ਜ਼ਿਲਾ ਗੁਰਦਾਸਪੁਰ ’ਚ ਅੱਜ ਸ਼ਾਮ ਤੋਂ ਹੀ ਲਾਗੂ ਹੋਵੇਗਾ ਜਨਤਾ ਕਰਫਿਊ
Saturday, Mar 21, 2020 - 06:32 PM (IST)
ਗੁਰਦਾਸਪੁਰ (ਗੁਰਪ੍ਰੀਤ, ਹਰਮਨ,ਵਿਨੋਦ)- ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਮਾਰਚ ਨੂੰ ਜਨਤਾ ਕਰਫਿਊ ਲਗਾਉਣ ਦੀ ਕੀਤੀ ਗਈ ਅਪੀਲ ਦੇ ਮੱਦੇਨਜ਼ਰ ਜ਼ਿਲਾ ਗੁਰਦਾਸਪੁਰ ਅੰਦਰ ਪ੍ਰਸ਼ਾਸਨ ਨੇ ਅੱਜ ਸ਼ਾਮ 7 ਵਜੇ ਤੋਂ ਹੀ ਜਨਤਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਅੱਜ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਸੰਗਠਨਾਂ ਨਾਲ ਮੀਟਿੰਗ ਕੀਤੀ ਹੈ, ਜਿਸ ਦੌਰਾਨ ਸਾਰਿਆਂ ਨੇ ਇਸ ਗੱਲ ’ਤੇ ਸਹਿਮਤੀ ਦਿੱਤੀ ਹੈ ਕਿ ਅੱਜ ਸ਼ਾਮ 6 ਵਜੇ ਤੋਂ ਹੀ ਜਨਤਾ ਕਰਫਿਊ ਲਾਗੂ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਸਾਹਮਣੇ ਨਹੀਂ ਆਇਆ ਪਰ ਲੋਕਾਂ ਦੀ ਸੁਰਖਿਆ ਨੂੰ ਯਕੀਨੀ ਬਣਾਈ ਰੱਖਣ ਲਈ ਅੱਜ 7 ਵਜੇ ਤੋਂ ਬਾਅਦ ਡਾਕਟਰਾਂ ਅਤੇ ਮੈਡੀਕਲ ਸਟੋਰਾਂ ਛੱਡ ਕੇ ਹੋਰ ਗੈਰ-ਜ਼ਰੂਰੀ ਸਾਮਾਨ ਵੇਚਣ ਵਾਲੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਕੀ ਸਾਡੇ ਕੱਪੜਿਆਂ ਰਾਹੀਂ ਵੀ ਘਰ ਤੱਕ ਪਹੁੰਚ ਸਕਦੈ ਕੋਰੋਨਾ ਵਾਇਰਸ
ਦੱਸਣਯੋਗ ਹੈ ਕਿ ਪੂਰੀ ਦੁਨੀਆ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਤੜਥੱਲੀ ਮਚਾਈ ਹੋਈ ਹੈ। ਸੂਬੇ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 7 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ।