''ਕੋਰੋਨਾ ਵਾਇਰਸ'' ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵਿਊ

Thursday, Mar 12, 2020 - 09:03 AM (IST)

ਚੰਡੀਗੜ੍ਹ (ਸ਼ਰਮਾ) : ਦੁਨੀਆਂ ਭਰ 'ਚ ਗੰਭੀਰ ਸੰਕਟ ਬਣੇ ਕੋਰੋਨਾ ਵਾਇਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਇੱਥੇ ਮੰਤਰੀਆਂ ਦੇ ਸਮੂਹ ਵਲੋਂ ਰੀਵੀਊ ਕੀਤਾ ਗਿਆ ਅਤੇ ਹਦਾਇਤ ਦਿੱਤੀ ਗਈ ਕਿ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰੀ ਅਮਲੇ ਲਈ ਲੋੜੀਂਦੀਆਂ ਪੀ. ਪੀ. ਕਿੱਟਾਂ ਦੀ ਤੁਰੰਤ ਖਰੀਦ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਜ਼ਿਲੇ 'ਚ ਵੱਡੇ ਇਕੱਠ ਵਾਲੇ ਪ੍ਰੋਗਰਾਮ ਕਰਨ ਦੀ ਪ੍ਰਵਾਨਗੀ ਨਾ ਦੇਣ।

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗਠਿਤ ਮੰਤਰੀਆਂ ਦੇ ਸਮੂਹ ਜਿਸ 'ਚ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ, ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵਿਊ ਕੀਤਾ ਗਿਆ।

ਇਸ ਰੀਵਿਊ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਪੰਜਾਬ ਰਾਜ 'ਚ ਮੌਜੂਦਾ ਸਮੇਂ ਇਕ ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਿਤ ਪਾਇਆ ਗਿਆ ਹੈ ਜੋ ਕਿ ਆਪਣੇ ਪਰਿਵਾਰ ਸਹਿਤ ਇਟਲੀ ਤੋਂ ਆਇਆ ਸੀ। ਉਨ੍ਹਾਂ ਦੱਸਿਆ ਕਿ ਸੂਬੇ 'ਚ ਕੋਰੋਨਾ ਵਾਇਰਸ ਦੇ 14 ਸ਼ੱਕੀ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ ਪੂਰੇ ਦੇਸ਼ 'ਚ 60 ਕੇਸ ਸਾਹਮਣੇ ਆ ਚੁੱਕੇ ਹਨ। ਅਗਰਵਾਲ ਨੇ ਦੱਸਿਆ ਕਿ ਜਿਹੜੇ ਵਿਅਕਤੀ ਹਾਈ ਰਿਸਕ ਦੇਸ਼ਾਂ ਤੋਂ ਆ ਰਹੇ ਹਨ, ਉਨ੍ਹਾਂ ਨੂੰ 14 ਦਿਨ ਲਈ ਆਈਸੋਲੇਸ਼ਨ ਵਾਰਡ 'ਚ ਲਾਜ਼ਮੀ ਤੌਰ 'ਤੇ ਰੱਖਿਆ ਜਾਵੇਗਾ, ਜਦੋਂ ਕਿ ਜਿਹੜੇ ਵਿਅਕਤੀ ਘੱਟ ਪ੍ਰਭਾਵਿਤ ਮੁਲਕਾਂ ਤੋਂ ਆ ਰਹੇ ਹਨ, ਉਨ੍ਹਾਂ ਤੋਂ ਅੰਡਰਟੇਕਿੰਗ ਲਈ ਜਾਵੇਗੀ ਕਿ ਉਹ ਅਗਾਮੀ 14 ਦਿਨ ਆਪਣੇ ਘਰ 'ਚ ਹੀ ਰਹਿਣਗੇ ਅਤੇ ਕਿਸੇ ਨਾਲ ਨਹੀਂ ਮਿਲਣਗੇ।

ਇਹ ਵੀ ਪੜ੍ਹੋ : ਸੂਬੇ 'ਚ ਹਰ ਰੋਜ਼ ਵਧ ਰਹੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਰਾਜ 'ਚ ਜਲਦ ਹੀ ਕੋਰੋਨਾ ਵਾਇਰਸ ਨਾਲ ਟਾਕਰੇ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਮੌਕ ਡਰਿੱਲ ਵੀ ਕਰਨ ਜਾ ਰਹੇ ਹਨ। ਇਸ ਮੌਕੇ ਮੰਤਰੀਆਂ ਦੇ ਸਮੂਹ ਨੂੰ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਡੀ.ਕੇ. ਤਿਵਾੜੀ ਨੇ ਦੱਸਿਆ ਕਿ ਮੈਡੀਕਲ ਕਾਲਜ ਵਲੋਂ ਕੋਰੋਨਾ ਵਾਈਰਸ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਕਰ ਲਏ ਹਨ, ਜਿਸ ਤਹਿਤ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜ ਤੇ ਸਟਾਫ਼ ਨੂੰ ਇਸ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾ ਚੁੱਕੀ ਹੈ ਅਤੇ ਪੰਜਾਬ ਰਾਜ ਦੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਟ੍ਰੇਨਿੰਗ ਦੇਣ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਅਤੇ ਪੀ. ਜੀ. ਆਈ., ਚੰਡੀਗੜ੍ਹ 'ਚ ਕੋਰੋਨਾ ਵਾਇਰਸ ਸਬੰਧੀ ਮੁਢਲਾ ਟੈਸਟ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
 


Babita

Content Editor

Related News