ਲੁਧਿਆਣਾ ''ਚ ਵੱਧ ਰਹੇ ''ਕੋਰੋਨਾ'' ਦੇ ਮਾਮਲੇ, ਸਕੂਲੀ ਵਿਦਿਆਰਥੀ ਵੀ ਆਏ ਲਪੇਟ ''ਚ

02/23/2021 2:53:50 PM

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 47 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ 'ਚੋਂ 37 ਲੁਧਿਆਣਾ ਦੇ ਸਨ, ਜਦੋਂ ਕਿ 10 ਬਾਹਰਲੇ ਸੂਬਿਆਂ ਨਾਲ ਸਬੰਧਿਤ ਸਨ। ਇਸ ਤੋਂ ਇਲਾਵਾ ਲੁਧਿਆਣਾ 'ਚ ਬੀਤੇ ਦਿਨ ਹੀ ਕੋਰੋਨਾ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 3 ਲੁਧਿਆਣਾ ਅਤੇ 2 ਮਰੀਜ਼ ਜਲੰਧਰ ਅਤੇ ਅੰਮ੍ਰਿਤਸਰ ਨਾਲ ਸਬੰਧਿਤ ਦੱਸੇ ਜਾ ਰਹੇ ਸਨ। ਸਰਕਾਰੀ ਸਕੂਲਾਂ ਦੇ ਨਾਲ-ਨਾਲ ਨਿੱਜੀ ਸਕੂਲਾਂ 'ਚ ਵੀ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਜਾਰੀ ਹੈ।

ਬੀਤੇ ਦਿਨ ਇੱਥੋਂ ਦੇ ਇਕ ਨਿੱਜੀ ਸਕੂਲ ਦੇ 2 ਵਿਦਿਆਰਥੀ ਅਤੇ ਇਕ ਅਧਿਆਪਕਾ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਤੋਂ ਇਲਾਵਾ ਇਕ ਹੋਰ ਸਕੂਲ ਦੇ 3 ਅਧਿਆਪਕਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਕੋਵਿਡ ਨੂੰ ਲੈ ਕੇ ਮਹਿਕਮੇ ਵੱਲੋਂ ਜਾਰੀ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਮਹਿਕਮੇ ਵੱਲੋਂ ਪਹਿਲਾਂ ਹੀ ਸਾਰੇ ਸਕੂਲਾਂ 'ਚ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਜਿਸ ਸਕੂਲ 'ਚ ਕੋਰੋਨਾ ਦੇ ਮਾਮਲੇ ਆ ਰਹੇ ਹਨ, ਉੱਥੇ ਸੈਂਪਲਿੰਗ ਵਧਾਈ ਜਾ ਰਹੀ ਹੈ ਅਤੇ ਇਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਈਸੋਲੇਟ ਕੀਤਾ ਜਾ ਰਿਹਾ ਹੈ। ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪੁੱਛਿਆ ਕਿ ਸਕੂਲ ਬੰਦ ਹੋਣਗੇ ਜਾਂ ਨਹੀਂ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਸਕੂਲ ਬੰਦ ਕਰਨ ਦੀ ਕੋਈ ਹਦਾਇਤ ਨਹੀਂ ਹੈ।


Babita

Content Editor

Related News