ਵੱਡੀ ਖ਼ਬਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Tuesday, Mar 29, 2022 - 01:28 PM (IST)
ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ ਇਹ ਅਸਤੀਫ਼ਾ ਸੂਬੇ ਵਿੱਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਨੈਤਿਕਤਾ ਦੇ ਆਧਾਰ ’ਤੇ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੈਨਸ਼ਨ 'ਤੇ ਵੱਡੇ ਫ਼ੈਸਲੇ ਮਗਰੋਂ ਹੁਣ ਵਿਧਾਇਕਾਂ ਦੀ ਤਨਖ਼ਾਹ 'ਤੇ ਟੈਕਸ ਸਬੰਧੀ ਉੱਠਣ ਲੱਗੀ ਇਹ ਮੰਗ
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਉਨ੍ਹਾਂ ਦੇ ਐਲਾਨ ਤੋਂ ਬਾਅਦ ਵੀ ਮੰਡੀਆਂ ’ਚ ਕਿਸੇ ਤਰ੍ਹਾਂ ਕੋਈ ਢੁਕਵਾਂ ਪ੍ਰਬੰਧ ਦੇਖਣ ਨੂੰ ਨਹੀਂ ਮਿਲ ਰਿਹਾ ਹੈ। ਕਈਆਂ ਮੰਡੀਆਂ ’ਚ ਤਾਂ 75 ਫੀਸਦੀ ਬਾਰਦਾਨਾ ਪਹੁੰਚ ਗਿਆ ਹੈ ਤੇ ਕਈ ਮੰਡੀਆਂ ’ਚ ਅਜੇ ਕੋਈ ਵੀ ਬਾਰਦਾਨਾ ਨਹੀਂ ਪਹੁੰਚਿਆ ਹੈ। ਇਸ ਵਾਰ ਕਣਕ ਦੀ ਖਰੀਦ ਲਈ ਸੂਬੇ ’ਚ 2300 ਤੋਂ ਜ਼ਿਆਦਾ ਅਨਾਜ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ। ਵਿਭਾਗ ਨੇ ਸਾਲ 2022-23 ’ਚ 132 ਲੱਖ ਟਨ ਕਣਕ ਖਰੀਦ ਦਾ ਟੀਚਾ ਰੱਖਿਆ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ
ਬੀਤੇ ਦਿਨੀਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਣਕ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਕਦ ਕਰਜ਼ਾ ਹੱਦ (ਸੀ. ਸੀ. ਐੱਲ.) ਪ੍ਰਾਪਤ ਕਰਨ ਲਈ ਕੀਤੇ ਗਏ ਠੋਸ ਯਤਨਾਂ ਸਦਕਾ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਅੱਜ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਪੰਜਾਬ 'ਚ ਕਣਕ ਖਰੀਦਣ ਲਈ ਅਪ੍ਰੈਲ-2022 ਦੇ ਅੰਤ ਤੱਕ 24,773.11 ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਭਗਵੰਤ ਮਾਨ ਨੇ ਸਮੇਂ ਸਿਰ ਸੀ. ਸੀ. ਐੱਲ. ਜਾਰੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ, ਕਿਉਂਕਿ ਇਸ ਨਾਲ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਕਣਕ ਦੀ ਫਸਲ ਦਾ ਇਕ-ਇਕ ਦਾਣਾ ਪੰਜਾਬ ਸਰਕਾਰ ਚੁੱਕੇਗੀ। ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ, ‘‘ਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਹੋਈ ਫਸਲ ਦਾ ਇਕ-ਇਕ ਦਾਣਾ ਪੰਜਾਬ ਸਰਕਾਰ ਚੁੱਕੇਗੀ। ਮੰਡੀਆਂ ’ਚ ਕਿਸਾਨਾਂ ਦੇ ਰੁਲਣ ਦਾ ਜ਼ਮਾਨਾ ਹੁਣ ਬੀਤ ਗਿਆ ਹੈ। ਮੇਰੇ ਉੱਤੇ ਯਕੀਨ ਰੱਖੋ।’’
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ