'ਕਰੋਨਾ ਵਾਇਰਸ' ਨੂੰ ਲੈ ਕੇ ਮੋਹਾਲੀ-ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ

01/24/2020 2:11:15 PM

ਚੰਡੀਗੜ੍ਹ : ਪੰਜਾਬ ਦੇ ਸਿਹਤ ਵਿਭਾਗ ਵਲੋਂ ਮੋਹਾਲੀ ਅਤੇ ਅੰਮ੍ਰਿਤਸਰ ਏਅਰਪੋਰਟ 'ਤੇ ਕਰੋਨਾ ਵਾਇਰਸਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਨਾਲ ਹੀ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਦੋਵੇਂ ਹਵਾਈ ਅੱਡਿਆਂ 'ਤੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਯਾਤਰੀਆਂ ਦੀ ਸਪੈਸ਼ਲ ਸਕਰੀਨਿੰਗ ਸ਼ੁਰੂ ਕੀਤੀ ਜਾਵੇ। ਸੂਬਾ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਐਡਵਾਈਜ਼ਰੀ ਜਾਰੀ ਕੀਤੇ ਜਾਣ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਹੈ।

ਸਿਹਤ ਅਧਿਕਾਰੀਆਂ ਨੂੰ ਇਨ੍ਹਾਂ ਹਵਾਈ ਅੱਡਿਆਂ 'ਤੇ ਯਾਤਰੀਆਂ ਦੀ ਸਪੈਸ਼ਲ ਸਕਰੀਨਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਇਸ ਦੀ ਰੋਜ਼ਾਨਾ ਰਿਪੋਰਟ 'ਸਟੇਟ ਸਰਵੀਲੈਂਸ ਯੂਨਿਟ' ਨੂੰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਜੇਕਰ ਮੋਹਾਲੀ ਇੰਟਰਨੈਸ਼ਨਲ ਏਅਰਪੋਰਟ 'ਤੇ ਸ਼ੱਕੀ ਮਰੀਜ਼ਾਂ ਨੂੰ ਹਸਪਤਾਲਾਂ 'ਚ ਦਾਖਲ ਕਰਾਉਣ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਭਰਤੀ ਕਰਾਇਆ ਜਾਵੇਗਾ, ਜਦੋਂ ਕਿ ਅੰਮ੍ਰਿਤਸਰ ਦੇ ਰਾਜਾਸਾਂਸੀ ਕੌਮਾਂਤਰੀ ਏਅਰਪੋਰਟ 'ਤੇ ਸ਼ੱਕੀ ਮਰੀਜ਼ਾਂ ਦਾ ਇਲਾਜ ਜੀ. ਐੱਮ. ਸੀ. ਐੱਚ., ਅੰਮ੍ਰਿਤਸਰ 'ਚ ਕੀਤਾ ਜਾਵੇਗਾ। ਇਸ ਬਾਰੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਨੂੰ ਕਰੋਨਾ ਵਾਇਰਸ ਤੋਂ ਜ਼ਿਆਦਾ ਖਤਰਾ ਨਹੀਂ ਹੈ ਅਤੇ ਇਸ ਸਬੰਧੀ ਗਾਈਡਲਾਈਨਜ਼ ਸਾਰੇ ਜ਼ਿਲਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਬਲਬੀਰ ਸਿੱਧੂ ਨੇ ਕਿਹਾ ਕਿ ਇਸ ਖਤਰੇ ਨਾਲ ਨਜਿੱਠਣ ਸਬੰਧਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਨਿਗਰਾਨੀ ਵੀ ਵਧਾ ਦਿੱਤੀ ਗਈ ਹੈ।


Babita

Content Editor

Related News