ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਨਵੀਂ ਸਰਾਂ ਦੇ ਨਿਰਮਾਣ ਦੀ ਕੀਤੀ ਆਰੰਭਤਾ
Tuesday, Sep 07, 2021 - 07:20 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ) : ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਰਿਹਾਇਸ਼ ਦੀ ਸਹੂਲਤ ਦਾ ਵਿਸਥਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਚੌਂਕ ਬਾਬਾ ਸਾਹਿਬ ਵਿਖੇ ਭਾਈ ਜੈਤਾ ਜੀ ਸੰਗਤ ਨਿਵਾਸ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸੰਪ੍ਰਦਾ ਵੱਲੋਂ ਕੀਤੀ ਜਾਵੇਗੀ। ਅਰਦਾਸ ਉਪਰੰਤ ਕਾਰਸੇਵਾ ਦੀ ਸ਼ੁਰੂਆਤ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ, ਜਿਨ੍ਹਾਂ ਦੇ ਵਿਸ਼ਰਾਮ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ਾਂ ਵਿਚ ਸਮੇਂ-ਸਮੇਂ ਵਾਧਾ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਚੌਂਕ ਬਾਬਾ ਸਾਹਿਬ ਵਿਖੇ ਵੀ ਨਵਾਂ ਯਾਤਰੀ ਨਿਵਾਸ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿਚ ਬੇਸਮੈਂਟ ਤੋਂ ਇਲਾਵਾ 45 ਕਮਰੇ ਅਤੇ 22 ਹਾਲ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੰਗਤ ਦੀ ਆਮਦ ਵਿਚ ਵੱਡਾ ਵਾਧਾ ਹੋਣ ਕਾਰਨ ਰਿਹਾਇਸ਼ ਦੀ ਕਿੱਲਤ ਨੂੰ ਦੂਰ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਹੋਰ ਢੁੱਕਵੀਆਂ ਥਾਵਾਂ ’ਤੇ ਨਵੀਆਂ ਸਰਾਵਾਂ ਬਣਾਈਆਂ ਜਾਣਗੀਆਂ। ਇਸ ਮੌਕੇ ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਜੈਤਾ ਜੀ ਨਿਵਾਸ ਦੀ ਸੇਵਾ ਦੇਣ ਲਈ ਬੀਬੀ ਜਗੀਰ ਕੌਰ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਯਤਨ ਕਰਨਗੇ ਕਿ ਇਹ ਸਰਾਂ ਜਲਦ ਮੁਕੰਮਲ ਕੀਤੀ ਜਾ ਸਕੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਸਮੇਤ ਸੰਗਤਾਂ ਮੌਜੂਦ ਸਨ।