ਕੱਚੇ ਤੇ ਠੇਕਾ ਆਧਾਰਿਤ ਮੁੁਲਾਜ਼ਮਾਂ ਵੱਲੋਂ ਉਪ ਮੁੱਖ ਮੰਤਰੀ ਸੋਨੀ ਦੀ ਰਿਹਾਇਸ਼ ਵੱਲ ਰੋਸ ਮਾਰਚ

10/10/2021 11:14:40 PM

ਅੰਮ੍ਰਿਤਸਰ (ਦਲਜੀਤ ਸ਼ਰਮਾ)-ਮਾਣਭੱਤਾ, ਕੱਚਾ/ਠੇਕਾ ਆਧਾਰਿਤ ਮੁਲਾਜ਼ਮ ਮੋਰਚੇ ਵੱਲੋਂ ਮਾਣਭੱਤੇ ਅਧੀਨ ਕੰਮ ਕਰਦੀਆਂ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ’ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ, ਜੰਗਲਾਤ ਵਰਕਰਾਂ, ਐੱਨ. ਐੱਚ. ਐੱਮ. ’ਚ ਕੰਮ ਕਰਦੀਆਂ ਸਟਾਫ਼ ਨਰਸਾਂ, ਕੰਟਰੈਕਟ ਮਲਟੀਪਰਪਜ਼ ਫੀਮੇਲ ਹੈਲਥ ਵਰਕਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ, ਸਮੱਗਰ ਅਧੀਨ ਕੰਮ ਕਰਦੇ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ, ਕਸਤੂਰਬਾ ਗਾਂਧੀ ਹੋਸਟਲਾਂ ਦੇ ਮੁਲਾਜ਼ਮਾਂ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ, ਸਮੂਹ ਕੱਚੇ, ਠੇਕਾ ਆਧਾਰਿਤ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਰੋਸ ਵਜੋਂ ਉਪ ਮੁੱਖ ਮੰਤਰੀ ਓ. ਪੀ. ਸੋਨੀ ਦੇ ਘਰ ਵੱਲ ਰੋਸ ਮਾਰਚ ਕੀਤਾ ਗਿਆ।

ਇਹ ਵੀ ਪੜ੍ਹੋ : ਕੱਚੇ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਘੇਰਿਆ ਕੈਬਨਿਟ ਮੰਤਰੀ ਰਾਜਾ ਵੜਿੰਗ ਦਾ ਘਰ

ਜ਼ਿਕਰਯੋਗ ਹੈ ਕਿ ਅੱਜ ‘ਮਾਣਭੱਤਾ ਅਤੇ ਕੱਚਾ/ਕੰਟਰੈਕਟ ਮੁਲਾਜ਼ਮ ਮੋਰਚੇ ਵੱਲੋਂ ਅੰਮ੍ਰਿਤਸਰ ’ਚ ਉੱਪ ਮੁੱਖ ਮੰਤਰੀ ਓ. ਪੀ. ਸੋਨੀ, ਜਲੰਧਰ ’ਚ ਕੈਬਨਿਟ ਮੰਤਰੀ ਪਰਗਟ ਸਿੰਘ, ਮੁਕਤਸਰ ’ਚ ਕੈਬਨਿਟ ਮੰਤਰੀ ਰਾਜਾ ਵੜਿੰਗ ਅਤੇ ਪਟਿਆਲਾ ’ਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਘਰਾਂ ਵੱਲ ਰੋਸ ਮਾਰਚ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਨਹਿਰੀ ਵਿਭਾਗ ਦੇ ਦਫ਼ਤਰ ਵਿਖੇ ਪੁੱਜੇ ਸੈਂਕੜੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਰਛਪਾਲ ਸਿੰਘ ਜੋਧਾਨਗਰੀ, ਪਰਮਜੀਤ ਕੌਰ ਮਾਨ, ਮਮਤਾ ਸ਼ਰਮਾ, ਜਸਵਿੰਦਰ ਕੌਰ ਰੰਧਾਵਾ, ਗੁਰਮੀਤ ਸਿੰਘ ਕੋਟਲਾ ਕਾਜੀਆਂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਭਾਵੇਂ ਮੁੱਖ ਮੰਤਰੀ ਦਾ ਚਿਹਰਾ ਬਦਲ ਲਿਆ ਹੈ ਪਰ ਸਰਕਾਰ ਦਾ ਚਰਿੱਤਰ ਪਹਿਲਾਂ ਵਾਲਾ ਹੀ ਹੈ।

ਇਹ ਵੀ ਪੜ੍ਹੋ : ਮੁਕੇਰੀਆਂ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਫ਼ੈਲੀ ਸਨਸਨੀ

ਮੁਲਾਜ਼ਮ ਆਗੂਆਂ ਨੇ ਆਖਿਆ ਕਿ ਪਹਿਲਾਂ ਲੱਗਭਗ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਬਜਾਏ ਸੱਤਾ ਦਾ ਆਨੰਦ ਮਾਣ ਰਹੇ ਹਨ। ਮੋਰਚੇ ਦੇ ਆਗੂਆਂ ਹਰਿੰਦਰ ਕੁਮਾਰ ਐਮਾਂ, ਰਣਜੀਤ ਦੁਲਾਰੀ, ਸਰਬਜੀਤ ਕੌਰ ਭੋਰਛੀ, ਹਰਵਿੰਦਰ ਕੌਰ ਪਠਾਨਕੋਟ, ਸਤਿੰਦਰ ਕੌਰ ਬੱਬੇਹਾਲੀ ਅਤੇ ਨਰਿੰਦਰ ਸਿੰਘ ਪੂੰਗਾ, ਡੀ. ਐੱਮ. ਐੱਫ. ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਅਸ਼ਵਨੀ ਅਵਸਥੀ ਨੇ ਕਿਹਾ ਕਿ ਜੇਕਰ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਗਿਆ ਅਤੇ ਮਾਣਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤਾ ਗਿਆ ਤਾਂ 24 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਸੂਬਾ ਪੱਧਰੀ ਰੈਲੀ ਕਰ ਕੇ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ, ਜਿਸ ’ਚ ਪੰਜਾਬ ਦੇ ਹਜ਼ਾਰਾਂ ਕੱਚੇ ਮੁਲਾਜ਼ਮ ਤੇ ਮਾਣਭੱਤਾ ਵਰਕਰ ਸ਼ਮੂਲੀਅਤ ਕਰਨਗੇ। ਰੈਲੀ ਨੂੰ ਸਰਬਜੀਤ ਕੌਰ ਛੱਜਲਵੱਡੀ, ਬਲਜਿੰਦਰ ਸਿੰਘ ਮਿੰਟੂ, ਪਰਮਜੀਤ ਕੌਰ ਵੈਰੋਵਾਲ, ਕੰਵਲਜੀਤ ਕੌਰ ਨੌਸ਼ਹਿਰਾ ਮੱਝਾ ਸਿੰਘ, ਮਲੂਕ ਸਿੰਘ ਭਲਾਈਪੁਰ, ਬਲਵਿੰਦਰ ਕੌਰ ਅਲੀਸ਼ੇਰ, ਰਜਨੀ ਘਰੋਟਾ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵੱਲੋਂ ਨਛੱਤਰ ਸਿੰਘ ਤਰਨਤਾਰਨ, ਕਰਮਜੀਤ ਸਿੰਘ ਕਲੇਰ, ਬਲਵਿੰਦਰ ਕੌਰ ਰਾਵਲਪਿੰਡੀ ਅਤੇ ਅਜੀਤਪਾਲ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Manoj

This news is Content Editor Manoj