ਕੰਟ੍ਰੈਕਟ ਕਾਮੇ 11 ਨੂੰ ਪੰਜਾਬ ਕਾਂਗਰਸ ਭਵਨ 'ਚ ਮੰਗਣਗੇ ਲੋਹੜੀ

01/08/2019 9:49:37 AM

ਚੰਡੀਗੜ੍ਹ (ਭੁੱਲਰ) - ਪੰਜਾਬ ਦੇ ਕੰਟ੍ਰੈਕਟ ਕਾਮਿਆਂ ਨੇ 11 ਜਨਵਰੀ ਨੂੰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਆਪਣਾ ਰੋਸ ਦਰਜ ਕਰਵਾਉਣ ਲਈ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਲੋਹੜੀ ਮੰਗਣ ਦਾ ਐਲਾਨ ਕੀਤਾ ਹੈ। ਕੰਟ੍ਰੈਕਟ ਕਾਮਿਆਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਵਿਧਾਨ ਸਭਾ ਚੋਣਾਂ 2016 ਦੌਰਾਨ ਸੂਬੇ 'ਚ ਕਾਂਗਰਸ ਪਾਰਟੀ ਦੇ ਨਾਅਰੇ ਦਾ ਖੂਬ ਪ੍ਰਚਾਰ ਕੀਤਾ ਗਿਆ ਸੀ ਪਰ ਸੱਤਾ 'ਚ ਆਉਣ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਨੇ ਵੱਖ-ਵੱਖ ਵਰਗਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਦੱਸ ਦੇਈਏ ਕਿ ਕੰਟ੍ਰੈਕਟ ਕਾਮਿਆਂ ਨੂੰ ਰੈਗੂਲਰ ਕਰਨ ਲਈ ਵੀ ਸਰਕਾਰ ਕੁਝ ਨਹੀਂ ਕਰ ਰਹੀ, ਜਿਸ ਕਾਰਨ ਉਨ੍ਹਾਂ ਨੂੰ ਅੰਦੋਲਨ ਕਰਨਾ ਪੈ ਰਿਹਾ ਹੈ।

ਕਮੇਟੀ ਦੇ ਸੂਬਾਈ ਆਗੂਆਂ ਇਮਰਾਨ ਭੱਟੀ, ਅਸ਼ੀਸ਼ ਜੁਲਾਹਾ, ਅੰਮ੍ਰਿਤਪਾਲ ਸਿੰਘ, ਪ੍ਰਵੀਨ ਸ਼ਰਮਾ, ਅਨੁਪਜੀਤ ਸਿੰਘ ਆਦਿ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਅਤੇ ਘੱਟ ਤਨਖਾਹ ਵਾਲੇ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ ਦੇਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ 11 ਜਨਵਰੀ ਨੂੰ ਸੂਬੇ ਦੇ ਕੱਚੇ ਮੁਲਾਜ਼ਮ ਪੰਜਾਬ ਕਾਂਗਰਸ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਰੈਗੂਲਰ ਕਰਨ ਦੀ ਲੋਹੜੀ ਮੰਗਣ ਜਾਣਗੇ ਅਤੇ ਕਾਂਗਰਸੀ ਆਗੂਆਂ ਨੂੰ ਵਾਅਦਿਆਂ ਦੀ ਜੜੀ ਤਸਵੀਰ ਸੌਂਪਣਗੇ।


rajwinder kaur

Content Editor

Related News