ਕੋਰੋਨਾ ਵੈਕਸੀਨ ਲਵਾਉਣ ਤੋਂ ਰਹਿੰਦੇ ਲੋਕਾਂ ਨੂੰ ਡੀ. ਸੀ. ਵੱਲੋਂ ਤੁਰੰਤ ਟੀਕਾਕਰਨ ਕਰਵਾਉਣ ਦੀ ਅਪੀਲ

Monday, Oct 11, 2021 - 03:42 PM (IST)

ਪਟਿਆਲਾ (ਮਨਦੀਪ ਸਿੰਘ ਜੋਸਨ) : ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ 'ਚ ਡੇਂਗੂ, ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਨਾਲ ਨਜਿੱਠਣ ਦੀਆਂ ਤਿਆਰੀਆਂ, ਕੋਵਿਡ ਟੀਕਾਕਰਨ, ਆਕਸੀਜਨ ਅਤੇ ਸਿਹਤ ਨਾਲ ਸਬੰਧਿਤ ਹੋਰ ਮਾਮਲਿਆਂ 'ਤੇ ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਜ਼ਿਲ੍ਹਾ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਅਤੇ ਜ਼ਿਲ੍ਹਾ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਡੇਂਗੂ ਦੇ ਮੌਜੂਦਾ ਸੀਜ਼ਨ ਅਤੇ ਕੋਵਿਡ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਬਚਾਅ ਲਈ ਬਿਨ੍ਹਾਂ ਕਿਸੇ ਢਿੱਲ ਮੱਠ ਦੇ ਇੱਕ ਟੀਮ ਦੀ ਤਰ੍ਹਾਂ ਕੰਮ ਕੀਤਾ ਜਾਵੇ ਤਾਂ ਕਿ ਜ਼ਿਲ੍ਹੇ ਦੇ ਵਾਸੀਆਂ ਨੂੰ ਦਰਪੇਸ਼ ਸਿਹਤ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕੇ।

ਸੰਦੀਪ ਹੰਸ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਿੱਥੇ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਸਮੇਤ ਸਾਫ਼ ਜਾਂ ਗੰਦਾ ਪਾਣੀ ਖੜ੍ਹਾ ਰਹਿਣ ਕਰਕੇ ਮੱਛਰ ਦੀ ਪੈਦਾਵਾਰ ਰੋਕਣ ਦੀ ਅਪੀਲ ਕੀਤੀ, ਉੱਥੇ ਹੀ ਕੋਵਿਡ ਵੈਕਸੀਨੇਸ਼ਨ ਤੋਂ ਅਜੇ ਵੀ ਵਾਂਝੇ ਰਹਿ ਗਏ ਲੋਕਾਂ ਨੂੰ ਤੁਰੰਤ ਟੀਕਾਕਰਨ ਕਰਵਾਉਣ 'ਤੇ ਜ਼ੋਰ ਦਿੱਤਾ। ਡੀ. ਸੀ. ਨੇ ਸਿਹਤ ਵਿਭਾਗ ਨੂੰ ਤਾਕੀਦ ਕਰਦਿਆਂ ਕਿਹਾ ਕਿ ਪੇਂਡੂ ਖੇਤਰਾਂ 'ਚ ਡੇਂਗੂ ਬਿਮਾਰੀ ਤੋਂ ਬਚਾਅ ਲਈ ਵਿੱਢੀ ਪ੍ਰਚਾਰ ਮੁਹਿੰਮ ਨੂੰ ਦਾਣਾ ਮੰਡੀਆਂ ਤੱਕ ਲਿਜਾਇਆ ਜਾਵੇ ਅਤੇ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਦੇ ਵਿਸ਼ੇਸ਼ ਕੈਂਪ ਲਗਾ ਕੇ ਜ਼ਿਲ੍ਹੇ ਦੀ ਸਾਰੀ ਆਬਾਦੀ ਨੂੰ ਟੀਕਾਕਰਨ ਦੇ ਘੇਰੇ ਹੇਠ ਲਿਆਂਦਾ ਜਾਵੇ। ਡਿਪਟੀ ਕਮਿਸ਼ਨਰ ਨੇ ਸਰਕਾਰੀ ਮੈਡੀਕਲ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਆਰ. ਪੀ. ਐੱਸ. ਸਿਬੀਆ, ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਤੋਂ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਅਤੇ ਇਸ ਤੋਂ ਛੋਟੇ ਬੱਚਿਆਂ ਦੇ ਪ੍ਰਭਾਵਿਤ ਹੋਣ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹੇ 'ਚ ਆਕਸੀਜਨ ਪਲਾਂਟਾਂ ਅਤੇ ਆਕਸੀਜਨ ਕੰਸਟ੍ਰੇਟਰਾਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ। 


Babita

Content Editor

Related News