ਕੋਰੋਨਾ ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲੇਗਾ 50 ਹਜ਼ਾਰ ਰੁਪਏ ਮੁਆਵਜ਼ਾ
Wednesday, Oct 13, 2021 - 12:11 AM (IST)
ਚੰਡੀਗੜ੍ਹ (ਰਮਨਜੀਤ)- ਕੋਰੋਨਾ ਦੀ ਚਪੇਟ ’ਚ ਆ ਕੇ ਮੌਤ ਦੇ ਮੂੰਹ ’ਚ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਸਟੇਟ ਡਿਜਾਸਟਰ ਰੀਲੀਫ਼ ਫੰਡ ’ਚੋਂ ਮੁਆਵਜ਼ਾ ਦਿੱਤਾ ਜਾਵੇਗਾ। ਇਹ ਮੁਆਵਜ਼ਾ 50 ਹਜ਼ਾਰ ਰੁਪਏ ਪ੍ਰਤੀ ਵਿਅਕਤੀ ਤੈਅ ਕੀਤਾ ਗਿਆ ਹੈ। ਕੋਰੋਨਾ ਕਾਰਣ ਪੰਜਾਬ ’ਚ ਜਾਨ ਗਵਾਉਣ ਵਾਲਿਆਂ ਦੀ ਸੰਖਿਆ 16,500 ਨੂੰ ਵੀ ਟੱਪ ਚੁੱਕੀ ਹੈ, ਜਿਸ ਮੁਤਾਬਿਕ ਇਹ ਮੁਆਵਜਾ ਰਾਸ਼ੀ 82 ਕਰੋੜ ਦੇ ਕਰੀਬ ਬਣੇਗੀ।
ਇਹ ਵੀ ਪੜ੍ਹੋ- ‘ਘਰਿ ਘਰਿ ਅੰਦਰਿ ਧਰਮਸਾਲ’ ਮੁਹਿੰਮ ’ਚ ਸੰਗਤਾਂ ਦੇਣ ਆਪਣਾ ਸਹਿਯੋਗ : ਜਥੇਦਾਰ ਹਰਪ੍ਰੀਤ ਸਿੰਘ
ਸੂਚਨਾ ਮੁਤਾਬਿਕ ਸਰਕਾਰ ਵਲੋਂ ਇਸ ਸਬੰਧੀ ਕੇਂਦਰ ਸਰਕਾਰ ਦੀਆਂ ਹਦਾਇਤਾਂ ’ਤੇ ਕਾਰਵਾਈ ਸ਼ੁਰੂ ਕਰਦਿਆਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵਲੋਂ ਭੇਜੇ ਗਏ ਇਸ ਪੱਤਰ ਰਾਹੀਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੋਰੋਨਾ ਨਾਲ ਹੋਈਆਂ ਮੌਤਾਂ ਸੰਬੰਧੀ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ, ਜਿਸ ਮੁਤਾਬਿਕ ਕੋਵਿਡ-19 ਕਾਰਣ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਹ ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਸੰਬੰਧੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।