ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ, ਜਾਣੋ ਕੀ ਨੇ ਤਾਜ਼ਾ ਹਾਲਾਤ
Saturday, Apr 04, 2020 - 11:09 AM (IST)
ਚੰਡੀਗੜ੍ਹ : ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਪੰਜਾਬ ਨੂੰ ਵੀ ਪੂਰੀ ਤਰ੍ਹਾਂ ਲਪੇਟੇ 'ਚ ਲੈ ਲਿਆ ਹੈ। ਸੂਬੇ 'ਚ ਰੋਜ਼ਾਨਾ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਸ਼ੁੱਕਰਵਾਰ ਸ਼ਾਮ ਨੂੰ ਜਾਰੀ ਬੁਲੇਟਿਨ 'ਚ ਨਵੇਂ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 5 ਹੀ ਸੀ ਪਰ ਦੇਰ ਰਾਤ ਮਾਨਸਾ 'ਚ 3, ਅੰਮ੍ਰਿਤਸਰ 'ਚ 2 ਅਤੇ ਰੋਪੜ 'ਚ ਇਕ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਪੁਸ਼ਟੀ ਕੀਤੀ ਗਈ। ਮਾਨਸਾ ਦੇ ਤਿੰਨੇ ਪਾਜ਼ੇਟਿਵ ਜਮਾਤੀ ਹਨ। ਇਸ ਤਰ੍ਹਾਂ ਸੂਬੇ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 58 ਤੱਕ ਪੁੱਜ ਗਈ ਹੈ। ਸਿਹਤ ਵਿਭਾਗ ਮੁਤਾਬਕ ਹੁਣ ਤੱਕ 1585 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 58 ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂ ਕਿ 1381 ਨੈਗੇਟਿਵ ਆਏ ਹਨ, ਜਦੋਂ ਕਿ ਬਾਕੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ ਮੁਤਾਬਕ ਸਰਦਾਰ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ 19 ਮਾਮਲੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) 'ਚ 12, ਹੁਸ਼ਿਆਰਪੁਰ ਦੇ 7, ਜਲੰਧਰ ਦੇ 5, ਅੰਮ੍ਰਿਤਸਰ ਦੇ 5, ਲੁਧਿਆਣਾ ਦੇ 4, ਪਟਿਆਲਾ-ਰੋਪੜ, ਫਰੀਦਕੋਟ ਦਾ 1-1 ਅਤੇ ਮਾਨਸਾ ਦੇ 3 ਕੇਸ ਪਾਜ਼ੇਟਿਵ ਆਏ ਹਨ।
ਇਹ ਵੀ ਪੜ੍ਹੋ : ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ
ਪੰਜਾਬ 'ਚ ਹੁਣ ਤੱਕ ਹੋ ਚੁੱਕੀਆਂ 5 ਮੌਤਾਂ
ਸਭ ਤੋਂ ਪਹਿਲਾਂ 18 ਮਾਰਚ ਨੂੰ ਨਵਾਂਸ਼ਹਿਰ ਜ਼ਿਸੇ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਦੀ ਮੌਤ ਹੋਈ, ਜੋ ਬੀਤੇ ਦਿਨੀਂ ਜਰਮਨੀ ਤੋਂ ਵਾਇਆ ਇਟਲੀ ਹੁੰਦਾ ਹੋਇਆ ਪਰਤਿਆ ਸੀ। ਦੂਜੀ ਮੌਤ 29 ਮਾਰਚ ਨੂੰ ਨਵਾਂਸ਼ਹਿਰ ਦੇ ਪਾਠੀ ਦੇ ਸੰਪਰਕ 'ਚ ਆਉਣ ਵਾਲੇ ਹੁਸ਼ਿਆਰਪੁਰ ਦੇ ਇਕ ਵਿਅਕਤੀ ਦੀ ਹੋਈ, ਜੋ ਅੰਮ੍ਰਿਤਸਰ 'ਚ ਭਰਤੀ ਸੀ। ਤੀਜੇ ਮਾਮਲੇ 'ਚ 30 ਮਾਰਚ ਨੂੰ ਲੁਧਿਆਣਾ ਦੀ 42 ਸਾਲਾ ਔਰਤ ਦੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਮ ਤੋੜ ਦਿੱਤਾ ਹੈ। 31 ਮਾਰਚ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਭਰਤੀ ਮੋਹਾਲੀ ਦੇ 65 ਸਾਲਾ ਬਜ਼ੁਰਗ ਦੀ ਚੌਥੀ ਮੌਤ ਹੋ ਗਈ, ਜਦੋਂ ਕਿ 3 ਅਪ੍ਰੈਲ ਨੂੰ 5ਵੀਂ ਮੌਤ ਅੰਮ੍ਰਿਤਸਰ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹੋਈ, ਜਿਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ ਤੋੜਿਆ।
ਇਹ ਵੀ ਪੜ੍ਹੋ : ਪੰਜਾਬ ਪੁਲਸ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ 'ਡਰੋਨ' ਰਾਹੀਂ ਰੱਖੇਗੀ ਨਜ਼ਰ, ਕੋਈ ਨਹੀਂ ਬਚੇਗਾ
ਬਲਬੀਰ ਸਿੱਧੂ ਦੀ ਲੋਕਾਂ ਨੂੰ ਅਪੀਲ
ਕੋਰੋਨਾ ਵਾਇਰਸ ਕਾਰਨ ਪ੍ਰਸਿੱਧ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਦੀ ਦਾ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਲਈ ਵੀਰਵਾਰ ਨੂੰ ਵਿਰੋਧ ਕੀਤਾ ਗਿਆ ਸੀ। ਇਸ ਘਟਨਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਇਸ ਤਰ੍ਹਾਂ ਘਬਰਾਉਣ ਨਾ ਕਿਉਂਕਿ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ ਦੇ ਸਰੀਰ ਦਾ ਅੰਤਿਮ ਸੰਸਕਾਰ ਕਰਨ ਨਾਲ ਕੋਈ ਵਾਧੂ ਖਤਰਾ ਪੈਦਾ ਨਹੀਂ ਹੁੰਦਾ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਮੋਹਾਲੀ 'ਚ 2 ਹੋਰ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸ਼ਮਸ਼ਾਨਘਾਟ ਅਤੇ ਦਫਨਾਉਣ ਵਾਲੇ ਮੁਲਾਜ਼ਮਾਂ ਨੂੰ ਹੱਥਾਂ ਦੀ ਸਫਾਈ, ਮਾਸਕ ਅਤੇ ਦਸਤਾਨਿਆਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਬੁਢਲਾਡਾ 'ਚ 3 ਲੋਕ ਕੋਰੋਨਾ ਦਾ ਸ਼ਿਕਾਰ, ਰਿਪੋਰਟ ਆਈ ਪਾਜ਼ੇਟਿਵ