ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾ ਕੇ ਗੁਲਾਮੀ ਦਿਹਾੜੇ ਵਜੋਂ ਮਨਾਇਆ ਆਜ਼ਾਦੀ ਦਿਹਾੜਾ

08/13/2020 6:02:02 PM

ਰੂਪਨਗਰ (ਸੱਜਣ ਸੈਣੀ)— ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਰਣਜੀਤ ਪਾਰਕ ਵਿਖੇ ਇਕੱਠੇ ਹੋ ਕੇ ਡੀ. ਸੀ. ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਪਨਬੱਸ ਰੋਡਵੇਜ਼ ਠੇਕਾ ਵਰਕਰ ਯੂਨੀਅਨ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਸੀਵਰੇਜ ਬੋਰਡ ਕੰਟਰੈਕਟ ਵਰਕਰ ਯੂਨੀਅਨ ਜ਼ਿਲ੍ਹਾ ਰੋਪੜ ਵੱਲੋਂ ਆਜ਼ਾਦੀ ਦਿਵਸ ਨੂੰ ਕਾਲੇ ਚੋਲੇ ਪਾ ਕੇ ਗੁਲਾਮੀ ਦਿਹਾੜੇ ਵਜੋਂ ਮਨਾਇਆ ਗਿਆ।

ਇਸ ਸਮੇਂ ਮੋਰਚੇ ਦੇ ਆਗੂ ਬਲਿਹਾਰ ਸਿੰਘ ਕੁਲਵੰਤ ਸਿੰਘ ਨਰਿੰਦਰ ਸਿੰਘ  ਇੰਦਰਪਾਲ ਸਿੰਘ ਗੁਰਪ੍ਰੀਤ ਸਿੰਘ ਮਨਜਿੰਦਰ ਸਿੰਘ ਨੇ ਕਿਹਾ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ 'ਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਸਰਕਾਰ ਸਮੂਹ ਅਦਾਰਿਆਂ 'ਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਅਤੇ ਤਨਖ਼ਾਹ ਕਟੌਤੀਆਂ ਦੇ ਰਾਹ ਪਈ ਹੋਈ ਹੈ।

ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕਰਦੇ ਕਿਹਾ ਕਿ “ਵੈੱਲਫੇਅਰ ਐਕਟ 2016'' ਨੂੰ ਇਨਬਿਨ ਲਾਗੂ ਕਰਕੇ ਉਪਰੋਕਤ ਮਹਿਕਮਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਮਹਿਕਮਿਆਂ 'ਚ ਪੱਕਾ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ 'ਚ ਸ਼ਾਮਲ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਮੂਹ ਮਹਿਕਮਿਆਂ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਮਹਿਕਮਿਆਂ 'ਚ ਰੈਗੂਲਰ ਨਹੀਂ ਕੀਤਾ ਤਦ ਤੱਕ ਮੋਰਚੇ ਦੇ ਬੈਨਰ ਹੇਠ ਸੰਘਰਸ਼ ਲਗਾਤਾਰ ਜਾਰੀ ਰਹਿਣਗੇ ਅਤੇ ਆਉਣ ਵਾਲੀ 22 ਅਗਸਤ ਨੂੰ ਪਟਿਆਲਾ ਵਿਖੇ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ।

shivani attri

This news is Content Editor shivani attri