ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
Tuesday, Jun 30, 2020 - 06:40 PM (IST)
ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਫ਼ੈਲਾਅ ਕਾਰਨ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਰਕੇ ਸਥਿਤੀ ਨਾਲ ਹੋਰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਸਿਹਤ ਮਹਿਕਮੇ ਵਿਚ ਖਾਲ੍ਹੀ ਪਈਆਂ 3954 ਰੈਗੂਲਰ ਅਸਾਮੀਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ਼ ਮਹਿਕਮੇ ਵਿਚ 291 ਅਸਾਮੀਆਂ ਭਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫ਼ੈਸਲਾ ਅੱਜ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸਕੂਲ ਫ਼ੀਸ ਮਾਮਲੇ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਕਿਹਾ ਕਿ ਸਿਹਤ ਵਿਭਾਗ ਵਿਚ 3954 ਅਸਾਮੀਆਂ ਵਿਚੋਂ 2966 ਅਸਾਮੀਆਂ ਪਹਿਲੇ ਪੜਾਅ ਵਿਚ ਭਰੀਆਂ ਜਾਣਗੀਆਂ ਜਦਕਿ ਬਾਕੀ 988 ਅਸਾਮੀਆਂ ਅਗਲੇ ਪੜਾਅ ਵਿਚ ਭਰੀਆਂ ਜਾਣਗੀਆਂ ਜੋ 30 ਸਤੰਬਰ, 2020 ਨੂੰ ਖਾਲ੍ਹੀ ਹੋਣਗੀਆਂ। ਮੰਤਰੀ ਮੰਡਲ ਨੇ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਿਚ ਵਿਸ਼ੇਸ਼ ਚੋਣ ਕਮੇਟੀ ਵੱਲੋਂ ਵਾਕ-ਇਨ-ਇੰਟਰਵਿਊ ਰਾਹੀਂ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀ ਕੀਤੀ ਜਾਣ ਵਾਲੀ ਭਰਤੀ ਨੂੰ ਵੀ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਵਲੋਂ ਭਾਜਪਾ ਖ਼ਿਲਾਫ਼ ਸੂਬੇ ਭਰ ਪ੍ਰਦਰਸ਼ਨ ਕਰਨ ਦਾ ਐਲਾਨ
ਇਸੇ ਤਰ੍ਹਾਂ ਮੰਤਰੀ ਮੰਡਲ ਨੇ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਟਾਫ਼ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਘੇਰੇ ਵਿਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਇਹ ਅਸਾਮੀਆਂ ਭਰਨ ਦਾ ਫ਼ੈਸਲਾ ਕੋਵਿਡ-19 ਦੀ ਮਹਾਮਾਰੀ ਦਰਮਿਆਨ ਹੰਗਾਮੀ ਜ਼ਰੂਰਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਗਰੁੱਪ 'ਏ' ਤੇ 'ਬੀ' ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਗਰੁੱਪ 'ਸੀ' ਤੇ 'ਡੀ' ਦੀ ਭਰਤੀ ਅਧੀਨ ਚੋਣ ਸੇਵਾਵਾਂ ਬੋਰਡ ਵੱਲੋਂ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਮਾਝਾ ਤੇ ਦੋਆਬਾ ''ਚ ਵੱਧ ਵਰ੍ਹਣਗੇ ਬੱਦਲ, ਮਾਲਵਾ ''ਚ ਘੱਟ ਪਵੇਗਾ ਮੀਂਹ