ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਕੋਲ ਕੋਈ ਠੋਸ ਵਿਉਂਤਬੰਦੀ ਨਹੀਂ : ਚੀਮਾ
Wednesday, Aug 26, 2020 - 06:07 PM (IST)
ਚੀਮਾ ਮੰਡੀ (ਅਜੈ) : ਦਿੜ੍ਹਬਾ ਵਿਖੇ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਦੇ ਨਵੇਂ ਉਸਾਰੇ ਗਏ ਦਰਬਾਰ ਸਾਹਿਬ ਦੇ ਪਹਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਸਮਾਗਮ 'ਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ। ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰ ਕੋਲ ਕੋਈ ਠੋਸ ਵਿਉਂਤਬੰਦੀ ਨਹੀਂ ਹੈ ਅਤੇ ਵੱਡੀ ਪੱਧਰ 'ਤੇ ਫੈਲ ਚੁੱਕੀ ਇਸ ਬੀਮਾਰੀ ਨੂੰ ਰੋਕਣ ਲਈ ਸਰਕਾਰ ਦਾ ਸਿਹਤ ਵਿਭਾਗ ਢੁੱਕਵੇਂ ਪ੍ਰਬੰਧ ਨਾ ਹੋਣ ਕਰਕੇ ਪੂਰੀ ਤਰ੍ਹਾਂ ਫੇਲ੍ਹ ਨਜ਼ਰ ਆ ਰਿਹਾ ਹੈ।
ਖੇਤੀ ਸਬੰਧੀ ਪਾਸ ਕੀਤੇ ਗਏ ਆਰਡੀਨੈਂਸਾਂ ਬਾਰੇ ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇਹ ਫ਼ੈਸਲਾ ਪੂਰੀ ਤਰ੍ਹਾਂ ਲੋਕ ਮਾਰੂ ਹੈ। ਇਸ ਨਾਲ ਪੰਜਾਬ ਦਾ ਹਰ ਵਰਗ ਪ੍ਰਭਾਵਿਤ ਹੋਵੇਗਾ। ਇਸ ਲਈ ਪੰਜਾਬ ਦੀ ਸਿਰਮੌਰ ਪਾਰਟੀ ਅਖਵਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਇਸ ਦੀ ਬਰਾਬਰ ਦੀ ਜ਼ਿੰਮੇਵਾਰ ਹੈ। ਬਿਜਲੀ ਬਿੱਲ 2020 ਸੂਬਿਆਂ ਦੇ ਸੰਘੀ ਢਾਂਚੇ 'ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਦਿਨ ਦਾ ਰੱਖਿਆ ਗਿਆ ਵਿਧਾਨ ਸਭਾ ਦਾ ਇਜਲਾਸ ਲੋਕਾਂ ਨਾਲ ਮਜ਼ਾਕ ਹੈ। ਲੋਕਾਂ ਦੇ ਮਸਲੇ ਵਿਚਾਰਨ ਲਈ ਘੱਟੋ-ਘੱਟ 15 ਦਿਨ ਦਾ ਇਜਲਾਸ ਹੋਣਾ ਜ਼ਰੂਰੀ ਹੈ।