ਤਰਨਤਾਰਨ : ਹਜ਼ੂਰ ਸਾਹਿਬ ਤੋਂ ਆਏ ਚਾਰ ਸ਼ਰਧਾਲੂ ਕੋਰੋਨਾ ਨੂੰ ਹਰਾ ਘਰਾਂ ਨੂੰ ਪਰਤੇ

Thursday, May 14, 2020 - 04:21 PM (IST)

ਤਰਨਤਾਰਨ : ਹਜ਼ੂਰ ਸਾਹਿਬ ਤੋਂ ਆਏ ਚਾਰ ਸ਼ਰਧਾਲੂ ਕੋਰੋਨਾ ਨੂੰ ਹਰਾ ਘਰਾਂ ਨੂੰ ਪਰਤੇ

ਤਰਨਤਾਰਨ : ਸਿਵਲ ਹਸਪਤਾਲ ਤਰਨਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ ਪਿਛਲੇ 15 ਦਿਨਾਂ ਤੋਂ ਦਾਖ਼ਲ 4 ਕੋਰੋਨਾ ਵਾਇਰਸ ਪੀੜਤਾਂ ਦੀ ਦੂਸਰੀ ਰਿਪੋਰਟ ਵੀ ਅੱਜ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਮਰੀਜ਼ਾਂ ਨੂੰ ਛੁੱਟੀ ਮਿਲਣ ਮੌਕੇ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ  ਵਿਸ਼ੇਸ਼ ਤੌਰ 'ਤੇ ਉਥੇ ਪਹੁੰਚੇ ਅਤੇ ਉਨ੍ਹਾਂ ਨੇ ਚਾਰਾਂ ਨੂੰ ਸਿਹਤਯਾਬ ਹੋਣ 'ਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਵੱਲੋਂ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਉਨ੍ਹਾਂ ਬਾਕੀ ਮਰੀਜ਼ਾਂ ਦੇ ਵੀ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਯਾਤਰੀ ਜਿਹੜੇ ਆਈਸੋਲੇਸ਼ਨ ਸੈਂਟਰ ਤਰਨਤਾਰਨ ਵਿਖੇ ਇਲਾਜ ਲਈ ਦਾਖਲ ਕੀਤੇ ਗਏ ਸਨ, ਉਨ੍ਹਾਂ ਵਿਚੋਂ ਚਾਰਾਂ ਦੀ ਟੈਸਟ ਰਿਪੋਰਟ ਕੱਲ ਨੈਗੇਟਿਵ ਆਈ ਸੀ ਅਤੇ 24 ਘੰਟਿਆਂ ਬਾਅਦ ਵਾਲਾ ਟੈਸਟ ਵੀ ਅੱਜ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਸਿਵਲ ਸਰਜਨ ਨੇ ਕਿਹਾ ਕਿ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿਚ 7 ਦਿਨ ਲਈ ਏਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ। ਕੋਰੋਨਾ ਮੁਕਤ ਹੋਏ ਚਾਰਾਂ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿਚ ਬਿਤਾਏ ਸਮੇਂ ਦੌਰਾਨ ਉਨ੍ਹਾਂ ਦੇ ਵਧੀਆ ਇਲਾਜ 'ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।


author

Gurminder Singh

Content Editor

Related News