ਬੇਅਦਬੀ ਤੇ ਗੋਲੀਕਾਂਡ ਮਾਮਲੇ ''ਚ ਬਿਆਨਬਾਜ਼ੀ ਛੱਡ ਸਖ਼ਤ ਫ਼ੈਸਲਾ ਲੈਣ ਕਾਂਗਰਸੀ ਆਗੂ : ਸੰਧਵਾਂ

Sunday, May 09, 2021 - 11:25 PM (IST)

ਚੰਡੀਗੜ੍ਹ,(ਰਮਨਜੀਤ)-  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿਚ ਪੰਜਾਬ ਦੇ ਕਾਂਗਰਸੀ ਆਗੂ ਕੇਵਲ ਬਿਆਨਬਾਜ਼ੀ ਕਰ ਕੇ ਪੰਜਾਬ ਦੇ ਲੋਕਾਂ ਅਤੇ ਨਾਨਕ ਨਾਮ ਲੇਵਾ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਕਿ ਜੇ ਬੇਅਦਬੀ ਮਾਮਲੇ ਵਿਚ ਇਨਸਾਫ਼ ਦੇਣਾ ਚਾਹੁੰਦੇ ਹਨ ਤਾਂ ਬਿਆਨਬਾਜ਼ੀ ਛੱਡ ਕੇ ਸਖ਼ਤ ਫੈਸਲਾ ਲੈਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਜਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਦਿੱਤਾ ਸਮਰਥਨ ਵਾਪਸ ਲੈਣ।
ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਰਾਜ ਦੌਰਾਨ ਬਰਗਾੜੀ ਵਿਖੇ ਇੱਕ ਸਾਜਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਇਸ ਬੇਅਦਬੀ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਪੁਲਸ ਵਲੋਂ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਾਜਿਸ਼ਕਰਤਾ ਅਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਚਾਰ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਇੱਕ ਵੀ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ਗਈ।


Bharat Thapa

Content Editor

Related News