ਸਟੇਟ ਕੈਂਸਰ ਇੰਸਟੀਚਿਊਟ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ : ਡਾ. ਵੇਰਕਾ

Thursday, Oct 21, 2021 - 05:40 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਇਸ ਦੇ ਨਾਲ ਇਨ੍ਹਾਂ ਇਲਾਕਿਆਂ ਦੇ ਕੈਂਸਰ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਾਪਤ ਕਰਨ ’ਚ ਆਸਾਨੀ ਹੋਵੇਗੀ। ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਦੇ ਹੋਏ ਡਾ. ਵੇਰਕਾ ਨੇ ਦੱਸਿਆ ਕਿ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਦਾ 114.61 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਚੱਲ ਰਿਹਾ ਹੈ ਅਤੇ ਹੁਣ ਤੱਕ 85 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਇੰਸਟੀਚਿਊਟ ਇਸੇ ਸਾਲ ਸ਼ੁਰੂ ਹੋ ਜਾਵੇਗਾ। ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਅਕਤੂਬਰ 2021 ਨਿਰਧਾਰਤ ਕੀਤਾ ਗਿਆ ਸੀ। ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਸਪੀਕਰ ਵਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਭਲਾਈ ਨੀਤੀ ਦੀ ਮੰਗ

ਡਾ. ਵੇਰਕਾ ਅਨੁਸਾਰ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ 80 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ। ਇਹ ਸੈਂਟਰ 45 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਹ ਮਾਰਚ 2022 ਵਿੱਚ ਕੰਮ ਕਰਨਾ ਆਰੰਭ ਕਰ ਦੇਵੇਗਾ। ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਂਸਰ ਦੇ ਮਰੀਜ਼ਾਂ ਨੂੰ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੈਂਟਰਾਂ ਵਿੱਚ ਉੱਚ ਦਰਜੇ ਦਾ ਬੁਨਿਆਦੀ ਢਾਂਚਾ, ਮਸ਼ੀਨਰੀ, ਸਾਜੋ-ਸਮਾਨ ਉਪਲਭਦ ਕਰਵਾਇਆ ਜਾਵੇਗਾ ਤਾਂ ਜੋ ਕੈਂਸਰ ਦੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਸਕੇ। ਵੇਰਕਾ ਨੇ ਦੱਸਿਆ ਕਿ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਹੇਠ ਕੈਂਸਰ ਦੇ ਮਰੀਜ਼ਾਂ ਨੂੰ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਮਰੀਜ਼ਾਂ ਦਾ ਪੰਜ ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਕੀਤਾ ਜਾ ਰਿਹਾ ਹੈ। ਡਾ. ਵੇਰਕਾ ਅਨੁਸਾਰ ਕੈਂਸਰ ਦੇ ਮਰੀਜ਼ਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦੇ ਲਈ ਕਰੋਨਿਕ ਡਜ਼ੀਜ਼ ਸਰਟੀਫਿਕੇਟ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਵੀ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਬਨਾਉਣ ਦੀ ਯੋਜਨਾ ਹੈ ਜਿਸ ਦੇ ਲਈ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਿੱਧੂ 'ਤੇ ਮੁੜ ਅੱਗ ਬਬੂਲਾ ਹੋਏ ਕੈਪਟਨ, ਚੰਨੀ ਨੂੰ ਦੱਸਿਆ 'ਗੁੱਡ ਬੁਆਏ'

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News