ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ 'ਚ ਸੁਖਪਾਲ ਖਹਿਰਾ ਦਾ ਭਗਵੰਤ ਮਾਨ ਨੂੰ ਵੱਡਾ ਸਵਾਲ
Wednesday, Mar 30, 2022 - 11:06 AM (IST)
ਚੰਡੀਗੜ੍ਹ : ਬੀਤੇ ਦਿਨੀਂ ਲੰਬੀ ਵਿਖੇ ਗੁਲਾਬੀ ਸੁੰਡੀ ਦੇ ਮੁਆਵਜ਼ੇ ਲਈ ਧਰਨਾ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਹੋੋਏ ਲਾਠੀਚਾਰਜ ਨੂੰ ਲੈ ਕੇ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਖ਼ਤ ਨਿਖੇਧੀ ਕਰਦਿਆਂ ਭਗਵੰਤ ਮਾਨ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਵਿਰੋਧੀ ਧਿਰ 'ਚ ਸੀ ਤਾਂ ਇਸ ਤਰ੍ਹਾਂ ਦੀਆਂ ਕਾਰਵਾਈਆਂ ਦਾ ਸਖ਼ਤ ਵਿਰੋਧ ਕਰਦੀ ਸੀ ਕੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਫ਼ਸਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨਗੇ ਜਾਂ ਬਦਲਾਅ ਦਾ ਅਰਥ ਸਿਰਫ਼ ਕੁਰਸੀਆਂ ਦਾ ਬਦਲਣਾ ਹੀ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਭਗਵੰਤ ਮਾਨ ਨੂੰ ਵੱਡਾ ਸਵਾਲ ਪੁੱਛਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਜ਼ਿਕਰਯੋਗ ਹੈ ਕਿ ਗੁਲਾਬੀ ਸੁੰਡੀ ਦੇ ਮੁਆਵਜ਼ੇ ਲਈ ਧਰਨਾ ਅਤੇ ਰੋਸ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਪਿੱਛੋਂ ਨਾਇਬ ਤਹਿਸੀਲਦਾਰ ਲੰਬੀ ਅਤੇ ਸਟਾਫ਼ ਮੈਂਬਰਾਂ ਨੂੰ ਦਫਤਰ ਵਿਚ ਬੰਦੀ ਬਣਾ ਲਿਆ ਗਿਆ। ਇਸ ਦੌਰਾਨ ਹਾਲਾਤ ਉਸ ਵੇਲੇ ਤਨਾਅਪੂਰਨ ਹੋ ਗਏ ਜਦੋਂ ਸੋਮਵਾਰ ਅਤੇ ਮੰਗਲਵਾਰ ਦੀ ਅੱਧੀ ਰਾਤ ਨੂੰ ਪੁਲਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਖਦੇੜਨ ਲਈ ਬਲ ਦਾ ਪ੍ਰਯੋਗ ਕੀਤਾ। ਇਸ ਘਟਨਾ ਵਿਚ 7 ਕਿਸਾਨ ਜ਼ਖ਼ਮੀ ਹੋ ਗਏ ਜਦਕਿ ਇਕ ਪੰਜਾਬ ਪੁਲਸ ਦੇ ਥਾਣੇਦਾਰ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਲੰਬੀ ਅਤੇ ਮਲੋਟ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਧਰ ਇਸ ਘਟਨਾ ਤੋਂ ਬਾਅਦ ਪੁਲਸ ਨੇ ਜਿੱਥੇ 10 ਕਿਸਾਨ ਆਗੂਆਂ ਵਿਰੁੱਧ ਸਰਕਾਰੀ ਕੰਮ ਵਿਚ ਵਿਘਨ ਪਾਉਣ ਅਤੇ ਸਟਾਫ਼ ਨੂੰ ਬੰਦੀ ਬਨਾਉਣ ਸਮੇਤ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਹੈ, ਉਥੇ ਹੀ ਕਿਸਾਨਾਂ ਵੱਲੋਂ ਬੰਦੀ ਬਣਾਏ ਜਾਣ ਦੇ ਰੋਸ ਵਿਚ ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ : ਸਰਕਾਰ ਬਦਲੀ ਪਰ ਬੋਰਡ ਨਹੀਂ, ਮੋਗਾ-ਅੰਮ੍ਰਿਤਸਰ ਰੋਡ ’ਤੇ ਅੱਜ ਵੀ ਲੱਗਾ ਹੈ- 'ਸਾਡਾ ਚੰਨੀ ਸਾਡਾ CM'
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ