‘ਬਾਦਲਾਂ ਦੇ ਗੜ੍ਹ ਬਠਿੰਡਾ ’ਚ ਪਹਿਲੀ ਵਾਰ ਕਾਂਗਰਸ ਦਾ ਮੇਅਰ’

02/18/2021 12:58:00 PM

ਚੰਡੀਗੜ੍ਹ (ਰਮਨਜੀਤ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਚ ਮਿਲੀ ਜਿੱਤ ਨੂੰ ਲੈ ਕੇ ਕਾਫ਼ੀ ਉਤਸ਼ਾਹਤ ਹਨ। ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਮੰਨੇ ਜਾਂਦੇ ਬਠਿੰਡਾ ਵਿਚ ਪਹਿਲੀ ਵਾਰ ਕਾਂਗਰਸ ਦਾ ਮੇਅਰ ਬਣਨ ਦਾ ਰਸਤਾ ਸਾਫ਼ ਹੋਇਆ ਹੈ। ਬਠਿੰਡਾ ਨੂੰ ਨਗਰ ਨਿਗਮ ਦਾ ਦਰਜਾ 2009 ਵਿਚ ਹਾਸਿਲ ਹੋਇਆ ਸੀ ਅਤੇ ਉਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮੇਅਰ ਬਣਦੇ ਆਏ, ਇਸ ਤੋਂ ਪਹਿਲਾਂ ਨਗਰ ਕੌਂਸਲ ਦੇ ਤੌਰ ’ਤੇ ਵੀ ਕਾਂਗਰਸ ਨੂੰ ਕਦੇ ਪ੍ਰਧਾਨਗੀ ਨਹੀਂ ਮਿਲੀ।

ਇਸ ਵਾਰ ਦੀਆਂ ਚੋਣਾਂ ਨੂੰ ਨਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਸਗੋਂ ਕਾਂਗਰਸ ਪਾਰਟੀ ਵਲੋਂ ਬਠਿੰਡਾ ਦੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਵੀ ਇੱਜ਼ਤ ਦਾ ਸਵਾਲ ਬਣਾਇਆ ਹੋਇਆ ਸੀ। ਬਠਿੰਡਾ ਲੋਕਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਲੋਕਸਭਾ ਸੰਸਦ ਮੈਂਬਰ ਹਨ ਅਤੇ ਭਾਜਪਾ ਨਾਲੋਂ ਗਠਜੋੜ ਟੁੱਟਣ ਤੋਂ ਪਹਿਲਾਂ ਤੱਕ ਕੇਂਦਰੀ ਮੰਤਰੀ ਵੀ ਰਹੇ ਹਨ। ਬਠਿੰਡਾ ਨੂੰ ਨਗਰ ਨਿਗਮ ਦਾ ਦਰਜਾ ਮਿਲਣ ਤੋਂ ਬਾਅਦ ਪਹਿਲਾ ਮੇਅਰ ਬਲਜੀਤ ਸਿੰਘ ਬੀੜ ਬਹਮਣ ਨੂੰ ਬਣਨ ਦਾ ਸਨਮਾਨ ਮਿਲਿਆ ਸੀ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨਜ਼ਦੀਕੀ ਲੋਕਾਂ ਵਿਚ ਸ਼ਾਮਲ ਹਨ।

ਉਸ ਤੋਂ ਬਾਅਦ ਹੋਈਆਂ ਚੋਣਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਮੇਅਰ ਦੀ ਕੁਰਸੀ ’ਤੇ ਕਬਜ਼ਾ ਕੀਤਾ ਗਿਆ ਸੀ, ਪਰ ਇਸ ਵਾਰ ਇਹ ਕੁਰਸੀ ਕਾਂਗਰਸ ਕੋਲ ਖਿਸਕ ਗਈ ਹੈ। ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਟੁੱਟਣ ਕਾਰਣ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀਆਂ ਵੋਟਾਂ ਦੀ ਵੰਡ ਹੋਣਾ ਅਤੇ ਕਿਸਾਨ ਅੰਦੋਲਨ ਦਾ ਪ੍ਰਭਾਵ ਸ਼ਾਇਦ ਕਾਂਗਰਸ ਦੇ ਪੱਖ ਵਿਚ ਗਿਆ।


Bharat Thapa

Content Editor

Related News