ਕੋਰੋਨਾ ਆਫ਼ਤ ਦਰਮਿਆਨ ਵੱਡੀ ਖ਼ਬਰ, ਕੈਪਟਨ ਅਮਰਿੰਦਰ ਸਿੰਘ ਦੀ ਲੋਕਾਂ ਨੂੰ ਸਖ਼ਤ ਚਿਤਾਵਨੀ

Tuesday, May 04, 2021 - 06:13 PM (IST)

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਵਿਚ ਫਿਲਹਾਲ ਸੰਪੂਰਨ ਲਾਕਡਾਊਨ ਤਾਂ ਨਹੀਂ ਲੱਗੇਗਾ ਪਰ ਸਰਕਾਰ ਅਜੇ ਵੇਟ ਐਂਡ ਵਾਚ ਦੀ ਸਥਿਤੀ ਵਿਚ ਹੈ। ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਥਿਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਉਹ ਮੁਕੰਮਲ ਲਾਕਡਾਊਨ ਦੇ ਹੱਕ ਵਿਚ ਨਹੀਂ ਪਰ ਜੇਕਰ ਲੋਕ ਨਾ ਸੁਧਰੇ ਅਤੇ ਹਾਲਾਤ ’ਚ ਸੁਧਾਰ ਨਾ ਹੋਇਆ ਤਾਂ ਸਾਨੂੰ ਮੁਕੰਮਲ ਲਾਕਡਾਊਨ ਲਗਾਉਣ ਲਈ ਮਜ਼ਬੂਰ ਹੋਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਲਾਕਡਾਊਨ ਦੀ ਮਾਰ ਗਰੀਬਾਂ ’ਤੇ ਜ਼ਿਆਦਾ ਪੈਂਦੀ ਹੈ। ਪ੍ਰਵਾਸੀ ਮਜ਼ਦੂਰਾਂ ਨੂੰ ਪਲਾਇਨ ਕਰਨਾ ਪੈਂਦਾ ਹੈ ਤੇ ਉਦਯੋਗਾਂ ਵਿਚ ਅਵਿਵਸਥਾ ਆ ਜਾਂਦੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਹੁਣ ਅਮਰਿੰਦਰ ਹੀ ਹੋਣਗੇ ‘ਕੈਪਟਨ’, ਸਿੱਧੂ ’ਤੇ ਗਾਜ ਡਿੱਗਣੀ ਤੈਅ !

ਬੈਠਕ ਦੌਰਾਨ ਡੀ. ਜੀ. ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਮੌਜੂਦਾ ਰੋਕਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਵਰਚੁਅਲ ਮੀਟਿੰਗ ਵਿਚ ਮੁੱਖ ਮੰਤਰੀ ਨੇ ਰੈਸਟੋਰੈਂਟ ਤੋਂ ਲੋਕਾਂ ਨੂੰ ਖੁਦ ਖਾਣਾ ਲੈ ਕੇ ਜਾਣ ਦੀ ਰੋਕ ਦੇ ਵੀ ਹੁਕਮ ਦਿੱਤੇ ਕਿਉਂਕਿ ਇਸ ਸਹੂਲਤ ਦੇ ਬਹਾਨੇ ਨੌਜਵਾਨ ਬਾਹਰ ਘੁੰਮਣ ਨਿਕਲ ਜਾਂਦੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਿਰਫ ਖਾਣੇ ਦੀ ਹੋਮ ਡਲਿਵਰੀ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਖਾਦਾਂ ਦੀ ਵਿਕਰੀ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ’ਚ ਮੁਕੰਮਲ ਲਾਕਡਾਊਨ ਲੱਗਣਾ ਲਗਭਗ ਤੈਅ, ਸਿਹਤ ਮੰਤਰੀ ਨੇ ਦਿੱਤਾ ਵੱਡਾ ਬਿਆਨ

ਕੋਵਿਡ ਬੈੱਡਾਂ ਵਿਚ 20 ਫ਼ੀਸਦੀ ਦੇ ਵਾਧੇ ਦੇ ਹੁਕਮ
ਮੁੱਖ ਮੰਤਰੀ ਨੇ ਅਗਲੇ 10 ਦਿਨਾਂ ਵਿਚ ਬੈੱਡਾਂ ਦੀ ਸਮਰੱਥਾ 20 ਫ਼ੀਸਦੀ ਤਕ ਵਧਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਵੀ ਮਰੀਜ਼ਾਂ ਨੂੰ ਰੱਖਣ ਲਈ ਸਟੇਡੀਅਮਜ਼, ਜਿਮਨੇਜੀਅਮਜ਼ ਅਤੇ ਹੋਰ ਅਜਿਹੀਆਂ ਥਾਵਾਂ ਨੂੰ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਟੈਂਟ ਵਾਲੇ ਕੈਂਪ ਸਥਾਪਿਤ ਕਰਨੇ ਚਾਹੀਦੇ ਹਨ ਅਤੇ ਜਿਮਜ਼/ਹਾਲਜ਼ ਨੂੰ ਐੱਲ-2 ਅਤੇ ਐੱਲ-3 ਸਹੂਲਤਾਂ ਵਿਚ ਤਬਦੀਲ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਸਰਕਾਰ ਨੂੰ ਬਦ ਤੋਂ ਬਦਤਰ ਸਥਿਤੀ ਲਈ ਤਿਆਰ ਰਹਿਣਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਵਿਚ ਫਿਲਹਾਲ ਨਹੀਂ ਲੱਗੇਗਾ ਮੁਕੰਮਲ ਲਾਕਡਾਊਨ, ਨਵੀਂਆਂ ਪਾਬੰਦੀਆਂ ਨਹੀਂ

ਮਾਲਵਾ ਖੇਤਰ ਵਿਚ ਵੱਧ ਰਹੇ ਕੇਸ
ਸਿਹਤ ਮੰਤਰੀ ਨੇ ਦੱਸਿਆ ਕਿ ਸਥਿਤੀ ਬਹੁਤ ਭਿਆਨਕ ਬਣੀ ਹੋਈ ਹੈ ਕਿਉਂਕਿ ਸੂਬੇ ਵਿਚ ਐੱਲ-3 ਲਈ ਸਿਰਫ਼ 300 ਬੈੱਡ ਉਪਲਬਧ ਹਨ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਭਰ ਰਹੇ ਹਨ। ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਐਤਵਾਰ ਨੂੰ ਸੂਬੇ ਦੀ ਪਾਜ਼ੇਟਿਵਿਟੀ ਦਰ 12 ਫ਼ੀਸਦੀ ’ਤੇ ਖੜ੍ਹੀ ਹੈ ਅਤੇ ਪਿਛਲੇ 7-10 ਦਿਨਾਂ ਤੋਂ ਮਾਲਵਾ ਖੇਤਰ ਵਿਚ ਕੇਸ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਐੱਲ-3 ਦੇ 90 ਫ਼ੀਸਦੀ ਬੈੱਡ ਭਰ ਗਏ ਹਨ ਅਤੇ ਕਈ ਮਾਮਲਿਆਂ ਵਿਚ 100 ਫ਼ੀਸਦੀ ਭਰ ਗਏ ਹਨ, ਜਿਸ ਕਰਕੇ ਸਥਿਤੀ ਬਹੁਤ ਭਿਆਨਕ ਹੈ। ਉਨ੍ਹਾਂ ਦੱਸਿਆ ਕਿ ਮੌਤ ਦਰ 2 ਫ਼ੀਸਦੀ ਦੇ ਨੇੜੇ ਪਹੁੰਚ ਗਈ ਹੈ ਅਤੇ ਪੇਂਡੂ ਇਲਾਕਿਆਂ ਵਿਚ ਇਸ ਤੋਂ ਵੀ ਵੱਧ (2.7 ਫ਼ੀਸਦੀ) ਹੈ। ਇਸ ਵੇਲੇ ਘਰਾਂ ਵਿਚ ਮੌਤਾਂ ਦੀ ਦਰ ਵੀ 2 ਫ਼ੀਸਦੀ ਹੈ। ਸਭ ਤੋਂ ਚਿੰਤਾ ਦਾ ਕਾਰਨ ਇਹ ਹੈ ਕਿ ਕੁੱਲ ਮੌਤਾਂ ਵਿਚੋਂ 17 ਫ਼ੀਸਦੀ ਮਰੀਜ਼ ਸਹਿ ਬਿਮਾਰੀਆਂ ਤੋਂ ਵੀ ਪੀੜਤ ਨਹੀਂ ਸਨ।

ਇਹ ਵੀ ਪੜ੍ਹੋ : ਕੋਰੋਨਾ ਦੇ ਔਖੇ ਸਮੇਂ ਵਿਚ ਪੱਤਰਕਾਰਾਂ ਤੇ ਬਿਜਲੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News