ਵਿਦੇਸ਼ਾਂ ਤੋਂ ਆਏ 95,000 ਐੱਨ. ਆਰ. ਆਈ., ਕਈ ''ਹੋਮ ਆਈਸੋਲੇਟ'' ''ਚ : ਕੈਪਟਨ
Tuesday, Mar 31, 2020 - 06:46 PM (IST)
ਚੰਡੀਗੜ੍ਹ/ਜਲੰਧਰ (ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲਗਭਗ 95,000 ਐੱਨ. ਆਰ. ਆਈ. ਪੰਜਾਬ ਪਹੁੰਚੇ ਸਨ, ਜਿਨ੍ਹਾਂ 'ਚੋਂ ਕਈਆਂ ਨੂੰ 'ਹੋਮ ਆਈਸੋਲੇਟ' 'ਚ ਰੱਖਿਆ ਗਿਆ ਹੈ। ਸਰਕਾਰ ਨੇ ਐੱਨ. ਆਰ. ਆਈਜ਼ ਨੂੰ ਲੈ ਕੇ ਡੋਰ ਟੂ ਡੋਰ ਸਰਵੇ ਵੀ ਸ਼ੁਰੂ ਕਰਵਾਇਆ ਹੈ ਅਤੇ ਐੱਨ. ਆਰ. ਆਈਜ਼ ਨੂੰ ਕਿਹਾ ਗਿਆ ਹੈ ਕਿ ਉਹ ਖੁਦ ਸਿਹਤ ਵਿਭਾਗ ਅਤੇ ਸਰਕਾਰ ਨੂੰ ਸੂਚਿਤ ਕਰਨ ਕਿ ਉਹ ਕਿਸ ਦੇਸ਼ ਤੋਂ ਪਰਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ 44,000 ਐੱਨ. ਆਰ. ਆਈਜ਼ ਤਾਂ ਦਿੱਲੀ ਦੇ ਪਾਲਮ ਏਅਰਪੋਰਟ ਦੇ ਰਸਤੇ ਪੰਜਾਬ ਆਏ ਸਨ ਅਤੇ ਇਨ੍ਹਾਂ ਸਾਰਿਆਂ ਦਾ ਏਅਰਪੋਰਟ 'ਤੇ ਟੈਸਟ ਵੀ ਕੀਤਾ ਗਿਆ ਸੀ, ਜਿਸ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਨਹੀਂ ਹੋਈ ਸੀ ਪਰ ਫਿਰ ਵੀ ਪੰਜਾਬ ਸਰਕਾਰ ਇਨ੍ਹਾਂ ਸਾਰਿਆਂ ਨੂੰ ਲੈ ਕੇ ਕੋਈ ਜ਼ੋਖਮ ਨਹੀਂ ਲੈਣਾ ਚਾਹੁੰਦੀ, ਇਸ ਲਈ ਉਨ੍ਹਾਂ ਨੂੰ 'ਹੋਮ ਕੁਆਰਿੰਟਾਈਨ' 'ਚ ਰੱਖਿਆ ਜਾ ਰਿਹਾ ਹੈ। ਇਕ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਇਕ ਵੈਸ਼ਵਿਕ ਬੀਮਾਰੀ ਹੈ ਅਤੇ ਇਸ ਨਾਲ ਨਜਿੱਠਣ ਲਈ ਪੰਜਾਬ 'ਚ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ : ਕਰਫਿਊ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖਤ ਚਿਤਾਵਨੀ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪੌਣੇ ਤਿੰਨ ਕਰੋੜ ਦੀ ਆਬਾਦੀ ਹੈ। ਸਿਹਤ ਸਬੰਧੀ ਉਪਕਰਨਾਂ 'ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਰੋਜ਼ਾਨਾ 300 ਤੋਂ 400 ਟੈਸਟ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ 700 ਵੈਂਟੀਲੇਟਰਸ ਦਾ ਪ੍ਰਬੰਧ ਕੀਤਾ ਗਿਆ ਹੈ। 28000 ਬੈੱਡਾਂ ਦਾ ਵੀ ਪ੍ਰਬੰਧ ਹੋ ਚੁੱਕਾ ਹੈ ਅਤੇ ਕਈ ਹੋਰ ਸਥਾਨਾਂ 'ਤੇ ਵੀ ਬਦਲਵੀਆਂ ਸਹੂਲਤਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਹੁਣ ਮਾਸਕਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਹਮਣੇ ਸਭ ਤੋਂ ਚੁਣੌਤੀਪੂਰਨ ਕੰਮ ਜ਼ਰੂਰੀ ਵਸਤੂਆਂ ਦੀ ਸਪਲਾਈ ਨੂੰ ਬਣਾਈ ਰੱਖਣਾ ਹੈ ਅਤੇ ਇਸ ਸਬੰਧ 'ਚ ਸਾਰੇ ਪ੍ਰਬੰਧ ਰੋਜ਼ਾਨਾ ਬਿਹਤਰ ਹੁੰਦੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਚੌਥੀ ਮੌਤ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸੂਬੇ 'ਚ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਾ ਸੌਣ ਦਿੱਤਾ ਜਾਵੇ। ਇਸ ਸਬੰਧ 'ਚ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਪ੍ਰਵਾਸੀ ਮਜ਼ਦੂਰਾਂ ਲਈ ਰਾਸ਼ਨ ਅਤੇ ਹੋਰ ਜ਼ਰੂਰੀ ਵਸਤੂਆਂ ਦਾ ਪ੍ਰਬੰਧ ਕੀਤਾ ਜਾਵੇ। ਪੰਜਾਬ ਸਰਕਾਰ ਨੇ ਪਹਿਲਾਂ ਹੀ ਖੁਰਾਕ ਸਮੱਗਰੀ ਦੇ 10 ਲੱਖ ਪੈਕੇਟ ਵੰਡ ਦਿੱਤੇ ਹਨ, ਜਿਨ੍ਹਾਂ 'ਚ ਆਟਾ, ਚੌਲ, ਦਾਲਾਂ ਸ਼ਾਮਲ ਸਨ।
ਇਹ ਵੀ ਪੜ੍ਹੋ : ਅਮਰੀਕਾ ਦਾ ਦਾਅਵਾ 5 ਮਿੰਟ ''ਚ ਕੋਰੋਨਾ ਦੀ ਪੁਸ਼ਟੀ, ਇੱਧਰ ਪੰਜਾਬ ''ਚ ਚਿੰਤਾਜਨਕ ਹਾਲਾਤ