400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ

Thursday, Nov 18, 2021 - 05:58 PM (IST)

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਸਥਾਪਤ ਕੀਤੀਆਂ ਜਾਣ ਵਾਲੀਆਂ ਯਾਦਗਾਰਾਂ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਗੋਵਿੰਦ ਮੋਹਨ ਨੇ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਸ ਬੈਠਕ ਵਿਚ ਸਿੱਖ ਵਿਦਵਾਨ ਸਿਮਰਜੀਤ ਸਿੰਘ ਕੰਗ, ਇੰਦਰਪਾਲ ਸਿੰਘ, ਡਾ. ਅਮਰਜੀਤ ਸਿੰਘ, ਡਾ. ਸੁਖਬੀਰ ਸਿੰਘ, ਡਾ. ਜੋਗੇਸ਼ਵਰ ਸਿੰਘ ਸਮੇਤ ਅੰਮ੍ਰਿਤਸਰ ਦੇ ਐੱਸ. ਡੀ. ਐੱਮ. ਬੈਨਿਤ ਮੌਜੂਦ ਸਨ। ਇਸ ਮੌਕੇ ਗੋਵਿੰਦ ਮੋਹਨ ਨੇ ਭਾਰਤ ਸਰਕਾਰ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਉਲੀਕੀਆਂ ਯੋਜਨਾਵਾਂ ਤੋਂ ਬੀਬੀ ਜਗੀਰ ਕੌਰ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਲੈ ਕੇ ਜੋ ਵੀ ਸਮਾਗਮ ਕਰਨਾ ਚਾਹੁੰਦੀ ਹੈ ਜਾਂ ਯਾਦਗਾਰਾਂ ਬਣਾਉਣੀਆਂ ਚਾਹੁੰਦੀ ਹੈ, ਉਹ ਸ਼੍ਰੋਮਣੀ ਕਮੇਟੀ ਦੇ ਸੁਝਾਅ ਅਨੁਸਾਰ ਹੀ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਉਲੀਕੇ ਹਰ ਤਰ੍ਹਾਂ ਦੇ ਸਮਾਗਮ ਵਿਚ ਭਰਵਾਂ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਨੂੰ ਲੈ ਕੇ ਜਲਦ ਹੀ ਇਕ ਕਮੇਟੀ ਸਥਾਪਤ ਕੀਤੀ ਜਾਵੇਗੀ, ਜੋ ਭਾਰਤ ਸਰਕਾਰ ਨਾਲ ਰਾਬਤਾ ਬਣਾਈ ਰੱਖੇਗੀ।

PunjabKesari

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਵਿਚਾਰਧਾਰਾ ਵਿਸ਼ਵ ਸ਼ਾਂਤੀ ਨੂੰ ਉਭਾਰਨ ਵਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਵਾਲੀ ਹੈ। ਇਸ ਕਰਕੇ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਮੂਲ ਵਿਚਾਰ ਵਿਸ਼ਵ ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ’ਤੇ ਕੇਂਦਰਤ ਹੋਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਚੰਗੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਅਤੇ ਜੋ ਵੀ ਕਾਰਜ ਕੀਤੇ ਜਾਣਗੇ ਉਸ ਵਿਚ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗੀ ਬਣੀ ਰਹੇਗੀ। ਇਸੇ ਦੌਰਾਨ ਭਾਰਤ ਸਰਕਾਰ ਦੇ ਅਧਿਕਾਰੀਆਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਮਲਕੀਤ ਸਿੰਘ ਬਹਿੜਵਾਲ ਵੀ ਹਾਜ਼ਰ ਸਨ।


author

Anuradha

Content Editor

Related News