ਕੋਰੋਨਾ ਸੰਕਟ ਦਰਮਿਆਨ ਅੰਮ੍ਰਿਤਸਰ ਤੋਂ ਆਈ ਚੰਗੀ ਖਬਰ
Tuesday, May 12, 2020 - 07:34 PM (IST)
ਅੰਮ੍ਰਿਤਸਰ (ਦਲਜੀਤ) : ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 25 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ। ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨ੍ਹਾਂ ਨੂੰ ਹਸਪਤਾਲ ਪ੍ਰਸ਼ਾਸਨ ਵਲੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਜ਼ਿਲੇ ਵਿਚ 9 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਫਿਲਹਾਲ ਜ਼ਿਲੇ ਵਿਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 257 ਹੈ ਜਿਨ੍ਹਾਂ ਦਾ ਇਲਾਜ ਸਰਕਾਰੀ ਅਤੇ ਗੈਰ-ਸਰਕਾਰੀ ਹਸਪਤਾਲਾਂ ਵਿਚ ਚੱਲ ਰਿਹਾ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 296 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 34 ਮਰੀਜ਼ ਠੀਕ ਹੋ ਚੁੱਕੇ ਹਨ। ਪਾਜ਼ੇਟਿਵ ਆਏ ਮਰੀਜ਼ਾਂ ਵਿਚ ਜ਼ਿਆਦਾਤਰ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਅੰਮ੍ਰਿਤਸਰ ਜ਼ਿਲੇ ਵਿਚ ਚੌਥੀ ਮੌਤ, ਸੂਬੇ 'ਚ 33 ਤਕ ਪੁੱਜਾ ਅੰਕੜਾ
ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਇਆ ਹੋਇਆ ਹੈ, ਉਥੇ ਹੀ ਪੰਜਾਬ ਵਿਚ ਹੁਣ ਤਕ ਇਸ ਦੇ 1950 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚ ਹੁਣ ਤਕ 195 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਵਿਚ ਹੁਣ ਤਕ 33 ਮੌਤਾਂ ਕੋਰੋਨਾ ਵਾਇਰਸ ਕਾਰਨ ਹੋ ਚੁੱਕੀਆਂ ਹਨ। ਸਰਕਾਰ ਵਲੋਂ ਵੀ ਕੋਰੋਨਾ ਨਾਲ ਨਜਿੱਠਣ ਲਈ ਸਮੇਂ-ਸਮੇਂ 'ਤੇ ਐਡਵਾਇਜ਼ਰੀ ਜਾਰੀ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਘਰ ਤੋਂ ਬਾਹਰ ਨਾ ਨਿਕਲਣ ਅਤੇ ਭੀੜ-ਭਾੜ ਵਾਲੀਆਂ ਥਾਵਾਂ 'ਤੇ ਨਾ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਭਾਵੇਂ ਸਰਕਾਰ ਨੇ ਲਾਕ ਡਾਊਨ ਵਿਚ ਕੁਝ ਛੋਟ ਦਿੱਤੀ ਹੈ ਪਰ ਇਸ ਦੇ ਬਾਵਜੂਦ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ। ਸਿਰਫ ਉਸ ਸਮੇਂ ਹੀ ਘਰੋਂ ਬਾਹਰ ਨਿਕਲਣ ਲਈ ਆਖਿਆ ਜਾ ਰਿਹਾ ਹੈ ਜਦੋਂ ਬੇਹੱਦ ਜ਼ਰੂਰੀ ਕੰਮ ਹੋਵੇ।
ਇਹ ਵੀ ਪੜ੍ਹੋ : ਜਲੰਧਰ ਵਿਚ ਕੋਰੋਨਾ ਦਾ ਕਹਿਰ, 13 ਹੋਰ ਪਾਜ਼ੇਟਿਵ ਮਰੀਜ਼ ਆਏ ਸਾਹਮਣੇ