ਖੇਤੀਬਾੜੀ ਬਿੱਲਾਂ ਖਿਲਾਫ਼ ਕਾਂਗਰਸ ਦਾ ਵੀ ਸੜਕਾਂ ’ਤੇ ਪ੍ਰਦਰਸ਼ਨ ਸ਼ੁਰੂ

Monday, Sep 21, 2020 - 02:43 PM (IST)

ਸਮਰਾਲਾ (ਸੰਜੇ ਗਰਗ) : ਰਾਜ ਸਭਾ 'ਚ ਵੀ ਨਵੇਂ ਖੇਤੀਬਾੜੀ ਬਿੱਲਾਂ ਨੂੰ ਕੇਂਦਰ ਸਰਕਾਰ ਵੱਲੋਂ ਪਾਸ ਕਰਵਾ ਲਏ ਜਾਣ ਮਗਰੋਂ ਕਿਸਾਨਾਂ ਦਾ ਵਿਰੋਧ ਹੋਰ ਵੀ ਤੇਜ਼ ਹੋ ਗਿਆ ਹੈ। ਇਨ੍ਹਾਂ ਕਿਸਾਨ ਵਿਰੋਧੀ ਬਿੱਲਾਂ ਨੇ ਪੰਜਾਬ ਦੀ ਸਿਆਸਤ 'ਚ ਵੀ ਭੂਚਾਲ ਲਿਆ ਦਿੱਤਾ ਹੈ। ਕਿਸਾਨਾਂ ਦੀ ਹਮਦਰਦੀ ਬਟੋਰਨ ਲਈ ਸਿਆਸੀ ਪਾਰਟੀਆਂ ਵੱਲੋਂ ਵੀ ਖੇਤੀਬਾੜੀ ਬਿੱਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਸਮਰਥਨ 'ਚ ਧਰਨੇ ਅਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ ਹਨ।

ਇਸੇ ਕੜੀ ਤਹਿਤ ਸੋਮਵਾਰ ਨੂੰ ਪੰਜਾਬ ਭਰ 'ਚ ਕਾਂਗਰਸ ਵੱਲੋਂ ਬਲਾਕ ਪੱਧਰ ਅਤੇ ਪਿੰਡਾਂ 'ਚ ਰੋਸ ਧਰਨੇ ਲਗਵਾਉਂਣ ਦੇ ਕੀਤੇ ਗਏ ਐਲਾਨ ਦੌਰਾਨ ਸਮਰਾਲਾ ’ਚ ਵੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ਼ ਧਰਨਾ ਲਗਾਇਆ। ਇਸ ਮੌਕੇ ਵਿਧਾਇਕ ਢਿੱਲੋਂ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਇਹ ਖੇਤੀ ਬਿੱਲ ਵਾਪਸ ਲਏ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਸਮੇਂ ਕਾਂਗਰਸੀ ਵਰਕਰਾਂ ਨੇ ਸ਼ਹਿਰ ਦੇ ਮੇਨ ਚੌਂਕ ਤੱਕ ਰੋਸ ਪ੍ਰਦਰਸ਼ਨ ਵੀ ਕੀਤਾ।

ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਨੂੰ ਤਬਾਹ ਕਰਨ ਵਾਲੇ ਫ਼ੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਖੇਤੀਬਾੜੀ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੀ ਗੁਲਾਮੀ ਕਰਨ ਲਈ ਮਜ਼ਬੂਰ ਕਰ ਦੇਣਗੇ, ਜਿਸ ਨੂੰ ਦੇਸ਼ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਇਹ ਬਿੱਲ ਰੱਦ ਕਰਵਾਉਣ ਲਈ ਪਾਰਟੀ ਹਰ ਤਰ੍ਹਾਂ ਦੀ ਲੜਾਈ ਲੜੇਗੀ।
 


Babita

Content Editor

Related News