ਮੁੜ ਡਰਾਉਣ ਲੱਗਾ ਕੋਰੋਨਾ, 35 ਸਾਲਾ ਪਾਜ਼ੇਟਿਵ ਵਿਅਕਤੀ ਨੇ ਤੋੜਿਆ ਦਮ
Saturday, Apr 08, 2023 - 08:17 PM (IST)
ਫਿਰੋਜ਼ਪੁਰ (ਕੁਮਾਰ)–ਜ਼ਿਲ੍ਹਾ ਫ਼ਿਰੋਜ਼ਪੁਰ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਣ ਲੱਗੇ ਹਨ, ਜਿਸ ਕਾਰਨ ਲੋਕਾਂ ਦੀਆਂ ਚਿੰਤਾਵਾਂ ਵਧਣ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ’ਚ ਰੋਜ਼ਾਨਾ 5 ਤੋਂ 15 ਲੋਕਾਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆ ਰਹੀਆਂ ਹਨ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਣ ਦੇ ਨਾਲ-ਨਾਲ ਸ਼ਨੀਵਾਰ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਚਾਂਦੀਵਾਲਾ ਵਿਖੇ 35 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ, ਜਿਸ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਚਾਂਦੀਵਾਲਾ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨਿਰਦੇਸ਼
ਇਸ ਸਬੰਧੀ ਸੰਪਰਕ ਕਰਨ ’ਤੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਜਿੰਦਰ ਪਾਲ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੀ ਇਕ-ਦੋ ਦਿਨ ਪਹਿਲਾਂ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ ਉਸ ਦੀ ਘਰ ’ਚ ਮੌਤ ਹੋ ਗਈ। ਉਸ ਇਲਾਕੇ ਦੇ ਸੀਨੀਅਰ ਮੈਡੀਕਲ ਅਫ਼ਸਰ ਅਨੁਸਾਰ ਬਲਵਿੰਦਰ ਸਿੰਘ ਨਸ਼ੇ ਦਾ ਵੀ ਆਦੀ ਸੀ, ਜਿਸ ਕਾਰਨ ਉਸ ਦਾ ਇਮਿਊਨਿਟੀ ਸਿਸਟਮ ਕਮਜ਼ੋਰ ਹੋ ਸਕਦਾ ਹੈ। ਸਿਹਤ ਵਿਭਾਗ ਬਲਵਿੰਦਰ ਸਿੰਘ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸ ਦੀ ਸਿਹਤ ਹਿਸਟਰੀ ਇਕੱਤਰ ਕਰ ਰਿਹਾ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਨਾਲ ਔਰਤ ਦੀ ਦਰਦਨਾਕ ਮੌਤ