ਪੰਜਾਬ 'ਚ ਕੋਰੋਨਾ ਵਾਇਰਸ ਦੀ ਦਸਤਕ, ਮੁੱਢਲੀ ਰਿਪੋਰਟ 'ਚ 2 ਮਰੀਜ਼ ਪਾਜ਼ੇਟਿਵ (ਵੀਡੀਓ)

03/07/2020 10:56:45 AM

ਚੰਡੀਗੜ੍ਹ,(ਰਮਨਜੀਤ)- ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਦਸਤਕ ਦੇ ਦਿੱਤੀ ਹੈ। ਇਟਲੀ ਤੋਂ ਵਾਪਸ ਆਏ ਹੁਸ਼ਿਆਰਪੁਰ ਦੇ 3 ਸ਼ੱਕੀ ਮਰੀਜ਼ਾਂ 'ਚੋਂ 2 ਦੀ ਪ੍ਰੀਲਿਮਨਰੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਸਥਿਤ ਜੀ. ਐੱਮ. ਸੀ. ਐੱਚ 'ਚ ਦਾਖਲ ਕਰਵਾਇਆ ਗਿਆ ਹੈ। ਸੂਬਾ ਸਰਕਾਰ ਹੁਣ ਉਨ੍ਹਾਂ ਦੀ ਪੁਣੇ ਤੋਂ ਆਉਣ ਵਾਲੀ ਫਾਈਨਲ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ ਤਾਂ ਕਿ ਸਥਿਤੀ ਸਪੱਸ਼ਟ ਹੋ ਸਕੇ।

ਫਿਲਹਾਲ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਕੋਰੋਨਾ ਵਾਇਰਸ ਨੂੰ ਲੈ ਕੇ ਇਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ, ਜਿਸ 'ਚ ਕਈ ਤਰ੍ਹਾਂ ਦੀਆਂ ਸਾਵਧਾਨੀਆਂ ਦਾ ਜ਼ਿਕਰ ਕੀਤਾ ਗਿਆ ਹੈ। ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਦੀ ਹੜਬੜਾਹਟ ਵੀ ਝਲਕਣ ਲੱਗੀ ਹੈ। ਸ਼ੁੱਕਰਵਾਰ ਨੂੰ ਸੂਬਾ ਸਰਕਾਰ ਨੇ ਰਾਜਪਾਲ ਵਲੋਂ ਜਾਰੀ ਇਕ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਣ ਸਬੰਧੀ ਕਈ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਣ ਦੀ ਸੂਚੀ ਵੀ ਜਾਰੀ ਕੀਤੀ। ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਕੋਰੋਨਾ ਵਾਇਰਸ ਸਬੰਧੀ ਲਏ ਜਾਣ ਵਾਲੇ ਫੈਸਲਿਆਂ ਲਈ ਕਿਹੜੇ-ਕਿਹੜੇ ਪੱਧਰ ਦੇ ਅਧਿਕਾਰੀ ਅਧਿਕਾਰਤ ਰਹਿਣਗੇ ਪਰ ਕੁਝ ਹੀ ਘੰਟਿਆਂ ਬਾਅਦ ਸਰਕਾਰ ਵਲੋਂ ਬਿਆਨ ਜਾਰੀ ਕਰ ਕੇ ਕਿਹਾ ਗਿਆ ਕਿ ਪੰਜਾਬ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨ ਨਹੀਂ ਕੀਤਾ ਹੈ, ਪਹਿਲਾਂ ਜਾਰੀ ਕੀਤਾ ਗਿਆ ਬਿਆਨ ਮਹਾਮਾਰੀ ਐਕਟ ਦੇ ਤਹਿਤ ਸਿਰਫ਼ ਸਾਵਧਾਨੀ ਵਰਤਣ ਲਈ ਐਡਵਾਈਜ਼ਰੀ ਸੀ। ਇਸ ਨੂੰ ਸੂਬੇ 'ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੁੱਢਲੇ ਤੌਰ 'ਤੇ ਕੀਤੇ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਦੇ ਤੌਰ 'ਤੇ ਦੇਖਿਆ ਜਾਣਾ ਚਾਹੀਦਾ ਹੈ। ਸਰਕਾਰ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਡਰਨ ਦੀ ਨਹੀਂ, ਸਗੋਂ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ ਤਾਂ ਕਿ ਰੋਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਸਿਹਤ ਐਡਵਾਈਜ਼ਰੀ 'ਚ ਦੱਸੀਆਂ ਇਹ ਗੱਲਾਂ
ਸਿਹਤ ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਕਿਸੇ ਨਾਲ ਹੱਥ ਨਾ ਮਿਲਾਓ, ਕਿਸੇ ਦੇ ਗਲੇ ਲੱਗ ਕੇ ਨਾ ਮਿਲੋ, ਖੁੱਲ੍ਹੇ 'ਚ ਨਾ ਥੁੱਕੋ, ਜਿਸ ਵਿਅਕਤੀ ਨੂੰ ਬੁਖਾਰ ਹੈ, ਉਸ ਨੂੰ ਭੀੜ 'ਚ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ, ਉਸ ਵਿਅਕਤੀ ਤੋਂ ਲਗਭਗ 1 ਮੀਟਰ ਦੀ ਦੂਰੀ ਰੱਖੀ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਤਾਂ ਉਸ ਨੂੰ ਆਪਣਾ ਮੂੰਹ ਮਾਸਕ ਜਾਂ ਰੁਮਾਲ ਨਾਲ ਢਕ ਕੇ ਰੱਖਣਾ ਚਾਹੀਦਾ ਹੈ। ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ, ਉਸ ਨੂੰ ਲਾਜ਼ਮੀ ਤੌਰ 'ਤੇ ਨਜ਼ਦੀਕੀ ਸਰਕਾਰੀ ਹਸਪਤਾਲ 'ਚ ਰਿਪੋਰਟ ਕਰਨੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੇ ਪਿਛਲੇ 14 ਦਿਨਾਂ ਦੌਰਾਨ ਚੀਨ, ਨੇਪਾਲ ਦੀ ਯਾਤਰਾ ਕੀਤੀ ਹੋਵੇ ਤਾਂ ਉਸ ਨੂੰ 14 ਦਿਨਾਂ ਤਕ ਘਰ 'ਚ ਅਲੱਗ ਰੱਖਿਆ ਜਾਣਾ ਚਾਹੀਦਾ ਹੈ ਅਤੇ ਕਿਸੇ ਭੀੜ ਵਾਲੇ ਸਥਾਨ 'ਤੇ ਨਹੀਂ ਜਾਣਾ ਚਾਹੀਦਾ ਹੈ। ਜਾਰੀ ਸਿਹਤ ਐਡਵਾਈਜ਼ਰੀ ਅਨੁਸਾਰ ਸਿਹਤਮੰਦ ਵਿਅਕਤੀ, ਜਿਸ ਨੂੰ ਖੰਘ, ਬੁਖਾਰ ਨਹੀਂ ਹੈ, ਨੂੰ ਮਾਸਕ ਦੀ ਜ਼ਰੂਰਤ ਨਹੀਂ ਹੈ। ਜ਼ਿਆਦਾ ਜਾਣਕਾਰੀ ਲਈ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ।