ਮਾਨ ਸਰਕਾਰ ਦੀ ਪੰਜਾਬ ਕੇਸਰੀ ਖਿਲਾਫ਼ ਧੱਕੇਸ਼ਾਹੀ ਦੇ ਵਿਰੋਧ ’ਚ ਕਾਂਗਰਸ ਪਾਰਟੀ ਨੇ ਫੂਕਿਆ ਪੁੱਤਲਾ
Sunday, Mar 22, 2026 - 08:48 PM (IST)
ਹਾਜੀਪੁਰ (ਜੋਸ਼ੀ) : ਪੰਜਾਬ ਕੇਸਰੀ ਗਰੁੱਪ ਦੇ ਹੋਟਲ 'ਪਾਰਕ ਪਲਾਜ਼ਾ' 'ਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਅੱਜ ਜ਼ਿਲ੍ਹਾ ਕਾਂਗਰਸ ਕਿਸਾਨ ਸੈਲ ਦੇ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਪਿੰਡ ਢਾਡੇਕਟਵਾਲ ਵਿਖੇ ਇਕੱਠੇ ਹੋਏ ਸੈਂਕੜੇ ਕਾਂਗਰਸ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁੱਤਲਾ ਫੂਕ ਕੇ ਆਪਣੀ ਭੜਾਸ ਕੱਢੀ।
ਰੋਸ ਪ੍ਰਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਜੀਤ ਸਿੰਘ ਢਾਡੇਕਟਵਾਲ ਨੇ ਸਿੱਧੇ ਤੌਰ 'ਤੇ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਹਨਾਂ ਕਿਹਾ ਕਿ ਮਾਨ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਮੀਡੀਆ ਘਰਾਣਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਪੰਜਾਬ ਕੇਸਰੀ ਗਰੁੱਪ ਵੱਲੋਂ ਸਰਕਾਰ ਦੀ ਅਸਲੀਅਤ ਜੱਗ ਜਾਹਿਰ ਕਰਨ ਕਾਰਣ ਹੀ ਇਹ ਕਾਰਵਾਈ ਕੀਤੀ ਗਈ ਹੈ। ਢਾਡੇਕਟਵਾਲ ਨੇ ਸਪੱਸ਼ਟ ਕੀਤਾ ਕਿ ਪੰਜਾਬ ਕੇਸਰੀ ਗਰੁੱਪ ਅਜਿਹੀਆਂ "ਗਿੱਦੜ ਭਬਕੀਆਂ" ਤੋਂ ਡਰਨ ਵਾਲਾ ਨਹੀਂ ਹੈ ਅਤੇ ਸੱਚ ਦੀ ਆਵਾਜ਼ ਬੁਲੰਦ ਰੱਖੇਗਾ।
ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਆਪਣੀ ਬੌਖਲਾਹਟ ਵਿੱਚ ਅਜਿਹੇ ਕਦਮ ਚੁੱਕ ਰਹੀ ਹੈ, ਪਰ ਜਨਤਾ ਸਭ ਦੇਖ ਰਹੀ ਹੈ। ਮੀਡੀਆ 'ਤੇ ਹਮਲਾ ਲੋਕਤੰਤਰ ਦੇ ਚੌਥੇ ਸਤੰਭ ਨੂੰ ਢਾਹ ਲਾਉਣ ਦੇ ਬਰਾਬਰ ਹੈ। ਪ੍ਰਦਰਸ਼ਨ ਦੌਰਾਨ ਵਰਕਰਾਂ ਨੇ "ਪੰਜਾਬ ਸਰਕਾਰ ਮੁਰਦਾਬਾਦ" ਦੇ ਅਸਮਾਨ ਗੂੰਜਵੇਂ ਨਾਅਰੇ ਲਗਾਏ। ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਉਹਨਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਵਾਪਸੀ ਕਰੇਗਾ।
ਇਸ ਮੌਕੇ ਰਵਿੰਦਰ ਸਿੰਘ, ਜਵਾਹਰ ਸਿੰਘ, ਕਮਲਜੀਤ ਸਿੰਘ, ਹਰਸ਼ਪ੍ਰੀਤ ਸਿੰਘ, ਰੋਹਿਤ, ਜਤਿਨ, ਜੱਸਾ ਸਿੰਘ, ਨਵਦੀਪ ਸਿੰਘ, ਜਤਿੰਦਰ ਸਿੰਘ, ਬਲਵੀਰ ਸਿੰਘ, ਜੁਝਾਰ ਸਿੰਘ, ਚੈਨ ਸਿੰਘ, ਸੁਰਿੰਦਰ ਸਿੰਘ, ਅਸ਼ਵਨੀ ਕੁਮਾਰ, ਜਸਵੰਤ ਸਿੰਘ, ਪ੍ਰਗਟ ਸਿੰਘ ਅਤੇ ਦਾਰਾ ਸਿੰਘ ਤੋਂ ਇਲਾਵਾ ਭਾਰੀ ਗਿਣਤੀ ’ਚ ਕਾਂਗਰਸੀ ਵਰਕਰ ਹਾਜਿਰ ਸਨ।
