ਕਾਂਗਰਸ ਰੈਲੀ ਵਿਰੋਧੀਆਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ : ਮੋਫਰ
Tuesday, Dec 28, 2021 - 02:18 AM (IST)
ਸਰਦੂਲਗੜ੍ਹ(ਸੰਦੀਪ ਮਿੱਤਲ)- ਪੰਜਾਬ ਕਾਂਗਰਸ ਵੱਲੋਂ 28 ਦਸੰਬਰ ਨੂੰ ਸਰਦੂਲਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਜਿੱਥੇ ਕਾਂਗਰਸੀ ਆਗੂ ਪੱਬਾਂ ਭਾਰ ਹਨ, ਉਥੇ ਹੀ ਹਲਕੇ ਦੇ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਤਹਿਤ ਕਾਂਗਰਸੀ ਆਗੂਆਂ ਦਾ ਦਾਅਵਾ ਹੈ ਕਿ ਇਸ ਰੈਲੀ ਵਿਚ 25 ਹਜ਼ਾਰ ਤੋਂ ਵੀ ਵੱਧ ਲੋਕਾਂ ਦਾ ਹੋਣ ਵਾਲਾ ਇਕੱਠ ਵਿਰੋਧੀਆਂ ਦੀ ਜੜ੍ਹਾਂ ਹਿਲਾ ਦੇਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਵਿਸ਼ਾਲ ਰੈਲੀ ਲਈ ਕਾਂਗਰਸੀ ਆਗੂਆਂ ਅਤੇ ਪ੍ਰਸ਼ਾਸਨ ਵੱਲੋਂ ਆਪਣੇ ਆਪਣੇ ਤੌਰ ’ਤੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਸਰਦੂਲਗੜ੍ਹ ਦੀ ਅਨਾਜ ਮੰਡੀ ਵਿਖੇ ਲੋਕਾਂ ਦੇ ਵਿਸ਼ਾਲ ਇਕੱਠ ਲਈ ਬਣਾਏ ਗਏ ਪੰਡਾਲ ਨੂੰ ਦੁਲਹਨ ਵਾਂਗ ਸਜਾ ਦਿੱਤਾ ਗਿਆ ਹੈ, ਜਿਸ ਦੇ ਆਸੇ-ਪਾਸੇ ਰੰਗ ਬਿਰੰਗੀਆਂ ਕਨਾਤਾਂ ਅਤੇ ਸ਼ਮਿਆਨੇ ਲਾ ਕੇ ਇਸ ਦੀ ਦਿੱਖ ਬਦਲ ਦਿੱਤੀ ਗਈ ਹੈ, ਜਦੋਂ ਕਿ ਪੁਲਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਘੇਰੇ ਅੱਗੇ ਸੁਰੱਖਿਆ ਗੇਟ ਲਾ ਕੇ ਮਜ਼ਬੂਤ ਕੀਤਾ ਗਿਆ। ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਾਸੀਆਂ ਨੂੰ ਮੁੱਖ ਮੰਤਰੀ ਚੰਨੀ ਦੀ ਫੇਰੀ ਤੋਂ ਢੇਰ ਸਾਰੀਆਂ ਉਮੀਦਾਂ ਹਨ ਕਿ ਹੁਣ ਇਸ ਹਲਕੇ ਦੇ ਲੋਕਾਂ ਦੀ ਨੇੜਿਓਂ ਸੁਣੀ ਜਾਵੇਗੀ। ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਸਬੰਧੀ ਪੰਡਾਲ ਦਾ ਜਾਇਜ਼ਾ ਲੈਂਦਿਆਂ ਪੰਜਾਬ ਕਾਂਗਰਸ ਆਗੂ ਅਤੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਅਤੇ ਜ਼ਿਲਾ ਪ੍ਰੀਸ਼ਦ ਚੇਅਰਮੈਨ ਬਿਕਰਮ ਮੋਫਰ ਨੇ ਕਿਹਾ ਕਿ ਇਸ ਰੈਲੀ ਲਈ ਪੰਡਾਲ ਸਜ ਕੇ ਤਿਆਰ ਹੈ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਉਣ ਦੀ ਉਡੀਕ ਬਾਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਰੈਲੀ ’ਚ ਪਹੁੰਚ ਕੇ ਉਨ੍ਹਾਂ ਦੇ ਵਿਚਾਰ ਸੁਣਨ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ 25 ਹਜ਼ਾਰ ਤੋਂ ਵੱਧ ਲੋਕਾਂ ਦਾ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਪੰਜਾਬ ਦੇ ਹਿੱਤਾਂ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਉਸ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਪਹੁੰਚਣਗੇ। ਇਸ ਰੈਲੀ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਗੁਪਤਾ, ਐੱਸ. ਐੱਸ. ਪੀ. ਸੰਦੀਪ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਦੂਲਗੜ੍ਹ ਆਮਦ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਬੰਧੀ ਰੈਲੀ ਨੂੰ ਅਮਨ-ਸ਼ਾਂਤੀ ਨੇਪਰੇ ਚਾੜ੍ਹਨ ਲਈ ਸਰਕਾਰੀ ਮੁਲਾਜ਼ਮਾਂ ਅਤੇ ਪੁਲਸ ਕਰਮਚਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।