ਕੋਰੋਨਾ ਮਰੀਜ਼ਾਂ ਦੀ ਮੌਤ ਦਰ ਘਟਾਉਣ ਲਈ ਹੋਰ ਕੋਸ਼ਿਸ਼ਾਂ ਕੀਤੀਆਂ ਜਾਣ : ਸੋਨੀ
Friday, Nov 06, 2020 - 06:45 PM (IST)
ਚੰਡੀਗੜ੍ਹ : ਸੂਬੇ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਕੋਸ਼ਿਸ਼ਾਂ ਨੂੰ ਤੇਜ਼ ਕਰਨ। ਉਹ ਅੱਜ ਇਥੇ ਮੈਡੀਕਲ ਕਾਲਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕਰ ਰਹੇ ਸਨ। ਸੋਨੀ ਨੇ ਕਿਹਾ ਕਿ ਪੰਜਾਬ ਰਾਜ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਦਿਨੋਂ-ਦਿਨ ਗਿਰਾਵਟ ਆ ਰਹੀ ਹੈ, ਜਿਸ ਨਾਲ ਕੋਵਿਡ ਮਰੀਜ਼ਾਂ ਲਈ ਸਥਾਪਤ ਹਸਪਤਾਲਾਂ 'ਚ ਦਾਖਲ ਮਰੀਜ਼ਾਂ ਦੀ ਗਿਣਤੀ ਵੀ ਦਿਨੋਂ-ਦਿਨ ਘੱਟ ਰਹੀ ਹੈ। ਇਸ ਲਈ ਦਾਖ਼ਲ ਮਰੀਜ਼ਾਂ ਨੂੰ ਹੋਰ ਜ਼ਿਆਦਾ ਤਵੱਜੋ ਦਿੱਤੀ ਜਾਵੇ ਤਾਂ ਜੋ ਮੌਤ ਦਰ ਨੂੰ ਘਟਾਇਆ ਜਾ ਸਕੇ।
ਕੋਰੋਨਾ ਵਾਇਰਸ ਦੀ ਸੰਭਾਵੀ ਦੂਜੀ ਲਹਿਰ ਲਈ ਤਿਆਰੀਆਂ ਬਾਰੇ ਚਰਚਾ ਕਰਦਿਆਂ ਸੋਨੀ ਨੇ ਸਮੂਹ ਕਾਲਜਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਸੰਭਾਵੀ ਦੂਜੀ ਲਹਿਰ ਲਈ ਹੁਣ ਤੋਂ ਹੀ ਤਿਆਰੀਆਂ ਕਰ ਲਈਆ ਜਾਣ ਕਿਉਂਕਿ ਦਿੱਲੀ ਵਿਚ ਬੀਤੇ ਕੁਝ ਦਿਨਾਂ ਵਿਚ ਕੋਰੋਨਾ ਪਾਜ਼ੇਟਿਵ ਮਰੀਜਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਉਹਨਾਂ ਤਵਾੜੀ ਨੂੰ ਐਡਹਾਕ ਉੱਤੇ ਸੁਪਰ ਸਪੈਸਲਿਸਟ ਡਾਕਟਰ ਰੱਖਣ ਲਈ ਵੀ ਕਾਲਜਾਂ ਨੂੰ ਪ੍ਰਵਾਨਗੀ ਦੇਣ ਦੇ ਆਦੇਸ਼ ਦਿੱਤੇ ਅਤੇ ਰੈਗੂਲਰ ਭਰਤੀ ਪ੍ਰਕਿਰਿਆ ਨੂੰ ਵੀ ਤੇਜ਼ ਕਰਨ ਲਈ ਕਿਹਾ। ਸੋਨੀ ਨੇ ਪ੍ਰਮੁੱਖ ਸਕੱਤਰ ਨੂੰ ਕਿਹਾ ਕਿ ਉਹ ਚਾਲੂ ਸਾਲ ਅਤੇ ਅਗਾਮੀ ਵਿੱਤ ਵਰ੍ਹੇ ਲਈ ਫੰਡ ਦੀ ਜ਼ਰੂਰਤ ਸਬੰਧੀ ਪੜਚੋਲ ਕਰਨ। ਸੋਨੀ ਨੇ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਨੂੰ ਹਦਾਇਤ ਦਿੱਤੀ ਕਿ ਉਹ ਵਿਭਾਗ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਕਾਰਵਾਈ ਮੁਕੰਮਲ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਭਰਤੀ ਪ੍ਰਕਿਰਿਆ ਸ਼ੁਰੂ ਕਰਵਾਉਣ ਅਤੇ ਨਾਲ ਹੀ ਵਿਭਾਗ ਵਿਚ ਜਿੰਨੀਆਂ ਵੀ ਪਦ-ਉਨਤੀ ਵਾਲੀਆਂ ਅਸਾਮੀਆਂ ਖਾਲੀ ਪਈਆਂ ਹਨ, ਉਨ੍ਹਾਂ ਨੂੰ ਵੀ ਪਦ-ਉਨਤੀਆਂ ਰਾਹੀਂ ਜਲਦ ਭਰਨਾ ਯਕੀਨੀ ਬਣਾਉਣ। ਇਸ ਮੌਕੇ ਉਨ੍ਹਾਂ ਕੋਵਿਡ ਦੌਰਾਨ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਡਾਕਟਰੀ ਅਤੇ ਪੈਰਾਮੈਡੀਕਲ ਸਟਾਫ ਨੂੰ ਸਨਮਾਨਿਤ ਕਰਨ ਦਾ ਵੀ ਆਦੇਸ਼ ਦਿੱਤਾ। ਇਸ ਮੌਕੇ ਹੋਰਨਾਂ ਤੋਂ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਡਾਕਟਰ ਰਾਜ ਬਹਾਦਰ, ਜੁਆਇੰਟ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਡਾਕਟਰ ਅਕਾਸ਼ਦੀਪ ਅਗਰਵਾਲ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਸਤਰ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਅਤੇ ਡੈਂਟਲ ਕਾਲਜ਼ ਦੇ ਪ੍ਰਿੰਸੀਪਲ ਵੀ ਹਾਜ਼ਰ ਸਨ।