ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਨਹੀਂ ਸਗੋਂ ਸਾਵਧਾਨੀ ਦੀ ਲੋੜ: ਐੱਸ. ਡੀ. ਐੱਮ

03/17/2020 6:43:37 PM

ਫਗਵਾੜਾ (ਹਰਜੋਤ)— ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੋਡਲ ਅਫਸਰ ਨੀਰਜ ਕੁਮਾਰ ਬੀ. ਡੀ. ਪੀ. ਓ. ਫਗਵਾੜਾ ਦੀ ਅਗਵਾਈ 'ਚ ਪਿੰਡ ਚਹੇੜੂ ਵਿੱਖੇ ਆਮ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ 'ਚ ਐੱਸ. ਡੀ. ਐੱਮ. ਗੁਰਵਿੰਦਰ ਸਿੰਘ ਜੋਹਲ ਅਤੇ ਸਿਵਲ ਹਸਪਤਾਲ ਦੇ ਮਾਹਿਰ ਡਾ. ਰਵੀ ਕੁਮਾਰ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਸਥਿਤੀ ਕਾਬੂ 'ਚ ਹੈ, ਕਿਸੇ ਨੂੰ ਵੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਅਫਵਾਹਾ ਤੋਂ ਦੂਰ ਰਹਿ ਕੇ ਕੁਝ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ, ਜਿਸ 'ਚ ਬਾਹਰੀ ਖਾਣੇ ਤੋਂ ਦੂਰ ਰਹਿਣਾ, ਖਾਸ ਤੌਰ 'ਤੇ ਮਾਸਾਹਾਰੀ ਭੋਜਨ ਨਾ ਕਰਨਾ, ਹੱਥਾ ਨੂੰ ਵਾਰ-ਵਾਰ ਧੋਣਾ ਸ਼ਾਮਲ ਹੈ।

ਡਾ. ਰਵੀ ਕੁਮਾਰ ਨੇ ਦੱਸਿਆ ਕਿ ਇਹ ਬੀਮਾਰੀ ਇਕ ਮਨੁੱਖ ਤੋਂ ਦੂਜੇ ਮਨੁੱਖ 'ਚ ਵਾਇਰਸ ਰਾਹੀਂ ਪ੍ਰਵੇਸ਼ ਕਰਦੀ ਹੈ। ਜਦੋਂ ਕੋਈ ਖੰਘਦਾ ਜਾਂ ਛਿੱਕਦਾ ਹੈ ਤਾਂ ਦੂਜੇ ਵਿਅਕਤੀ ਦੇ ਸੰਪਰਕ 'ਚ ਆਉਣ ਨਾਲ ਇਹ ਵਾਇਰਸ ਅੱਗੇ ਫੈਲਦਾ ਹੈ। ਸਿਵਲ ਹਸਪਤਾਲ ਦੇ ਕਾਰਜਕਾਰੀ ਐੱਸ. ਐੱਮ. ਓ. ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਫਗਵਾੜਾ 'ਚ ਵਿਸ਼ੇਸ਼ ਆਈਸੋਲੇਸ਼ਨ ਸੈਂਟਰ ਬਣਾਇਆ ਗਿਆ ਹੈ ਜਿੱਥੇ ਇਸ ਬੀਮਾਰੀ ਦਾ ਉੱਚ ਪੱਧਰਾ ਇਲਾਜ ਕੀਤਾ ਜਾਂਦਾ ਹੈ। ਅਖੀਰ 'ਚ ਨੋਡਲ ਅਫਸਰ ਨੀਰਜ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਜਰੂਰਤ ਨਹੀਂ ਲੇਕਿਨ ਸੁਚੇਤ ਰਹਿੰਦੇ ਹੋਏ ਕਿਸੇ ਤਰ੍ਹਾਂ ਦੀ ਸ਼ੰਕਾ ਹੋਣ 'ਤੇ ਤੁਰੰਤ ਸਰਕਾਰੀ ਹਸਪਤਾਲ 'ਚ ਆਪਣਾ ਚੈੱਕਅਪ ਕਰਵਾਉਣ।

ਇਸ ਮੌਕੇ ਸਰਪੰਚ ਸਵਰਨ ਸਿੰਘ, ਸੁਖਵਿੰਦਰ ਸਿੰਘ, ਕਾਨੂੰਗੋ, ਹਰਦੀਪ ਸਿੰਘ, ਸਾਬਕਾ ਸਰਪੰਚ ਚਰਨਦੀਪ ਸਿੰਘ, ਬਾਬਾ ਮਹਿੰਦਰ ਸਿੰਘ, ਸੋਨੂੰ ਢੰਡਾ, ਪੰਚਾਇਤ ਸਕੱਤਰ ਜਗਜੀਤ ਸਿੰਘ ਪਰਮਾਰ, ਮਲਕੀਅਤ ਚੰਦ, ਸੰਜੀਵ ਕੁਮਾਰ, ਸੰਤੋਖ ਸਿੰਘ, ਲਖਵਿੰਦਰ ਕਲੇਰ, ਗੁਰਮੇਜ ਸਿੰਘ, ਸੁਲੱਖਣ ਸਿੰਘ, ਬਲਵੀਰ ਸਿੰਘ ਤੋਂ ਇਲਾਵਾ ਆਸ਼ਾ ਵਰਕਰ, ਆਂਗਨਬਾੜੀ ਵਰਕਰ ਵੀ ਸ਼ਾਮਲ ਸਨ।
ਦੱਸਣਯੋਗ ਹੈ ਕਿ ਦੁਨੀਆ ਭਰ ਦੇ ਦੇਸ਼ਾਂ 'ਚ ਕੋਰੋਨਾਵਾਇਰਸ ਦਾ ਪ੍ਰਕੋਪ ਪੈਰ ਪਸਾਰ ਚੁੱਕਾ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 7,170 ਦੇ ਪਾਰ ਹੋ ਚੁੱਕਾ ਹੈ। ਦੁਨੀਆ ਦੇ 160 ਤੋਂ ਵਧੇਰੇ ਦੇਸ਼ ਇਸ ਜਾਨਲੇਵਾ ਵਾਇਰਸ ਨਾਲ ਇਨਫੈਕਟਿਡ ਹਨ। ਵਿਸ਼ਵ 'ਚ ਕੁਲ 1,82,716 ਲੋਕ ਕੋਰੋਨਾ ਦੀ ਚਪੇਟ 'ਚ ਹਨ। ਭਾਰਤ 'ਚ ਕੋਰੋਨਾ ਦੇ 129 ਮਾਮਲੇ ਸਾਹਮਣੇ ਆਏ ਹਨ ਜਦਕਿ 3 ਲੋਕਾਂ ਦੇ ਮਰਨ ਦੀ ਖਬਰ ਹੈ। ਉੱਧਰ ਗੁਆਂਢੀ ਦੇਸ਼ ਪਾਕਿਸਤਾਨ 'ਚ 183 ਲੋਕ ਇਨਫੈਕਟਿਡ ਹਨ।

ਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।
ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

shivani attri

This news is Content Editor shivani attri