ਕੋਰੋਨਾ ਸੰਕਟ ''ਚ ਲੋਕਾਂ ਦੀ ਮਦਦ ਲਈ ਅੱਗੇ ਆਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ
Monday, Mar 30, 2020 - 06:34 PM (IST)
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਫਿਰੋਜ਼ਪੁਰ ਸੰਸਦੀ ਹਲਕੇ ਦੇ ਸਾਰੇ ਹਸਪਤਾਲਾਂ ਵਿਚ ਇਕ-ਇਕ ਵੈਂਟੀਲੇਟਰ ਦਾ ਪ੍ਰਬੰਧ ਕਰਨ ਲਈ ਆਪਣੇ ਸੰਸਦੀ ਕੋਟੇ ਵਿਚੋਂ ਇਕ ਕਰੋੜ ਰੁਪਿਆ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕੀਤੀ ਹੈ ਕਿ ਗਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਵੰਡਣ ਸਮੇਂ ਉਨ੍ਹਾਂ ਨਾਲ ਸਿਆਸੀ ਆਧਾਰ 'ਤੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ। ਇਥੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਜਿਹੀ ਰਿਪੋਰਟਾਂ ਸਾਹਮਣੇ ਆਉਣ ਮਗਰੋਂ ਕਿ ਫਿਰੋਜ਼ਪੁਰ ਵਿਚ ਸਾਰੇ ਸਰਕਾਰੀ ਹਸਪਤਾਲਾਂ ਵਿਚ ਵੈਂਟੀਲੇਟਰਾਂ ਦੀ ਕਮੀ ਹੈ, ਉਨ੍ਹਾਂ ਨੇ ਆਪਣੇ ਸੰਸਦੀ ਕੋਟੇ ਵਿਚੋਂ ਇਨ੍ਹਾਂ ਮੈਡੀਕਲ ਉਪਕਰਣਾਂ ਲਈ ਪੈਸੇ ਦੇਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਸੰਕਟ ਦਰਮਿਆਨ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਲਾਨ
ਇਸ ਦੌਰਾਨ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਗਰੀਬਾਂ ਅਤੇ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਵੰਡਦੇ ਸਮੇਂ ਉਨ੍ਹਾਂ ਨਾਲ ਕੋਈ ਵਿਤਕਰਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਰਿਪੋਰਟਾਂ ਆਈਆਂ ਹਨ ਕਿ ਕਾਂਗਰਸੀ ਵਿਧਾਇਕ ਡਿਪਟੀ ਕਮਿਸ਼ਨਰਾਂ ਅਤੇ ਐੱਸ.ਡੀ.ਐੱਮਜ਼ ਦੇ ਨਾਲ ਜਾ ਕੇ ਉਨ੍ਹਾਂ ਨੂੰ ਆਪਣੇ ਸਮਰਥਕਾਂ ਨੂੰ ਰਾਸ਼ਨ ਵੰਡਣ ਦੀਆਂ ਹਦਾਇਤਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਅਜਿਹੇ ਸਿਆਸੀਕਰਨ ਖ਼ਿਲਾਫ ਲੋਕਾਂ ਦਾ ਗੁੱਸਾ ਫੁੱਟਣਾ ਸ਼ੁਰੂ ਹੋ ਗਿਆ ਹੈ ਅਤੇ ਉਹ ਕਾਂਗਰਸੀਆਂ ਵਿਰੁੱਧ ਰੋਸ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਬੇਨਤੀ ਕਰਦੇ ਹਨ ਕਿ ਮੁੱਖ ਮੰਤਰੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਦਿਸ਼ਾ-ਨਿਰਦੇਸ਼ ਜਾਰੀ ਕਰਨ ਕਿ ਉਹ ਕਾਂਗਰਸੀ ਵਿਧਾਇਕਾਂ ਦੇ ਹੁਕਮਾਂ ਮੁਤਾਬਕ ਰਾਸ਼ਨ ਨਾ ਵੰਡਣ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਐਲਾਨ, ਕਰਫਿਊ ਦੇ ਚੱਲਦਿਆਂ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਰਾਹਤ ਕਾਰਜਾਂ ਦਾ ਸਿਆਸੀਕਰਨ ਨਹੀਂ ਹੋਣ ਦੇਣਾ ਚਾਹੀਦਾ ਅਤੇ ਇਹ ਰਾਸ਼ਨ ਸਭ ਤੋਂ ਵੱਧ ਲੋੜਵੰਦਾਂ ਨੂੰ ਵੰਡਣਾ ਚਾਹੀਦਾ ਹੈ। ਭ੍ਰਿਸ਼ਟ ਵਿਅਕਤੀ ਕਿੰਨੇ ਵੀ ਉੱਚੇ ਅਹੁਦਿਆਂ ਉੱਤੇ ਕਿਉਂ ਨਾ ਹੋਣ, ਉਨਾਂ ਖ਼ਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਕ ਵੱਖਰੇ ਬਿਆਨ ਵਿਚ ਬਾਦਲ ਨੇ ਸਾਰੇ ਅਕਾਲੀ ਵਿਧਾਇਕਾਂ, ਹਲਕਾ ਸੇਵਾਦਾਰਾਂ, ਜ਼ਿਲਾ ਪ੍ਰਧਾਨਾਂ ਅਤੇ ਸਰਕਲ ਪ੍ਰਧਾਨਾਂ ਨੂੰ ਪਿੰਡਾਂ ਅਤੇ ਵਾਰਡਾਂ ਵਿਚ ਉਨ੍ਹਾਂ ਗਰੀਬ ਲੋਕਾਂ ਦੀ ਸ਼ਨਾਖਤ ਕਰਨ ਲਈ ਆਖਿਆ, ਜਿਨ੍ਹਾਂ ਨੂੰ ਰਾਸ਼ਨ ਦੀ ਸਖ਼ਤ ਲੋੜ ਹੈ।
ਇਹ ਵੀ ਪੜ੍ਹੋ : ਅਜਨਾਲਾ ਦੇ ਸਿਵਲ ਹਸਪਤਾਲ 'ਚ ਖੁਦ ਪਹੁੰਚਿਆ ਕੋਰੋਨਾ ਦਾ ਸ਼ੱਕੀ ਮਰੀਜ਼