ਕੋਵਿਡ-19 ਟੈਸਟ ਕਰਵਾਉਣ ਲਈ ਲੋਕ ਅੱਗੇ ਆਉਣ ਦੀ ਕਰਨ ਪਹਿਲਕਦਮੀ : ਡਿਪਟੀ ਕਮਿਸ਼ਨਰ

08/12/2020 8:04:27 AM

ਜਲੰਧਰ, (ਚੋਪੜਾ)– ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦਾ ਟੈਸਟ ਕਰਵਾਉਣ ਲਈ ਅੱਗੇ ਆਉਣ ਦੀ ਪਹਿਲਕਦਮੀ ਕਰਨ ਤਾਂ ਕਿ ਜਿਨ੍ਹਾਂ ਲੋਕਾਂ ਨੂੰ ਕੋਰੋਨਾ ਤੋਂ ਇਲਾਵਾ ਦੂਜੀਆਂ ਬੀਮਾਰੀਆਂ ਹਨ, ਉਨ੍ਹਾਂ ਦਾ ਪਤਾ ਲੱਗ ਸਕੇ ਅਤੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਕੇ ਕੋਵਿਡ-19 ਨੂੰ ਜ਼ਿਲੇ ਵਿਚ ਹੋਰ ਫੈਲਣ ਤੋਂ ਰੋਕਣ ਨੂੰ ਯਕੀਨੀ ਬਣਾਇਆ ਜਾ ਸਕੇ। 

ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਕੀ ਕੰਪਲੈਕਸ ਵਿਚ ਸਿਵਲ, ਸਿਹਤ ਅਤੇ ਪੁਲਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਕੋਵਿਡ-19 ਸਬੰਧੀ ਪ੍ਰਬੰਧ ਨੀਤੀ ਅਧੀਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੀ ਜਲਦ ਪਛਾਣ ਕਰ ਕੇ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਇਆ ਜਾ ਸਕਦਾ ਹੈ, ਜਿਸ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਟੈਸਟਾਂ ਦੀ ਰਫਤਾਰ ਵਿਚ ਤੇਜ਼ੀ ਲਿਆਂਦੀ ਗਈ। 

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਮੈਡੀਕਲ ਬੁਨਿਆਦੀ ਢਾਂਚੇ ਵਿਚ ਸੁਧਾਰ ਅਤੇ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ ਬੈੱਡਾਂ ਦੀ ਉਪਲੱਬਧਤਾ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਜਲੰਧਰ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਣ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ ਬੈੱਡਾਂ ਦੀ ਗਿਣਤੀ ਨੂੰ ਵਧਾਉਣ ਲਈ ਕਿਹਾ ਤਾਂ ਕਿ ਕਿਸੇ ਵੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਿਆ ਜਾ ਸਕੇ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸ. ਡੀ. ਐੱਮ. ਰਾਹੁਲ ਸਿੰਧੂ, ਗੌਤਮ ਜੈਨ, ਵਿਨੀਤ ਕੁਮਾਰ, ਸੰਜੀਵ ਕੁਮਾਰ ਸ਼ਰਮਾ ਆਦਿ ਵੀ ਹਾਜ਼ਰ ਸਨ।


Lalita Mam

Content Editor

Related News