧ ਮਿਲਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣਨ ’ਤੇ ਵਧੀਆ ਸਕੂਲ ਅਤੇ ਚੰਗੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।
ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਜਸਵੰਤ ਸਿੰਘ ਜੱਸੀ ਮਾਹਮਦਪੁਰ, ਸਾਬਕਾ ਸਰਪੰਚ ਮਹਿਕਮ ਸਿੰਘ ਦੀਦਾਰਗੜ੍ਹ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਹਿਤਾਬ ਸਿੰਘ, ਸਾਬਕਾ ਸਰਪੰਚ ਗੁਰਜੀਤ ਸਿੰਘ ਚਾਂਗਲੀ, ਜਥੇਦਾਰ ਜਸਦੇਵ ਸਿੰਘ ਕਾਲਾਬੂਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।