ਕੋਰੋਨਾ ਵਾਇਰਸ ਕਾਰਨ ਅੰਮ੍ਰਿਤਸਰ ਜ਼ਿਲੇ ਵਿਚ ਚੌਥੀ ਮੌਤ, ਸੂਬੇ ''ਚ 33 ਤਕ ਪੁੱਜਾ ਅੰਕੜਾ
Tuesday, May 12, 2020 - 07:32 PM (IST)
ਅੰਮ੍ਰਿਤਸਰ (ਦਲਜੀਤ) : ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 34 ਸਾਲਾ ਕੋਰੋਨਾ ਪਾਜ਼ੇਟਿਵ ਮਰੀਜ਼ ਮਿਠਾਨ ਸਵਾਮੀ ਦੀ ਅੱਜ ਮੌਤ ਹੋ ਗਈ। ਸਵਾਮੀ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਪਿਛਲੇ 48 ਘੰਟਿਆਂ ਤੋਂ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਅਨੁਸਾਰ ਮਰੀਜ਼ ਐੱਚ. ਆਈ. ਵੀ. ਪਾਜ਼ੇਟਿਵ ਤੋਂ ਇਲਾਵਾ ਟੀ. ਵੀ. ਦਾ ਸ਼ਿਕਾਰ ਵੀ ਸੀ, ਜ਼ਿਲੇ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਵੱਧ ਕੇ 4 ਹੋ ਗਈ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 33 ਹੋ ਗਈ ਹੈ।
ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 42,15,496 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,84, 680 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 15,06, 240 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 67424 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2215 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1950 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।