ਕਾਂਗਰਸ ਸਿੱਖ ਮਾਮਲਿਆਂ ’ਚ ਬੇਲੋੜਾ ਦਖ਼ਲ ਦੇ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਕਰੇ ਬੰਦ : ਐਡਵੋਕੇਟ ਧਾਮੀ

Monday, Jan 02, 2023 - 10:03 PM (IST)

ਕਾਂਗਰਸ ਸਿੱਖ ਮਾਮਲਿਆਂ ’ਚ ਬੇਲੋੜਾ ਦਖ਼ਲ ਦੇ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਕਰੇ ਬੰਦ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਗੁਰਦੁਆਰਾ ਕਮੇਟੀ ਬਣਾਉਣ ਦੇ ਮਨਸੂਬਿਆਂ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਿੱਖ ਮਾਮਲਿਆਂ ’ਚ ਬੇਲੋੜਾ ਦਖ਼ਲ ਦੇ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਕਰਦੀ ਰਹੀ ਹੈ ਅਤੇ ਹੁਣ ਵੀ ਇਸ ਦੇ ਆਗੂ ਸਿੱਖ ਸ਼ਕਤੀ ਨੂੰ ਵੰਡਣ ਦੇ ਯਤਨਾਂ ’ਚ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਤੱਤਕਾਲੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਨੇ ਰਾਜਸੀ ਖੇਡ ਖੇਡਦਿਆਂ ਹਰਿਆਣਾ ਅੰਦਰ ਸਿੱਖ ਸ਼ਕਤੀ ਨੂੰ ਵੰਡਣ ਦੀ ਚਾਲ ਚੱਲੀ ਸੀ, ਇਸੇ ਚਾਲ ਤਹਿਤ ਤੱਤਕਾਲੀ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਬਣਾਈ।

ਇਹ ਖ਼ਬਰ ਵੀ ਪੜ੍ਹੋ : ਕੜਾਕੇ ਦੀ ਠੰਡ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਕੀਤਾ ਵਾਧਾ

ਉਨ੍ਹਾਂ ਕਿਹਾ ਕਿ ਹੁਣ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ’ਚ ਵੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀਆਂ ਯੋਜਨਾਵਾਂ ਬਣਾ ਰਹੇ ਹਨ, ਜੋ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਾਂਗਰਸ ਪਾਰਟੀ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲ ਦੇਣਾ ਬੰਦ ਕਰੇ। ਉਨ੍ਹਾਂ ਸਿੱਖ ਸੰਗਤਾਂ ਨੂੰ ਵੀ ਕਾਂਗਰਸ ਦੀਆਂ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਅਪੀਲ ਕੀਤੀ।

 


author

Manoj

Content Editor

Related News