ਫਿਰੋਜ਼ਪੁਰ 'ਚ ਵਾਪਰੀ ਵੱਡੀ ਵਾਰਦਾਤ, ਕਾਂਗਰਸੀ ਆਗੂ ਨੂੰ ਗੋਲੀਆਂ ਨਾਲ ਭੁੰਨਿਆ (ਵੀਡੀਓ)
Thursday, Feb 28, 2019 - 05:18 PM (IST)
ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਸ਼ਹਿਰ ਦੇ ਬਾਂਸੀ ਗੇਟ ਇਲਾਕੇ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕਾਂਗਰਸ ਆਗੂ ਪ੍ਰੀਤਮ ਸਿੰਘ ਦੀ ਗੋਲੀਆਂ ਮਾਰ ਕੇ ਹਤਿਆ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਕਾਂਗਰਸੀ ਜ਼ਿਲਾ ਪ੍ਰੀਸ਼ਦ ਦੇ ਮੈਂਬਰ ਪ੍ਰੀਤਮ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਸੂਚਨਾ ਮਿਲਣ 'ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਡੀ.ਐੱਸ.ਪੀ. ਸਿਟੀ ਦੀ ਅਗਵਾਈ 'ਚ ਮੌਕੇ 'ਤੇ ਪਹੁੰਚੀ ਗਈ, ਜਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਪ੍ਰੀਤਮ ਸਵੇਰੇ ਬੱਚਿਆਂ ਨੂੰ ਸਕੂਲ ਛੱਡ ਕੇ ਵਾਪਸ ਘਰ ਪਰਤ ਰਿਹਾ ਸੀ ਕਿ ਰਾਸਤੇ 'ਚ ਕੁਝ ਹਮਲਾਵਰਾਂ ਨੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਇਸ ਘਟਨਾ ਦੇ ਪਿੱਛੇ ਨਸ਼ਾ ਸਮੱਗਲਰਾਂ ਦਾ ਹੱਥ ਦੱਸਿਆ ਹੈ, ਜਿਨ੍ਹਾਂ ਦੇ ਸੰਬੰਧ ਗੈਂਗਸਟਰਾਂ ਨਾਲ ਹਨ। ਪ੍ਰੀਤਮ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਗੈਂਗਸਟਰਾਂ ਦੀਆਂ ਧਮਕੀਆਂ ਆ ਰਹੀਆਂ ਸਨ।
ਪੁਲਸ ਵਲੋਂ ਜ਼ਿਲਾ ਪ੍ਰੀਸ਼ਦ ਮੈਂਬਰ ਮ੍ਰਿਤਕ ਪ੍ਰੀਤਮ ਸਿੰਘ ਦੇ ਪਰਿਵਾਰ ਅਤੇ ਘਟਨਾ ਸਥਾਨ 'ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਦੀ ਭਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲਸ ਵਲੋਂ ਘਟਨਾ ਸਥਾਨ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਕੁਝ ਸਮਾਂ ਪਹਿਲਾਂ ਪ੍ਰੀਤਮ ਸਿੰਘ ਦੇ ਚਾਚੇ ਦਾ ਵੀ ਘਰ 'ਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ ਸੀ।