ਕਿਸਾਨਾਂ ਦੇ ਹੱਕ 'ਚ ਕਾਂਗਰਸੀ ਸੰਸਦ ਮੈਂਬਰਾਂ ਦਾ ਧਰਨਾ ਜਾਰੀ, ਮੰਗਾਂ ਮੰਨੇ ਜਾਣ ਤਕ ਡਟੇ ਰਹਿਣ ਦਾ ਅਹਿਦ
Thursday, May 20, 2021 - 01:23 PM (IST)
ਜਲੰਧਰ (ਧਵਨ) : ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਦਿੱਲੀ ’ਚ ਜੰਤਰ-ਮੰਤਰ ’ਤੇ ਕਿਸਾਨਾਂ ਦੇ ਪੱਖ ’ਚ ਦਿੱਤੇ ਜਾ ਰਹੇ ਧਰਨੇ ਨੂੰ ਖਤਮ ਨਹੀਂ ਕੀਤਾ ਜਾਵੇਗਾ। ਇਹ ਧਰਨਾ ਅੱਜ 165ਵੇਂ ਦਿਨ ’ਚ ਦਾਖ਼ਲ ਹੋ ਗਿਆ। ਧਰਨੇ ’ਤੇ ਬੈਠੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਭਵਿੱਖ ਨੂੰ ਹਨ੍ਹੇਰੇ ’ਚ ਧੱਕ ਦਿੱਤਾ ਹੈ ਅਤੇ ਪਾਰਟੀ ਇਸ ਧਰਨੇ ਨੂੰ ਉਦੋਂ ਤਕ ਖ਼ਤਮ ਨਹੀਂ ਕਰੇਗੀ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਨਹੀਂ ਲੈਂਦੀ। ਉਨ੍ਹਾਂ ਕਿਹਾ ਕਿ ਕਿਸਾਨ ਇਹ ਸਮਝਦੇ ਹਨ ਕਿ ਖੇਤੀ ਕਾਨੂੰਨ ਬਣਾ ਕੇ ਕੇਂਦਰ ਸਰਕਾਰ ਨੇ ਖੇਤੀ ਖੇਤਰ ’ਚ ਕਾਰਪੋਰੇਟ ਘਰਾਣਿਆਂ ਦੀ ਘੁਸਪੈਠ ਕਰਵਾਉਣ ਦੀ ਸਾਜ਼ਿਸ਼ ਰਚੀ ਹੈ। ਦਿੱਲੀ ’ਚ ਕਾਂਗਰਸ ਸੰਸਦ ਮੈਂਬਰਾਂ ਦੇ ਧਰਨੇ ’ਤੇ ਕਦੇ ਰਵਨੀਤ ਸਿੰਘ ਬਿੱਟੂ, ਕਦੇ ਜਸਬੀਰ ਸਿੰਘ ਡਿੰਪਾ ਤਾਂ ਕਦੇ ਹੋਰ ਕਾਂਗਰਸੀ ਨੇਤਾ ਲੜੀਵਾਰ ਬੈਠ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਅੰਨਦਾਤਾ ਦੇ ਹਿੱਤਾਂ ਦੀ ਰੱਖਿਆ ਲਈ ਕੇਂਦਰ ਸਰਕਾਰ ਨੂੰ ਕਦਮ ਚੁੱਕਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਸ ਪਿੰਡ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੀ ਦੇਸ਼ ’ਚ ਸਭ ਤੋਂ ਪਹਿਲਾਂ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਸੀ ਅਤੇ ਵਿਧਾਨ ਸਭਾ ’ਚ ਸਭ ਤੋਂ ਪਹਿਲਾਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਸੀ। ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ’ਤੇ ਭਾਵੇਂ ਜਿੰਨੇ ਮਰਜ਼ੀ ਕਹਿਰ ਢਾਹ ਲਵੇ ਪਰ ਕਾਂਗਰਸ ਇਸ ਮਾਮਲੇ ’ਚ ਆਪਣੇ ਸੰਘਰਸ਼ ਨੂੰ ਖ਼ਤਮ ਕਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਅਤੇ ਪਾਰਟੀ ਇਸ ਸੰਘਰਸ਼ ਨੂੰ ਅੰਜਾਮ ਤੱਕ ਪਹੁੰਚਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਸਭ ਤੋਂ ਪਹਿਲਾਂ ਵਿਰੋਧ ਕੀਤਾ ਸੀ ਅਤੇ ਪਰ ਭਾਜਪਾ ਦੀ ਸਾਬਕਾ ਸਹਿਯੋਗੀ ਪਾਰਟੀ ਅਕਾਲੀ ਦਲ ਇਸ ਮਾਮਲੇ ’ਚ ਕੈਬਨਿਟ ਦੀ ਬੈਠਕ ’ਚ ਖ਼ਾਮੋਸ਼ ਬੈਠੀ ਰਹੀ। ਅਕਾਲੀ ਦਲ ਦੀਆਂ ਗ਼ਲਤੀਆਂ ਦਾ ਖਮਿਆਜ਼ਾ ਕਿਸਾਨ ਭਾਈਚਾਰਾ ਭੁਗਤ ਰਿਹਾ ਹੈ।
ਇਹ ਵੀ ਪੜ੍ਹੋ : ਕੋਰੋਨਾ ਮਰੀਜ਼ਾਂ ਦਾ ਇਲਾਜ ਕਰਵਾਉਣ ਲਈ ਬੈਂਸ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ