ਅਗਲੇ ਪੜਾਅ ਤਹਿਤ ਤਖ਼ਤ ਸਾਹਿਬਾਨ ’ਤੇ ਵੀ ਲਗਾਏ ਜਾਣਗੇ ਕੋਰੋਨਾ ਵੈਕਸੀਨ ਕੈਂਪ : ਬੀਬੀ ਜਗੀਰ ਕੌਰ

Saturday, May 29, 2021 - 06:03 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਇਸ ਕੈਂਪ ਲਈ 53 ਲੱਖ ਰੁਪਏ ਨਾਲ ਪੰਜ ਹਜ਼ਾਰ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਹੈ, ਜੋ ਲੋਕਾਂ ਨੂੰ ਬਿਲਕੁਲ ਮੁਫ਼ਤ ਲਗਾਈ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦੇ ਨਾਲ ਹੈ ਅਤੇ ਇਹ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੌਸ਼ਨੀ ਵਿਚ ਮਾਨਵ ਭਲਾਈ ਦੇ ਕਾਰਜ ਕਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੁਣ 9 ਕੋਵਿਡ ਕੇਅਰ ਕੇਂਦਰ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 900 ਦੇ ਕਰੀਬ ਮਰੀਜ਼ ਠੀਕ ਹੋਏ ਹਨ। ਹੁਣ ਸ਼੍ਰੋਮਣੀ ਕਮੇਟੀ ਨੇ ਕੋਰੋਨਾ ਵੈਕਸੀਨ ਦੇ ਕੈਂਪਾਂ ਦੀ ਸ਼ੁਰੂਆਤ ਕੀਤੀ ਹੈ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਲਗਾਏ ਇਸ ਕੈਂਪ ਮਗਰੋਂ ਤਖ਼ਤ ਸਾਹਿਬਾਨ ਵਿਖੇ ਵੀ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਮੁਫ਼ਤ ਵੈਕਸੀਨ ਲਗਾ ਰਹੀ ਹੈ ਅਤੇ ਆਉਂਦੇ ਦਿਨਾਂ ਵਿਚ ਹੋਰ ਵੀ ਵੱਡੇ ਪੱਧਰ ’ਤੇ ਵੈਕਸੀਨ ਮੰਗਵਾਉਣ ਲਈ ਯਤਨ ਕੀਤੇ ਜਾਣਗੇ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੈਕਸੀਨ ਦੇ ਪ੍ਰਬੰਧ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।     

ਇਹ ਵੀ ਪੜ੍ਹੋ : ਬਿਜਲੀ ਸਮਝੌਤੇ ਰੱਦ ਕਰਨ ਦੀ ਬਜਾਏ ਨਿਗੂਣਾ ਵਾਧਾ ਲੋਕਾਂ ਦੀਆਂ ਅੱਖਾਂ ਵਿਚ ਧੂੜ ਝੋਕਣ ਸਮਾਨ :  ਹਰਪਾਲ ਚੀਮਾ

ਵੈਕਸੀਨ ਲਗਾਉਣ ਪੁੱਜੇ ਲੋਕਾਂ ਨੇ ਕੀਤਾ ਸ਼੍ਰੋਮਣੀ ਕਮੇਟੀ ਦਾ ਧੰਨਵਾਦ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੂਚਨਾ ਕੇਂਦਰ ਨਜ਼ਦੀਕ ਲਗਾਏ ਗਏ ਕੋਰੋਨਾ ਵੈਕਸੀਨ ਕੈਂਪ ਦੌਰਾਨ ਵੈਕਸੀਨ ਲਗਾਉਣ ਲਈ ਵੱਡੀ ਗਿਣਤੀ ਲੋਕ ਪਹੁੰਚੇ। ਲੋਕ ਕਤਾਰਾਂ ਵਿਚ ਖੜ੍ਹ ਕੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਆਪਸੀ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕਰਦੇ ਰਹੇ।

PunjabKesari

ਇਸ ਦੌਰਾਨ ਕੁਝ ਲੋਕਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਵੈਕਸੀਨ ਬਹੁਤ ਲਾਜ਼ਮੀ ਹੈ ਪਰ ਉਨ੍ਹਾਂ ਨੂੰ ਵੈਕਸੀਨ ਲਗਵਾਉਣ ਲਈ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਕੈਂਪ ਦੌਰਾਨ ਉਹ ਵੈਕਸੀਨ ਲਗਵਾਉਣ ਲਈ ਪੁੱਜੇ ਹਨ। ਇਸ ਮੌਕੇ ਲੋਕਾਂ ਨੇ ਸ਼੍ਰੋਮਣੀ ਕਮੇਟੀ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਅਤੇ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਵੈਕਸੀਨ ਲਗਾਉਣ ਲਈ ਪ੍ਰਬੰਧ ਕਰੇ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੱਜ ਸ਼ੁਰੂ ਕੀਤਾ ਗਿਆ ਕੋਰੋਨਾ ਵੈਕਸੀਨ ਕੈਂਪ ਅਗਲੇ ਦਿਨਾਂ ਵਿਚ ਵੀ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਦਾ ਸਟਾਫ਼ ਸੇਵਾ ਨਿਭਾਅ ਰਿਹਾ ਹੈ।

ਇਹ ਵੀ ਪੜ੍ਹੋ : ਦੀਪ ਸਿੱਧੂ ਵਲੋਂ ਲਗਾਏ ਗਏ ਦੋਸ਼ਾਂ ਦਾ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਵਲੋਂ ਠੋਕਵਾਂ ਜਵਾਬ 

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News