ਕੋਰੋਨਾ ਦੇ ਵਧਦੇ ਖਤਰੇ ਨੂੰ ਦੇਖਦੇ ਕੈਪਟਨ ਨੂੰ ਮਿਲੇ ਜਾਖੜ, ਕੀਤੀ ਇਹ ਵੱਡੀ ਮੰਗ

Tuesday, Mar 17, 2020 - 07:44 PM (IST)

ਕੋਰੋਨਾ ਦੇ ਵਧਦੇ ਖਤਰੇ ਨੂੰ ਦੇਖਦੇ ਕੈਪਟਨ ਨੂੰ ਮਿਲੇ ਜਾਖੜ, ਕੀਤੀ ਇਹ ਵੱਡੀ ਮੰਗ

ਜਲੰਧਰ,(ਧਵਨ): ਕੋਰੋਨਾ ਵਾਇਰਸ (ਕੋਵਿੰਡ-19) ਦੇ ਵਧਦੇ ਖਤਰੇ ਨੂੰ ਦੇਖਦਿਆਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁਲਾਕਾਤ ਕੀਤੀ। ਇਹ ਮੁਲਾਕਾਤ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ 'ਚ ਕੀਤੀ ਗਈ, ਜਿਥੇ ਜਾਖੜ ਨੇ ਕੋਰੋਨਾ ਦੇ ਵਧਦੇ ਖਤਰੇ ਨੂੰ ਦੇਖਦਿਆਂ ਕੈਪਟਨ ਨੂੰ ਵੱਡੀ ਮੰਗ ਕੀਤੀ। ਜਾਖੜ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਕੋਰੋਨਾ ਦੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਆਪਣੀ ਮੁਹਿੰਮ ਹੋਰ ਤੇਜ਼ ਕਰਨੀ ਚਾਹੀਦੀ ਹੈ। ਇਸ ਮੌਕੇ ਜਾਖੜ ਨੇ ਮੁੱਖ ਮੰਤਰੀ ਨੂੰ ਇਕ ਪੱਤਰ ਵੀ ਸੌਂਪਿਆ, ਜਿਸ 'ਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਕੌਮੀ ਮਹਾਮਾਰੀ ਐਲਾਨ ਕੀਤਾ ਹੈ ਅਤੇ ਭਾਰਤ ਸਰਕਾਰ ਤੋਂ ਆਉਣ ਵਾਲੇ ਪੈਸੇ ਦੀ ਵਰਤੋਂ ਡਿਜ਼ਾਸਟਰ ਰਿਲੀਫ ਫੰਡ ਤਹਿਤ ਕੀਤੀ ਜਾਵੇਗੀ ਤਾਂ ਕਿ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।

ਪੱਤਰ 'ਚ ਜਾਖੜ ਨੇ ਲਿਖਿਆ ਹੈ ਕਿ ਪਾਕਿਸਤਾਨ ਤੋਂ ਹਾਲ ਹੀ 'ਚ ਹੋਏ ਸੁੰਡੀਆਂ ਦੇ ਹਮਲੇ ਨੂੰ ਜਿਸ ਤਰ੍ਹਾਂ ਕੈਪਟਨ ਸਰਕਾਰ ਨੇ ਯੁੱਧ ਪੱਧਰ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਦੇ ਸਰਹੱਦੀ ਖੇਤਰਾਂ ਵਿਸ਼ੇਸ਼ ਰੂਪ ਨਾਲ ਫਾਜ਼ਿਲਕਾ ਜ਼ਿਲੇ 'ਚ ਆਉਣ ਤੋਂ ਰੋਕਿਆ ਹੈ, ਉਸ ਨੂੰ ਦੇਖਦੇ ਹੋਏ ਜਨਤਾ ਹੁਣ ਇਹ ਉਮੀਦ ਕਰਦੀ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਰਕਾਰ ਕੋਰੋਨਾ ਵਾਇਰਸ ਦੇ ਖਿਲਾਫ ਯੁੱਧ ਪੱਧਰ 'ਤੇ ਮੁਹਿੰਮ ਚਲਾਉਂਦੇ ਹੋਏ ਇਸ ਨੂੰ ਕਿਸੇ ਵੀ ਹਾਲਤ 'ਚ ਪੰਜਾਬ 'ਚ ਪੈਦਾ ਨਹੀਂ ਹੋਣ ਦੇਵੇਗੀ। ਜਾਖੜ ਨੇ ਪੱਤਰ 'ਚ ਲਿਖਿਆ ਹੈ ਕਿ ਕੁਝ ਸ਼ਹਿਰਾਂ 'ਚ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਣ ਗਾਰਬੇਜ ਦੇ ਡੰਪ ਭਰੇ ਪਏ ਹਨ। ਭਾਵੇਂ ਮਾਹਿਰਾਂ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਫ-ਸਫਾਈ ਵੱਲ ਵਿਸ਼ੇਸ਼ ਰੂਪ ਨਾਲ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਇਸ ਲਈ ਸ਼ਹਿਰੀ ਖੇਤਰਾਂ 'ਚ ਸਫਾਈ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਕੂੜੇ ਦੇ ਡੰਪਾਂ ਨੂੰ ਖਾਲੀ ਕਰਵਾਇਆ ਜਾਵੇ। ਸ਼ਹਿਰਾਂ 'ਚ ਸੜਕਾਂ 'ਤੇ ਕੂੜੇ ਨੂੰ ਸੁੱਟਣ 'ਤੇ ਵੀ ਰੋਕ ਲਾਈ ਜਾਵੇ। ਜਾਖੜ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਥਾਨਕ ਬਾਡੀ ਵਿਭਾਗ ਦੇ ਪ੍ਰਸ਼ਾਸਕਾਂ ਨੂੰ ਨਿਰਦੇਸ਼ ਜਾਰੀ ਕਰਨ ਕਿ ਉਹ ਡਿਜ਼ਾਸਟਰ ਮੈਨੇਜਮੈਂਟ ਫੰਡ ਅਤੇ ਸਵੱਛ ਭਾਰਤ ਮਿਸ਼ਨ ਤੋਂ ਆਉਣ ਵਾਲੇ ਪੈਸੇ ਦੀ ਵਰਤੋਂ ਆਪਣੇ-ਆਪਣੇ ਖੇਤਰਾਂ 'ਚ ਸਫਾਈ ਵਿਵਸਥਾ ਬਣਾਈ ਰੱਖਣ ਲਈ ਕਰਨ ਤਾਂ ਕਿ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਦਫਤਰਾਂ 'ਚ ਹੀ ਬੈਠਕਾਂ ਕਰਨ ਦੀ ਥਾਂ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਸੜਕਾਂ 'ਤੇ ਜਾ ਕੇ ਅਸਲ ਸਥਿਤੀ ਅਤੇ ਹਾਲਾਤ ਦਾ ਜਾਇਜ਼ਾ ਲੈਣਾ ਚਾਹੀਦਾ ਹੈ ਤਾਂ ਕਿ ਪੰਜਾਬ ਇਸ ਭਿਆਨਕ ਮਹਾਮਾਰੀ ਤੋਂ ਬਚ ਸਕੇ।


Related News